ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ
ਚੰਡੀਗੜ੍ਹ, 5 ਅਗਸਤ 2024 (ਦੀ ਪੰਜਾਬ ਵਾਇਰ)। ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ ਲੱਭਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਅੱਜ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ‘ ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ’ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ।
ਪੰਜਾਬ ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਦਾ ਉਦੇਸ਼ ਸੂਬੇ ਵਿੱਚ ਰਾਖਵਾਂਕਰਨ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਨਾਲ ਜੁੜੀਆਂ ਅਹਿਮ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਾ ਸੀ। ਮੰਤਰੀ ਨੇ ਸਾਰੇ ਸੀਮਾਂਤ ਭਾਈਚਾਰਿਆਂ ਜਾਂ ਕਮਜ਼ੋਰ ਵਰਗਾਂ ਦੀ ਸਮਾਜਿਕ-ਆਰਥਿਕ ਸਥਿਤੀ ਨੂੰ ਉੱਚਾ ਚੁੱਕਣ ਲਈ ਰਾਖਵੇਂਕਰਨ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ, ਇਨ੍ਹਾਂ ਭਾਈਚਾਰਿਆਂ ਲਈ ਸਮਾਜਿਕ ਬਰਾਬਰੀ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ।
ਵਿਚਾਰ-ਵਟਾਂਦਰੇ ਦੌਰਾਨ, ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਦੇ ਨੁਮਾਇੰਦਿਆਂ ਨੇ ਉਨ੍ਹਾਂ ਸੀਮਾਂਤ ਭਾਈਚਾਰਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ , ਜਿਨ੍ਹਾਂ ਦੀ ਉਹ ਨੁਮਾਇੰਦਗੀ ਕਰਦੇ ਹਨ। ਇਸ ਦੌਰਾਨ ਰਾਖਵਾਂਕਰਨ ਕੋਟੇ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ, ਪ੍ਰਣਾਲੀਗਤ ਰੁਕਾਵਟਾਂ ਨੂੰ ਦੂਰ ਕਰਨਾ ਅਤੇ ਯੋਗ ਲਾਭ ਪਾਤਰੀਆਂ ਤੱਕ ਨੀਤੀਆਂ ਦੇ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਉਣ ਵਰਗੇ ਅਹਿਮ ਵਿਸ਼ਿਆਂ ਤੇ ਚਰਚਾ ਹੋਈ।
ਡਾ: ਬਲਜੀਤ ਕੌਰ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਇਨ੍ਹਾਂ ਮੁੱਦਿਆਂ ਦੇ ਹੱਲ ਕਰਨ ਲਈ ਆਪਣੀ ਵਚਨਬੱਧਤਾ ’ਤੇ ਅਡੋਲ ਹੈ। ਮੰਤਰੀ ਨੇ ਕਿਹਾ, ‘‘ ਪੰਜਾਬ ਸਰਕਾਰ ਸਮਾਜਿਕ ਨਿਆਂ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਵਿਅਕਤੀ ਨੂੰ ਸਫ਼ਲ ਹੋਣ ਦੇ ਬਰਾਬਰ ਮੌਕੇ ਮਿਲਣ।’’ ਉਨ੍ਹਾਂ ਕਿਹਾ, ‘‘ ਸਾਡੀ ਸਰਕਾਰ ਨੀਤੀ ਸੁਧਾਰਾਂ ’ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਲੰਮੇਂ ਸਮੇਂ ਤੋਂ ਬੁਨਿਆਦੀ ਲੋੜਾਂ ਤੋਂ ਵਿਹੂਣੇ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਵੱਡੇ ਸੁਧਾਰ ਲਿਆਂਦੇ ਜਾ ਸਕਣ।’’
ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਡੀ.ਕੇ. ਤਿਵਾੜੀ, ਡਾਇਰੈਕਟਰ ਅੰਮ੍ਰਿਤ ਸਿੰਘ,
ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਰਵਿੰਦਰ ਸਿੰਘ ਮੌਜੂਦ ਸਨ।