ਗੁਰਦਾਸਪੁਰ, 25 ਜੁਲਾਈ 2024 (ਦੀ ਪੰਜਾਬ ਵਾਇਰ)। ਪੰਜਾਬ ਪੁਲਿਸ ਅਤੇ ਬੀਐਸਐਫ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੇ ਚਲਦੇ ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ਵਿੱਚੋਂ ਇੱਕ ਪੈਕਟ ਵਿੱਚ ਬੰਦ ਕਰੀਬ ਸਵਾ ਦੋ ਕਿਲੋ ਹੈਰੋਇਨ ਅਤੇ ਇੱਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਐਸ.ਐਸ.ਪੀ ਦਿਆਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਵੀਰਵਾਰ ਸਵੇਰੇ 9.30 ਵਜੇ ਪਿੰਡ ਅਗਵਾਨ ਦੇ ਝੋਨੇ ਦੇ ਖੇਤਾਂ ‘ਚੋਂ ਕਾਲੇ ਰੰਗ ਦਾ ਡਰੋਨ ਬਰਾਮਦ ਕੀਤਾ ਗਿਆ। ਪੰਜਾਬ ਪੁਲੀਸ ਅਤੇ ਬੀਐਸਐਫ ਦੇ ਮੁਲਾਜ਼ਮਾਂ ਨੇ ਵੱਖ-ਵੱਖ ਟੀਮਾਂ ਬਣਾ ਕੇ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਪਿੰਡ ਅਗਵਾਨ ਦੇ ਖੇਤਾਂ ਵਿੱਚ ਇੱਕ ਪੈਕਟ ਬਰਾਮਦ ਹੋਇਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 2 ਕਿਲੋ 241 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸੰਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਨਸ਼ੇ ਨੂੰ ਜੜ੍ਹੋਂ ਖਤਮ ਕਰਨ ਲਈ ਪੁਲਸ ਸਖਤ ਕਦਮ ਚੁੱਕ ਰਹੀ ਹੈ। ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਪੁਲਿਸ ਦਾ ਸਾਥ ਦੇਣ।