ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗੁਰਦਾਸਪੁਰ ‘ਚ ਜਸ਼ਨ-ਏ-ਅਜ਼ਾਦੀ
ਅਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 18 ਜੁਲਾਈ 2024 (ਦੀ ਪੰਜਾਬ ਵਾਇਰ ) । ਜ਼ਿਲ੍ਹਾ ਸਦਰ ਮੁਕਾਮ ਗੁਰਦਾਸਪੁਰ ਵਿਖੇ ਇਸ ਵਾਰ ਵੀ 15 ਅਗਸਤ ਨੂੰ ਕੌਮੀ ਅਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਇਸ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਨੂੰ ਕਾਮਯਾਬ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਕਿ ਗੁਰਦਾਸਪੁਰ ਵਿਖੇ ਜਸ਼ਨ-ਏ-ਅਜ਼ਾਦੀ ਸਮਾਗਮ ਪੂਰੀ ਧੂਮ-ਧਾਮ ਨਾਲ ਮਨਾਇਆ ਜਾਵੇਗਾ ਅਤੇ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਹੁਣ ਤੋਂ ਹੀ ਸ਼ੁਰੂ ਕਰ ਦੇਵੇ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਪਰੇਡ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਉਪਰੰਤ ਪੰਜਾਬ ਪੁਲੀਸ ਦੇ ਜਵਾਨਾਂ, ਮਹਿਲਾ ਪਲਾਟੂਨ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਕੈਡਿਟ ਅਤੇ ਵੱਖ ਵੱਖ ਸਕੂਲਾਂ ਦੀਆਂ ਪਰੇਡ ਅਤੇ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸਭਿਆਚਾਰ ਦੀ ਤਰਜ਼ਮਾਨੀ ਕਰਦਾ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹਰ ਵਿਭਾਗ ਆਪਣੀਆਂ ਤਿਆਰੀਆਂ ਨੂੰ ਸਮਾਂ ਰਹਿੰਦਿਆਂ ਪੂਰਾ ਕਰ ਲਵੇ। ਇਸ ਮੌਕੇ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਗਿਆ ਜੋ ਕਿ ਅਜ਼ਾਦੀ ਸਮਾਗਮ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨਗੀਆਂ। ਉਨ੍ਹਾਂ ਕਿਹਾ ਕਿ ਅਜ਼ਾਦੀ ਦਿਹਾੜੇ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ, ਵੀਰ ਨਾਰੀਆਂ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ, ਜੀ.ਐੱਮ. ਇੰਡਸਟਰੀ ਸ. ਸੁਖਪਾਲ ਸਿੰਘ, ਨਾਇਬ ਤਹਿਸੀਲਦਾਰ ਹਿਰਦੇਪਾਲ ਸਿੰਘ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਸ. ਲਵਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।