Close

Recent Posts

ਪੰਜਾਬ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਮਾਨਸੂਨ ਸੀਜ਼ਨ ਦੌਰਾਨ ਆਉਣ ਵਾਲੀਆਂ ਸਮੱਸਿਆਵਾਂ ਨੂੰ ਨਜਿੱਠਣ ਲਈ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ
  • PublishedJuly 15, 2024

ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਅਤੇ ਬੁਨਿਆਦੀ ਸਹੂਲਤਾਂ ਦਾ ਧਿਆਨ ਰੱਖਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 15 ਜੁਲਾਈ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਅਤੇ ਇਥੋਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਨੂੰ ਪੂਰਾ ਕਰਨ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸੂਬੇ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ, ਨਾਲੀਆਂ ਦੀ ਸਾਫ ਸਫਾਈ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਮਿਉਨਿਸਪਲ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ, ਕਮੇਟੀਆਂ ਦੇ ਕਾਰਜ ਸਾਧਕ ਅਫਸਰਾਂ ਅਤੇ ਹੋਰ ਅਧਿਕਾਰੀ ਨਾਲ ਸੋਮਵਾਰ ਨੂੰ ਚੰਡੀਗੜ ਤੋਂ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਆਉਣ ਵਾਲੇ ਮਾਨਸੂਨ ਦੇ ਅਗਾਹੂੰ ਪ੍ਰਬੰਧਾਂ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਨੂੰ ਹੋਣ ਵਾਲੀ ਮੁਸ਼ਕਲਾਂ ਨਾਲ ਨਜਿੱਠਣ ਲਈ ਵਿਭਾਗੀ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।

ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਸੀਵਰੇਜ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸੀਵਰੇਜ਼ ਬਲਾਕ ਹੁੰਦਾ ਹੈ ਤਾਂ ਲੋੜੀਦਿਆਂ ਬਕਟ ਮਸ਼ੀਨਾਂ, ਜੈਟਿੰਗ ਮਸ਼ੀਨਾਂ ਅਤੇ ਜੈੱਟ ਸੈਕਿੰਗ ਮਸ਼ੀਨਾਂ ਅਤੇ ਲੋੜੀਂਦੀ ਮੈਨ ਪਾਵਰ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਪੰਪਸ ਅਤੇ ਜਨਰੇਟਰ ਸੈਟ ਦਾ ਪ੍ਰਬੰਧ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਮੱਛਰ ਅਤੇ ਮੱਖੀ ਦੀ ਰੋਕਥਾਮ ਲਈ ਦਵਾਇਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਮੇਨ ਹੋਲਜ਼ ਚੰਗੀ ਤਰ੍ਹਾਂ ਕਵਰ ਹੋਣ ਤਾਂ ਜੋ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।

ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਏਰੀਏ ਵਿੱਚ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਉਥੇ ਦੇ ਲੋਕਾਂ ਨੂੰ ਸੇਫ ਬਿਲਡਿੰਗਾਂ ਵਿੱਚ ਸ਼ਿਫਟ ਕਰਨ ਲਈ ਹੋਰ ਬਿਲਡਿੰਗਾਂ ਦੀ ਅਗਾਹੂੰ ਪਛਾਣ ਕਰ ਲਈ ਜਾਵੇ। ਉਨ੍ਹਾਂ ਕਿਹਾ ਕਿ ਕੱਚੇ ਘਰ ਜਿਨ੍ਹਾਂ ਦੇ ਬਰਸਾਤੀ ਮੌਸਮ ਵਿੱਚ ਢਹਿਣ ਦੀ ਸੰਭਾਵਨਾ ਹੈ ਉੱਥੇ ਰਹਿੰਦੇ ਲੋਕਾਂ ਨੂੰ ਪਹਿਲਾਂ ਹੀ ਸੂਚਿਤ ਕੀਤਾ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਯੋਗ ਪ੍ਰਬੰਧ ਕੀਤੇ ਜਾਣ। ਉਨ੍ਹਾ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਰਸਾਤੀ ਪਾਣੀ ਦੀ ਮੁਕੰਮਲ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸਮੇਂ-ਸਮੇਂ ਤੇ ਫੋਗਿੰਗ ਵੀ ਕਰਵਾਈ ਜਾਵੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੀਂਹ ਕਾਰਨ ਪੈਦਾ ਹੋਣ ਵਾਲੀਆਂ ਚੁਣੌਤੀਆਂ ਨਾਲ ਨੱਜਿਠਣ ਲਈ ਤੇਜ਼ੀ ਨਾਲ ਕੰਮ ਕਰਨ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਕੰਮ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਕਰਨੀ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ। ਇਸ ਟੀਚੇ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ।

ਇਸ ਮੌਕੇ ਪੰਜਾਬ ਜਲ ਸਪਲਾਈ ਸੀਵਰੇਜ ਬੋਰਡ ਦੇ ਸੀਈਓ ਮਾਲਵਿੰਦਰ ਸਿੰਘ ਜੱਗੀ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Written By
The Punjab Wire