ਪੰਜਾਬ

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼

ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਜਲਾਲਾਬਾਦ ਅਤੇ ਪਾਤੜਾਂ ਵਿੱਚ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਥਾਂ ਦੀ ਚੋਣ ਕਰਨ ਦੇ ਨਿਰਦੇਸ਼
  • PublishedAugust 14, 2024

ਖੇਤੀਬਾੜੀ ਮੰਤਰੀ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਮਹੀਨੇ ਦੇ ਅੰਦਰ ਜਗ੍ਹਾ ਫਾਈਨਲ ਕਰਨ ਲਈ ਕਿਹਾ

ਚੰਡੀਗੜ੍ਹ, 14 ਅਗਸਤ 2024 (ਦੀ ਪੰਜਾਬ ਵਾਇਰ)। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ (ਫਾਜ਼ਿਲਕਾ) ਅਤੇ ਪਾਤੜਾਂ (ਪਟਿਆਲਾ) ਵਿਖੇ ਨਵੀਆਂ ਅਨਾਜ ਮੰਡੀਆਂ ਦੀ ਉਸਾਰੀ ਲਈ ਜਗ੍ਹਾ ਦੀ ਚੋਣ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਵੀਆਂ ਉਸਾਰੀਆਂ ਜਾਣ ਵਾਲੀਆਂ ਨਵੀਆਂ ਅਨਾਜ ਮੰਡੀਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲਾਲਾਬਾਦ ਤੋਂ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਸ੍ਰੀ ਕੁਲਵੰਤ ਸਿੰਘ ਬਾਜ਼ੀਗਰ ਮੌਜੂਦ ਸਨ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ, ਪਟਿਆਲਾ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਵੀਡੀਓ ਕਾਨਫਰੰਸ ਰਾਹੀਂ ਸ਼ਾਮਲ ਹੋਏ ਅਤੇ ਉਨ੍ਹਾਂ ਨੇ ਕੈਬਨਿਟ ਮੰਤਰੀ ਨੂੰ ਅਨਾਜ ਮੰਡੀਆਂ ਲਈ ਥਾਂ ਦੀ ਪੜਚੋਲ ਕਰਨ ਸਬੰਧੀ ਪ੍ਰਗਤੀ ਬਾਰੇ ਜਾਣੂ ਕਰਵਾਇਆ।

ਇਸ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰੇ ਉਪਰੰਤ ਖੇਤੀਬਾੜੀ ਮੰਤਰੀ ਨੇ ਪਟਿਆਲਾ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਪਾਤੜਾਂ ਅਤੇ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਸਥਾਪਤ ਕਰਨ ਲਈ ਢੁਕਵੀਆਂ ਥਾਵਾਂ ਬਾਰੇ 15 ਦਿਨਾਂ ਦੇ ਅੰਦਰ-ਅੰਦਰ ਨਵੇਂ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਬੰਧੀ ਪਹਿਲਾਂ ਸੁਝਾਈਆਂ ਗਈਆਂ ਥਾਵਾਂ ਚੋਣ ਕਮੇਟੀ ਮੁਤਾਬਕ ਢੁਕਵੀਆਂ ਨਹੀਂ ਸਨ। ਉਨ੍ਹਾਂ ਨੇ ਮੁਕਾਮੀ ਜ਼ਮੀਨ ਚੋਣ ਕਮੇਟੀਆਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸਾਈਟਾਂ ਨੂੰ ਫਾਈਨਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਨਵੀਆਂ ਅਨਾਜ ਮੰਡੀਆਂ ਲਈ ਜਗ੍ਹਾ ਦੀ ਚੋਣ ਸਬੰਧੀ ਪ੍ਰਕਿਰਿਆ ਵਿੱਚ ਸਥਾਨਕ ਵਿਧਾਇਕਾਂ ਨੂੰ ਸ਼ਾਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਨਵੀਆਂ ਅਨਾਜ ਮੰਡੀਆਂ ਕਿਸਾਨਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਉਨ੍ਹਾਂ ਦੀ ਉਪਜ ਨੂੰ ਆਸਾਨੀ ਨਾਲ ਵੇਚਣ ਲਈ ਢੁਕਵੀਂ ਥਾਂ ਮੁਹੱਈਆ ਕਰਵਾਉਣਗੀਆਂ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਸਕੱਤਰ ਖੇਤੀਬਾੜੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਜੁਆਇੰਟ ਸਕੱਤਰ ਪੰਜਾਬ ਮੰਡੀ ਬੋਰਡ ਮਿਸ ਗੀਤਿਕਾ ਸਿੰਘ ਅਤੇ ਖੇਤੀਬਾੜੀ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Written By
The Punjab Wire