ਨਵੀਂ ਦਿੱਲੀ, 9 ਅਗਸਤ 2024 (ਦੀ ਪੰਜਾਬ ਵਾਇਰ)। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ੁੱਕਰਵਾਰ (9 ਅਗਸਤ) ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਉਨਾਂ ਦੇ ਅੱਜ ਜੇਲ੍ਹ ਤੋਂ ਬਾਹਰ ਆਉਣ ਦੀ ਉਮੀਦ ਹੈ।
ਸਿਸੋਦੀਆ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਰਾਹਤ ਮਿਲੀ ਹੈ। ਸੀਬੀਆਈ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਉਸ ਨੂੰ 9 ਮਾਰਚ 2023 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੇ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਸਿਸੋਦੀਆ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਕਿਹਾ- ਕੇਸ ਵਿੱਚ ਹੁਣ ਤੱਕ 400 ਤੋਂ ਵੱਧ ਗਵਾਹ ਅਤੇ ਹਜ਼ਾਰਾਂ ਦਸਤਾਵੇਜ਼ ਪੇਸ਼ ਕੀਤੇ ਜਾ ਚੁੱਕੇ ਹਨ। ਆਉਣ ਵਾਲੇ ਦਿਨਾਂ ਵਿੱਚ ਕੇਸ ਖਤਮ ਹੋਣ ਦੀ ਕੋਈ ਦੂਰ ਦੀ ਸੰਭਾਵਨਾ ਨਹੀਂ ਹੈ। ਅਜਿਹੇ ‘ਚ ਸਿਸੋਦੀਆ ਨੂੰ ਹਿਰਾਸਤ ‘ਚ ਰੱਖਣਾ ਉਨ੍ਹਾਂ ਦੇ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੋਵੇਗੀ।