ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਪ੍ਰਵਾਨਗੀ, ਅੱਗ ਦੇ ਜੋਖ਼ਿਮ ਤੇ ਹੋਰ ਖ਼ਤਰਿਆਂ ਵਿਰੁੱਧ ਲੋਕਾਂ ਦੇ ਬੀਮੇ ਦੀ ਹੋਵੇਗੀ ਤਜਵੀਜ਼
ਚੰਡੀਗੜ੍ਹ, 14 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤਲੇ ਪੰਜਾਬ ਫਾਇਰ ਸੇਫ਼ਟੀ ਤੇ ਐਮਰਜੈਂਸੀ ਸੇਵਾਵਾਂ ਬਿੱਲ, 2024 ਨੂੰ ਵੀ ਮਨਜ਼ੂਰੀ ਦੇ ਦਿੱਤੀ। 2012 ਦੇ ਬਣੇ ਇਸ ਐਕਟ ਵਿੱਚ ਸੋਧ ਦੀ ਲੋੜ ਸੀ ਕਿਉਂਕਿ ਇਹ ਐਕਟ ਮੌਜੂਦਾ ਸੰਦਰਭ ਵਿੱਚ ਅੱਗ ਬੁਝਾਉਣ ਨਾਲ ਸਬੰਧਤ ਕੰਮ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਯੋਗ ਨਹੀਂ ਸੀ। ਇਸ ਤਜਵੀਜ਼ਤ ਬਿੱਲ ਦੇ ਕਾਨੂੰਨ ਬਣਨ ਮਗਰੋਂ ਪੰਜਾਬ ਵਿੱਚ ਇਮਾਰਤਾਂ ਦੇ ਮਾਲਕਾਂ ਤੇ ਕਾਬਜ਼ਧਾਰਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਉਨ੍ਹਾਂ ਨੂੰ ਸਾਲਾਨਾ ਫਾਇਰ ਸੇਫ਼ਟੀ ਸਰਟੀਫਿਕੇਟ ਲੈਣ ਦੀ ਥਾਂ ਹੁਣ ਤਿੰਨ ਸਾਲਾਂ ਮਗਰੋਂ ਸਰਟੀਫਿਕੇਟ ਲੈਣਾ ਪਵੇਗਾ।
ਇਸ ਸਬੰਧੀ ਕੇਸਾਂ ਨਾਲ ਇਮਾਰਤਾਂ ਦੀ ਘੱਟ, ਦਰਮਿਆਨੇ ਤੇ ਜ਼ਿਆਦਾ ਜ਼ੋਖ਼ਿਮ ਵਾਲੀਆਂ ਸ਼ੇ੍ਰਣੀਆਂ ਮੁਤਾਬਕ ਵੰਡ ਕੀਤੀ ਜਾਵੇਗੀ। ਇਸ ਬਿੱਲ ਵਿੱਚ ਅੱਗ ਦੇ ਜ਼ੋਖ਼ਿਮ ਤੇ ਹੋਰ ਖ਼ਤਰਿਆਂ ਵਿਰੁੱਧ ਲੋਕਾਂ ਦੇ ਬੀਮੇ ਦੀ ਵੀ ਤਜਵੀਜ਼ ਹੋਵੇਗੀ। ਇਹ ਬਿੱਲ ਫਾਇਰ ਬ੍ਰਿਗੇਡ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਵੇਗਾ ਅਤੇ ਪੰਜਾਬ ਵਿੱਚ ਸ਼ਹਿਰੀ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵਧੀਆ ਤਰੀਕੇ ਨਾਲ ਫਾਇਰ ਬ੍ਰਿਗੇਡ ਤੇ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਮਦਦਗਾਰ ਹੋਵੇਗਾ।