Close

Recent Posts

ਕ੍ਰਾਇਮ ਪੰਜਾਬ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਰਾਜਸਥਾਨ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਲਾਰੇਂਸ ਬਿਸ਼ਨੋਈ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ
  • PublishedJuly 17, 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦਾ ਹੈ ਅਪਰਾਧਿਕ ਪਿਛੋਕੜ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ’ਤੇ ਵਿਰੋਧੀ ਗਿਰੋਹ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਗਿਆ ਸੀ ਕੰਮ : ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ, 17 ਜੁਲਾਈ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਰਾਜਸਥਾਨ ਪੁਲਿਸ ਅਤੇ ਬਠਿੰਡਾ ਪੁਲਿਸ ਨਾਲ ਸਾਂਝੀ ਕਾਰਵਾਈ ਦੌਰਾਨ ਲਾਰੈਂਸ ਬਿਸ਼ਨੋਈ ਅਤੇ ਅਮਰੀਕਾ ਅਧਾਰਿਤ ਗੋਲਡੀ ਬਰਾੜ ਗੈਂਗ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਭੀਖੀ (ਮਾਨਸਾ), ਮਨਿੰਦਰ ਸਿੰਘ ਉਰਫ਼ ਮੁਨਸ਼ੀ ਵਾਸੀ ਤਲਵੰਡੀ ਸਾਬੋ (ਬਠਿੰਡਾ) ਅਤੇ ਹਰਚਰਨਜੀਤ ਸਿੰਘ ਵਾਸੀ ਪਿੰਡ ਬੀੜ ਖੁਰਦ (ਮਾਨਸਾ) ਵਜੋਂ ਹੋਈ ਹੈ। ਸਾਰੇ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਇਰਾਦਾ ਕਤਲ , ਆਰਮਜ਼ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।

ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ ਦੋ .32 ਬੋਰ ਦੇ ਪਿਸਤੌਲ ਅਤੇ ਛੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦੇ ਹੋਏ ਏ.ਡੀ.ਜੀ.ਪੀ ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ ਦੀਆਂ ਟੀਮਾਂ ਨੇ ਬਠਿੰਡਾ ਪੁਲੀਸ ਦੀਆਂ ਟੀਮਾਂ ਅਤੇ ਰਾਜਸਥਾਨ ਪੁਲੀਸ ਦੇ ਸਹਿਯੋਗ ਨਾਲ ਦੋਸ਼ੀ ਹਰਚਰਨਜੀਤ ਸਿੰਘ, ਜੋ ਕਿ ਮਾਨਸਾ ਪੁਲਿਸ ਨੂੰ ਇਰਾਦਾ ਕਤਲ ਕੇਸ ਵਿੱਚ ਵੀ ਲੋੜੀਂਦਾ ਸੀ, ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਟੀਮਾਂ ਨੇ ਏ.ਆਈ.ਜੀ. ਸੰਦੀਪ ਗੋਇਲ ਦੀ ਅਗਵਾਈ ਅਤੇ ਡੀ.ਐਸ.ਪੀ. ਰਾਜਨ ਪਰਮਿੰਦਰ ਦੀ ਕਮਾਨ ਹੇਠ ਇਸ ਆਪ੍ਰੇਸ਼ਨ ਨੂੰ ਅੰਜਾਮ ਦਿੱਤਾ ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਹਰਚਰਨਜੀਤ ਨੇ ਖੁਲਾਸਾ ਕੀਤਾ ਕਿ ਉਹ ਕਥਿਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨਾ ਦੇ ਇਸ਼ਾਰੇ ’ਤੇ ਕੰਮ ਕਰਦਾ ਹੈ ਅਤੇ ਗੈਂਗਸਟਰ ਮੰਨਾ ਨੇ ਉਸ ਨੂੰ ਦੋਸ਼ੀ ਗੁਰਪ੍ਰੀਤ ਅਤੇ ਮਨਿੰਦਰ ਮੁਨਸ਼ੀ ਦੀ ਵਿਰੋਧੀ ਗੈਂਗ ਦੇ ਮੈਂਬਰ ਨੂੰ ਖ਼ਤਮ ਕਰਨ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਜ਼ਿਕਰਯੋਗ ਹੈ ਕਿ ਗੈਂਗਸਟਰ ਮੰਨਾ, ਜੋ ਇਸ ਸਮੇਂ ਰੋਪੜ ਜੇਲ੍ਹ ਵਿੱਚ ਬੰਦ ਹੈ, ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਹੈ।

ਡੀਜੀਪੀ ਨੇ ਦੱਸਿਆ ਕਿ ਮੁਲਜ਼ਮ ਹਰਚਰਨਜੀਤ ਦੇ ਖੁਲਾਸੇ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵੱਡੀ ਛਾਪੇਮਾਰੀ ਸ਼ੁਰੂ ਕੀਤੀ ਅਤੇ ਦੋਸ਼ੀਆਂ ਨੂੰ ਬਠਿੰਡਾ ਦੇ ਮਾਨਸਾ ਰੋਡ ਤੋਂ ਗ੍ਰਿਫਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਡੀਜੀਪੀ ਗੌਰਵ ਯਾਦਵ ਨੇ ਇਸ ਅੰਤਰ-ਰਾਜੀ ਕਾਰਵਾਈ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਪੰਜਾਬ ਪੁਲਿਸ ਨੂੰ ਦਿੱਤੇ ਸ਼ਾਨਦਾਰ ਸਹਿਯੋਗ ਲਈ ਡੀਜੀਪੀ ਰਾਜਸਥਾਨ ਦਾ ਵੀ ਧੰਨਵਾਦ ਕੀਤਾ।

ਇਸ ਸਬੰਧੀ ਐਫਆਈਆਰ ਨੰਬਰ 72 ਅਧੀਨ ਥਾਣਾ ਮੌੜ ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮੁਕੱਦਮਾ ਕੀਤਾ ਗਿਆ ਹੈ।

Written By
The Punjab Wire