ਪੰਜਾਬ ਮੁੱਖ ਖ਼ਬਰ

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ

ਮੁੱਖ ਮੰਤਰੀ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਐਲਾਨ
  • PublishedJuly 25, 2024

ਬਜਟ ਨੂੰ ‘ਕੁਰਸੀ ਬਚਾਓ ਬਜਟ’ ਦੱਸਿਆ

⁠ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਸੂਬੇ ਦਾ ਮਾਹੌਲ ਖਰਾਬ ਨਾ ਕਰਨ ਦੀ ਅਪੀਲ

ਜਲੰਧਰ, 25 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਜੁਲਾਈ ਨੂੰ ਨਵੀਂ ਦਿੱਲੀ ਵਿਖੇ ਸੱਦੀ ਗਈ ਨੀਤੀ ਆਯੋਗ ਦੀ ਮੀਟਿੰਗ ਦਾ ਸੂਬਾ ਸਰਕਾਰ ਵੱਲੋਂ ਬਾਈਕਾਟ ਕੀਤਾ ਜਾਵੇਗਾ।

ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਕੇਂਦਰੀ ਬਜਟ ਵਿੱਚ ਪੰਜਾਬ ਦੇ ਦੇਸ਼ ਪ੍ਰਤੀ ਮਹੱਤਵਪੂਰਨ ਯੋਗਦਾਨ ਦੇ ਬਾਵਜੂਦ ਪੰਜਾਬ ਨੂੰ ਫੰਡ ਨਾ ਦੇਣ ਉਪਰੰਤ ਲਿਆ ਗਿਆ ਹੈ। ਉਨ੍ਹਾਂ ਕੇਂਦਰੀ ਬਜਟ ਨੂੰ ‘ਕੁਰਸੀ ਬਚਾਓ ਬਜਟ’ ਕਰਾਰ ਦਿੰਦਿਆਂ ਕੇਂਦਰ ਸਰਕਾਰ ‘ਤੇ ਗੈਰ-ਭਾਜਪਾ ਸ਼ਾਸਤ ਸੂਬਿਆਂ ਵਿਰੁੱਧ ਸਿਆਸੀ ਖਾਰ ਖਾਣ ਦਾ ਦੋਸ਼ ਲਾਇਆ। ਭਗਵੰਤ ਸਿੰਘ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਅੰਨਦਾਤਾ ਹੋਣ ਦੇ ਬਾਵਜੂਦ ਬਜਟ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਅਤੇ ਵਿੱਤ ਮੰਤਰੀ ਵੱਲੋਂ 80 ਕਰੋੜ ਲੋਕਾਂ ਨੂੰ ਰਾਸ਼ਨ ਦੇਣ ਸਬੰਧੀ ਐਲਾਨ ਵਿੱਚ ਪੰਜਾਬ ਦਾ ਜ਼ਿਕਰ ਤੱਕ ਨਹੀਂ ਕੀਤਾ ਗਿਆ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਵਿੱਚ 532 ਕਿਲੋਮੀਟਰ ਲੰਮੀ ਅੰਤਰਰਾਸ਼ਟਰੀ ਸਰਹੱਦ ਲੱਗਦੀ ਹੈ ਅਤੇ ਪੰਜਾਬ ਹਮੇਸ਼ਾ ਦੇਸ਼ ਦੇ ਹਿੱਤਾਂ ਲਈ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਕੇਂਦਰ ਸਰਕਾਰ ਨੇ ਸੜਕਾਂ ਜਾਮ ਕਰ ਕੇ ਸੂਬੇ ‘ਤੇ ਬੋਝ ਪਾਇਆ ਹੈ। ਭਗਵੰਤ ਸਿੰਘ ਮਾਨ ਨੇ ਦੀਨਾਨਗਰ ਅਤੇ ਪਠਾਨਕੋਟ ਹਮਲਿਆਂ ਦੌਰਾਨ ਫੌਜੀ ਬਲ ਭੇਜਣ ਲਈ ਕੇਂਦਰ ਸਰਕਾਰ ਵੱਲੋਂ ਲਗਾਏ 7.5 ਕਰੋੜ ਰੁਪਏ ਦੇ ਵਿੱਤੀ ਬੋਝ ਨੂੰ ਮੁਆਫ਼ ਕਰਨ ਸਬੰਧੀ ਆਪਣੇ ਯਤਨਾਂ ਨੂੰ ਵੀ ਚੇਤੇ ਕੀਤਾ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਆਰਥਿਕ ਤੌਰ ‘ਤੇ ਸਮਰੱਥ ਬਣਾਉਣ ਲਈ ਆਪਣੇ ਵਿੱਤੀ ਸਾਧਨ ਜੁਟਾਏਗੀ। ਉਨ੍ਹਾਂ ਪੰਜਾਬ ਨੂੰ ਵਿਸ਼ੇਸ਼ ਦਰਜਾ ਦੇਣ ਦੀ ਮੰਗ ਕੀਤੀ। ਉਨ੍ਹਾਂ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬ ਦੇ ਯੋਗਦਾਨ ਅਤੇ ਭਾਰਤ ਦੇ ਅੰਨ ਭੰਡਾਰ ਵਿੱਚ ਇਸ ਦੀ ਭੂਮਿਕਾ ਬਾਰੇ ਚਾਨਣਾ ਪਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਗਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਬੈਰੀਅਰ ਖੜ੍ਹੇ ਕੀਤੇ ਗਏ।

ਮੁੱਖ ਮੰਤਰੀ ਨੇ ਸੂਬੇ ਦੇ 10,000 ਕਰੋੜ ਰੁਪਏ ਰੋਕਣ ਲਈ ਕੇਂਦਰ ਸਰਕਾਰ ਅਤੇ ਰੋਜ਼ਾਨਾ ਮਾਮੂਲੀ ਮੁੱਦੇ ਉਠਾਉਣ ਲਈ ਰਾਜਪਾਲ ਦੀ ਆਲੋਚਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਮਨ-ਕਾਨੂੰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਰਾਜਪਾਲ ਨੂੰ ਮਾਮੂਲੀ ਮੁੱਦੇ ਉਠਾ ਕੇ ਟਕਰਾਅ ਪੈਦਾ ਨਾ ਕਰਨ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਨਿਯੁਕਤੀ ਸਬੰਧੀ ਫੈਸਲੇ ਨਿਯੁਕਤ ਹੋਏ ਨੁਮਾਇੰਦਿਆਂ ਦੀ ਥਾਂ ਵੋਟਾਂ ਰਾਹੀਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਕੀਤੇ ਜਾਣੇ ਚਾਹੀਦੇ ਹਨ।

ਮੁੱਖ ਮੰਤਰੀ ਨੇ ਰਾਜਪਾਲ ਨੂੰ ਅਹੁਦੇ ਦੇ ਸੰਵਿਧਾਨਕ ਪ੍ਰਵਿਰਤੀ ਨੂੰ ਦੇਖਦਿਆਂ ਟਕਰਾਅ ਦਾ ਮਾਹੌਲ ਪੈਦਾ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ।

Written By
The Punjab Wire