ਮੁੱਖ ਖ਼ਬਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ
  • PublishedJuly 19, 2024

ਚੰਡੀਗੜ੍ਹ, 19 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼ ਸਮਾਜਿਕ ਬੁਰਾਈਆਂ ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ ਵੱਲੋਂ ਨਿਭਾਏ ਜਾ ਸਕਦੇ ਵਡਮੁੱਲੇ ਯੋਗਦਾਨ ’ਤੇ ਜ਼ੋਰ ਦਿੱਤਾ।

ਮੀਟਿੰਗ ਦੌਰਾਨ ਸ੍ਰੀਮਤੀ ਗਿੱਲ ਨੇ ਮੀਡੀਆ ਵੱਲੋਂ ਔਰਤਾਂ ਦੀ ਸੁਰੱਖਿਆ ਅਤੇ ਸਸ਼ਕਤੀਕਰਨ ਲਈ ਕੀਤੀਆਂ ਜਾਣ ਵਾਲੀਆਂ ਕਈ ਅਹਿਮ ਪਹਿਲਕਦਮੀਆਂ ਬਾਰੇ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਮੀਡੀਆ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਅਤੇ ਲਿੰਗ ਨਾ-ਬਰਾਬਰੀ ਵਰਗੇ ਗੰਭੀਰ ਮਸਲਿਆਂ ਨੂੰ ਉਜਾਗਰ ਕਰਕੇ ਲੋਕਾਂ ਨੂੰ ਜਾਗਰੂਕ ਕਰ ਸਕਦਾ ਹੈ ਤਾਂ ਜੋ ਔਰਤਾਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਮੀਡੀਆ ਰਿਪੋਰਟਾਂ ਔਰਤਾਂ ਦੇ ਹਿੱਤਾਂ ਦੀ ਰਾਖੀ ਅਤੇ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।

ਸ਼੍ਰੀਮਤੀ ਗਿੱਲ ਨੇ ਰੋਪੜ ਅਤੇ ਅੰਮ੍ਰਿਤਸਰ ਦੀਆਂ ਜੇਲ੍ਹਾਂ ਦੇ ਦੌਰੇ ਸਬੰਧੀ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ, ਜਿੱਥੇ ਉਨ੍ਹਾਂ ਨੂੰ ਅਜਿਹੇ ਨੌਜਵਾਨਾਂ ਦੇ ਮਾਮਲਿਆਂ ਦਾ ਵੀ ਪਤਾ ਲੱਗਾ ਜਿੰਨ੍ਹਾਂ ਨੇ ਢੁਕਵੇਂ ਦਸਤਾਵੇਜ਼ਾਂ ਤੋਂ ਬਿਨਾਂ ਹੀ ਨੌਕਰੀਆਂ ਪ੍ਰਾਪਤ ਕੀਤੀਆਂ ਸਨ ਅਤੇ ਹੁਣ ਖੁਦ ਨੂੰ ਕੰਪੀਆਂ ਦੇ ਧੋਖੇ ਦਾ ਸ਼ਿਕਾਰ ਮਹਿਸੂਸ ਕਰ ਰਹੇ ਹਨ । ਨੌਕਰੀ ਦੇ ਇਕਰਾਰਨਾਮੇ ਜਾਂ ਨਿਯੁਕਤੀ ਪੱਤਰਾਂ ਤੋਂ ਬਿਨਾਂ, ਕਰਮਚਾਰੀ ਅਕਸਰ ਹੀ ਧੱਕੇ ਦਾ ਸ਼ਿਕਾਰ ਹੋ ਜਾਂਦੇ ਹਨ । ਉਨ੍ਹਾਂ ਅਜਿਹੇ ਹਾਲਾਤਾਂ ਕਾਰਨ ਪਹਿਲਾਂ ਹੀ ਜੇਲ੍ਹਾਂ ਵਿੱਚ ਬੰਦ ਅਨੇਕਾਂ ਕੁੜੀਆਂ ਦੀ ਚਿੰਤਾਜਨਕ ਸਥਿਤੀ ਨੂੰ ਉਜਾਗਰ ਕਰਦਿਆਂ ਮੀਡੀਆ ਨੂੰ ਇਨ੍ਹਾਂ ਮੁੱਦਿਆਂ ’ਤੇ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਤਾਂ ਜੋ ਨੌਜਵਾਨ ਪੀੜ੍ਹੀ ਇਸ ਤੋਂ ਲਈ ਢੁਕਵਾਂ ਸਬਕ ਲੈ ਸਕੇ।

ਮੀਡੀਆ ਦੀ ਭੂਮਿਕਾ ਬਾਰੇ ਚਰਚਾ ਕਰਨ ਦੇ ਨਾਲ-ਨਾਲ ਸ੍ਰੀਮਤੀ ਗਿੱਲ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਧੀਆਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਇਹ ਜ਼ਰੂਰੀ ਹੈ ਕਿ ਮਾਪੇ ਧੀਆਂ ਨਾਲ ਦੋਸਤਾਨਾ ਵਿਹਾਰ ਕਰਨ।

ਸਮਾਗਮ ਵਿੱਚ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੱਲੋਂ ਵੀ ਵਿਚਾਰ ਪੇਸ਼ ਕੀਤੇ ਗਏ। ਇਸ ਦੌਰਾਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਸਮੇਤ ਵੱਖ-ਵੱਖ ਮੀਡੀਆ ਕਰਮੀ ਵੀ ਹਾਜ਼ਰ ਸਨ ।

Written By
The Punjab Wire