ਗੁਰਦਾਸਪੁਰ ਪੰਜਾਬ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪਾਵਰਕਾਮ ਦਫ਼ਤਰ ਗੁਰਦਾਸਪੁਰ ਦਾ ਅਚਨਚੇਤ ਦੌਰਾ
  • PublishedJuly 29, 2024

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਖਪਤਕਾਰਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 29 ਜੁਲਾਈ 2024 (ਦੀ ਪੰਜਾਬ ਵਾਇਰ )। ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਗੁਰਦਾਸਪੁਰ ਸਥਿਤ ਐੱਸ.ਈ. ਪਾਵਰਕਾਮ ਦੇ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਸ੍ਰੀ ਰਮਨ ਬਹਿਲ ਵੀ ਮੌਜੂਦ ਸਨ।

ਆਪਣੇ ਦੌਰੇ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦਫ਼ਤਰੀ ਸਟਾਫ਼ ਦੀ ਹਾਜ਼ਰੀ ਚੈੱਕ ਕਰਨ ਦੇ ਨਾਲ ਉਨ੍ਹਾਂ ਦੇ ਕੰਮ-ਕਾਜ ਨੂੰ ਦੇਖਿਆ। ਇਸ ਮੌਕੇ ਉਨ੍ਹਾਂ ਦਫ਼ਤਰ ਪਹੁੰਚੇ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰ ਆਉਣ ਵਾਲੇ ਹਰ ਖਪਤਕਾਰ ਦਾ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ ਅਤੇ ਲੋਕਾਂ ਨੂੰ ਦਫ਼ਤਰਾਂ ਵਿੱਚ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ।

ਇਸ ਮੌਕੇ ਗੱਲ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐਲ) ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਰਿਕਾਰਡ ਉੱਚ ਬਿਜਲੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨਸੂਨ ਦੇ ਮੌਸਮ ਦੇ ਬਾਵਜੂਦ, ਨਮੀ ਵਾਲੀਆਂ ਸਥਿਤੀਆਂ ਅਤੇ ਘੱਟ ਮੀਂਹ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਇਆ ਹੈ। ਇਹ ਵਾਧਾ ਘਰੇਲੂ ਖਪਤ, ਝੋਨੇ ਦੀ ਫ਼ਸਲ ਦੀ ਸਿੰਚਾਈ, ਅਤੇ ਉਦਯੋਗਿਕ ਵਰਤੋਂ ਵਿੱਚ ਦੇਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਾਵਰਕਾਮ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅਤੇ ਘਰੇਲੂ ਖ਼ਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ।

ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ  ਸਿੰਘ ਮਾਨ ਦੀ ਅਗਵਾਈ  ਹੇਠ ਪੰਜਾਬ ਸਰਕਾਰ ਰਾਜ ਵਿੱਚ ਨਿਰੰਤਰ ਅਤੇ ਗੁਣਵੱਤਾ ਵਾਲੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

Written By
The Punjab Wire