ਗੁਰਦਾਸਪੁਰ ਪੰਜਾਬ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੜਕ ਸੁਰੱਖਿਆ ਫੋਰਸ’ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ – ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਸੜਕ ਸੁਰੱਖਿਆ ਫੋਰਸ’ ਕਾਰਨ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ – ਚੇਅਰਮੈਨ ਰਮਨ ਬਹਿਲ
  • PublishedAugust 21, 2024

ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ

ਗੁਰਦਾਸਪੁਰ, 21 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਅਤੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਲੋਕਾਂ ਨੂੰ ਸਮਰਪਿਤ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ ਨੂੰ 144 ਅਤਿ-ਆਧੁਨਿਕ ਗੱਡੀਆਂ ਦਿੱਤੀਆਂ ਗਈਆਂ ਹਨ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਨ੍ਹਾਂ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਸੜਕ ਹਾਦਸਿਆਂ ਵਿੱਚ ਮੌਤਾਂ ਦੀ ਦਰ ਵਿੱਚ 45 ਫ਼ੀਸਦੀ ਕਮੀ ਆਈ ਹੈ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਸੜਕ ਹਾਦਸਿਆਂ ਦੌਰਾਨ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਗਿਣਤੀ ਘਟਾਉਣ ਅਤੇ ਜ਼ਖ਼ਮੀਆਂ ਨੂੰ ਸਮੇਂ ਸਿਰ ਇਲਾਜ ਦੇਣ ਲਈ ਫ਼ਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਆਮ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਸਹਾਇਤਾ ਕਰਨ ਵਾਲੇ ‘ਫ਼ਰਿਸ਼ਤੇ’ ਨੂੰ 2000 ਰੁਪਏ ਦੀ ਇਨਾਮੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸੰਸਾ ਪੱਤਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਇਹ ਉਪਰਾਲੇ ਸ਼ਲਾਘਾਯੋਗ ਹਨ।

Written By
The Punjab Wire