Close

Recent Posts

ਗੁਰਦਾਸਪੁਰ

ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ – ਜਗਰੂਪ ਸਿੰਘ ਸੇਖਵਾਂ

ਪੰਜਾਬ ਸਰਕਾਰ ਨੇ ਊਰਜਾ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰੀਆਂ – ਜਗਰੂਪ ਸਿੰਘ ਸੇਖਵਾਂ
  • PublishedAugust 20, 2024

300 ਯੂਨਿਟ ਮੁਫ਼ਤ ਬਿਜਲੀ ਸਹੂਲਤ ਨਾਲ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ – ਜਗਰੂਪ ਸਿੰਘ ਸੇਖਵਾਂ

ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਦਿੱਤੀ ਜਾ ਰਹੀ ਹੈ ਮੁਫ਼ਤ ਬਿਜਲੀ ਦੀ ਸਹੂਲਤ

ਗੁਰਦਾਸਪੁਰ, 20 ਅਗਸਤ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮਾਨ ਸਰਕਾਰ ਨੇ ਚੋਣਾਂ ਦੌਰਾਨ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।

ਸੂਭਾ ਸਰਕਾਰ ਵੱਲੋਂ ਊਰਜਾ ਦੇ ਖੇਤਰ ਵਿੱਚ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਗੱਲ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਇਸ ਪਲਾਂਟ ਦਾ ਨਾਮ ਤੀਜੇ ਪਾਤਿਸ਼ਾਹ ਦੇ ਨਾਮ ਉੱਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਰੱਖਿਆ ਗਿਆ ਹੈ। ਇਸ ਪਲਾਂਟ ਦੇ ਰਿਕਾਰਡ ਲੋਡ ਫੈਕਟਰ ‘ਤੇ ਚੱਲਣ ਅਤੇ ਪਛਵਾੜਾ ਕੋਲਾ ਖਾਣ ਤੋਂ ਇਸ ਲਈ ਸਸਤਾ ਕੋਲਾ ਮਿਲਣ ਸਦਕਾ ਸਸਤੀਆਂ ਦਰਾਂ ‘ਤੇ ਬਿਜਲੀ ਉਤਪਾਦਨ ਕਰਨ ਵਿੱਚ ਕਾਮਯਾਬੀ ਮਿਲੀ ਹੈ।

ਚੇਅਰਮੈਨ ਸ. ਸੇਖਵਾਂ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਸਾਲ 2024-25 ਦੌਰਾਨ ਮੁਫ਼ਤ ਬਿਜਲੀ ਦੀ ਸਹੂਲਤ ਲਈ ਕੁੱਲ 9330 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਲਵਾਈ/ਬਿਜਾਈ ਲਈ ਬਿਜਲੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਘਰੇਲੂ, ਵਪਾਰਕ, ਉਦਯੋਗਿਕ ਅਤੇ ਹੋਰ ਖਪਤਕਾਰਾਂ ‘ਤੇ ਬਿਜਲੀ ਕੱਟ ਲਗਾਏ ਬਿਨਾਂ ਖੇਤੀਬਾੜੀ ਖਪਤਕਾਰਾਂ ਨੂੰ 8 ਘੰਟੇ ਤੋਂ ਵੱਧ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀ.ਐੱਸ.ਪੀ.ਸੀ.ਐਲ. ਨੇ 21 ਜੁਲਾਈ ਨੂੰ 3666 ਲੱਖ ਯੂਨਿਟ ਦੀ ਹੁਣ ਤੱਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਬਿਜਲੀ ਸਬਸਿਡੀ ਦੀ ਅਦਾਇਗੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਵਿੱਤੀ ਵਰ੍ਹੇ 2023-24 ਲਈ ਪੰਜਾਬ ਸਰਕਾਰ ਦੁਆਰਾ ਪੀ.ਐੱਸ.ਪੀ.ਸੀ.ਐਲ. ਨੂੰ 18276.74 ਕਰੋੜ ਰੁਪਏ ਦੀ ਸਬਸਿਡੀ ਦਾ ਭੁਗਤਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 5829 ਕਰੋੜ ਰੁਪਏ ਦੀ ਸਬਸਿਡੀ ਦਾ ਭੁਗਤਾਨ ਕੀਤਾ ਗਿਆ ਹੈ।

Written By
The Punjab Wire