ਗੁਰਦਾਸਪੁਰ

ਡੇਰਾ ਬਾਬਾ ਨਾਨਕ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਡੇਰਾ ਬਾਬਾ ਨਾਨਕ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ
  • PublishedAugust 5, 2024

ਮਾਨ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ – ਕੈਬਨਿਟ ਮੰਤਰੀ ਧਾਲੀਵਾਲ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 5 ਅਗਸਤ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਹੁਣ ਲੋਕਾਂ ਦੇ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮਸਲੇ ਹੱਲ ਕਰ ਰਹੀ ਹੈ। ਇਹ ਪ੍ਰਗਟਾਵਾ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲੇ ਤੇ ਪ੍ਰਬੰਧਕੀ ਸੁਧਾਰ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਲਗਾਏ ਗਏ ‘ਸਰਕਾਰ ਤੁਹਾਡੇ ਦੁਆਰ’ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ, ਉੱਘੇ ਜਨਤਕ ਆਗੂ ਤੇ ਸੀਨੀਅਰ ਵਾਈਸ ਚੇਅਰਮੈਨ ਸ. ਗੁਰਦੀਪ ਸਿੰਘ ਰੰਧਾਵਾ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਹਰਦੀਪ ਸਿੰਘ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਿਯੋਤਸਨਾ ਸਿੰਘ, ਡੀ.ਡੀ.ਪੀ.ਓ. ਸ੍ਰੀ ਸਤੀਸ਼ ਕੁਮਾਰ, ਤਹਿਸੀਲਦਾਰ ਸ੍ਰੀ ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਸ੍ਰੀਮਤੀ ਜਸਬੀਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਸ. ਰਣਜੇਤ ਸਿੰਘ, ਮਾਰਕਿਟ ਕਮੇਟੀ ਡੇਰਾ ਬਾਬਾ ਨਾਨਕ ਦੇ ਚੇਅਰਮੈਨ ਸ. ਜਗਜੀਤ ਸਿੰਘ ਕਾਹਲੋਂ ਵੀ ਹਾਜ਼ਰ ਸਨ।

‘ਸਰਕਾਰ ਤੁਹਾਡੇ ਦੁਆਰ’ ਕੈਂਪ ਵਿੱਚ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਬਲਾਕ ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਧਾਰੀਵਾਲ ਦੇ ਪਿੰਡਾਂ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਹਾਜ਼ਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਪਹਿਲ ਦੇ ਅਧਾਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ। ਉਨ੍ਹਾਂ ਕੈਂਪ ਵਿੱਚ ਆਏ ਵਿਅਕਤੀਆਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਹੁਣ ਆਪਣੇ ਰੋਜ਼ਮਰਾਂ ਦੇ ਕੰਮਾਂ ਲਈ ਦਫ਼ਤਰਾਂ ਵਿੱਚ ਖੱਜ਼ਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਨ ਸਰਕਾਰ ਦਾ ਉਦੇਸ਼ ਹੈ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੁਵਿਧਾਵਾਂ ਮਿਲਣ। ਇਸ ਦੇ ਲਈ ਲੋਕਾਂ ਨੂੰ ਦਫ਼ਤਰਾਂ ਵਿੱਚ ਜਾਣਾ ਨਾ ਪਵੇ ਸਗੋਂ ਦਫ਼ਤਰ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਚੱਲ ਕੇ ਆਉਣ। ਉਨ੍ਹਾਂ ਨੇ ਕਿਹਾ ਕਿ ਇਸੇ ਉਦੇਸ਼ ਨਾਲ ਇਹ ਲੋਕ ਸੁਵਿਧਾ ਕੈਂਪ ਪਿੰਡ-ਪਿੰਡ ਲਗਾਏ ਜਾ ਰਹੇ ਹਨ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਹੁਣ 43 ਤਰ੍ਹਾਂ ਦੀਆਂ ਸੇਵਾਵਾਂ ਘਰ ਬੈਠੇ ਹੀ ਦਿੱਤੀਆਂ ਜਾ ਰਹੀਆਂ ਹਨ ਅਤੇ ਇਸ ਲਈ ਨਾਗਰਿਕ 1076 ਫ਼ੋਨ ਨੰਬਰ `ਤੇ ਕਾਲ ਕਰਕੇ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਕੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸੂਬੇ ਭਰ ਵਿੱਚ ਵਿਕਾਸ ਕੀਤਾ ਜਾ ਰਿਹਾ ਹੈ ਓਥੇ ਡੇਰਾ ਬਾਬਾ ਨਾਨਕ ਹਲਕੇ ਨੂੰ ਮਾਡਲ ਹਲਕਾ ਬਣਾਇਆ ਜਾਵੇਗਾ।

ਇਸ ਮੌਕੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਹਰ ਵਰਗ ਨੂੰ ਸਹੂਲਤਾਂ ਦੇ ਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਮਾਨ ਸਰਕਾਰ ਮਿਸਾਲੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾਂ ਮੁਫ਼ਤ ਬਿਜਲੀ ਸਹੂਲਤ ਦਾ ਵੀ ਸੂਬੇ ਦੇ 90 ਫੀਸਦੀ ਤੋਂ ਵੱਧ ਲੋਕਾਂ ਨੂੰ ਲਾਭ ਮਿਲ ਰਿਹਾ ਹੈ।

Written By
The Punjab Wire