ਨਿਜੀ ਲੈਬ ਅਤੇ ਹਸਪਤਾਲ ਨਹੀਂ ਕਰ ਰਹੇ ਮਰੀਜ਼ਾ ਦੇ ਵੇਰਵੇ ਸਾਂਝੇ
ਗੁਰਦਾਸਪੁਰ, 22 ਅਗਸਤ 2024 (ਮੰਨਣ ਸੈਣੀ)। ਜ਼ਿਲ੍ਹਾ ਗੁਰਦਾਸਪੁਰ ਵਿੱਚ ਡੇਂਗੂ ਨੇ ਦਸਤਕ ਦੇ ਦਿੱਤੀ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਕੁੱਲ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਸਰਕਾਰੀ ਹਸਪਤਾਲਾਂ ਵਿੱਚ ਅਲੀਜ਼ਾ ਟੈਸਟ ਤੋਂ ਬਾਅਦ ਇਨ੍ਹਾਂ ਤਿੰਨਾਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਇਨ੍ਹਾਂ ਅੰਕੜਿਆਂ ਵਿੱਚ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਂ ਦੇ ਮਰੀਜ਼ਾਂ ਦਾ ਕੋਈ ਅੰਕੜਾ ਸ਼ਾਮਲ ਨਹੀਂ ਹੈ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਗੁਰਦਾਸਪੁਰ ਨਗਰ ਕੌਂਸਲ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਦਾ ਪ੍ਰਬੰਧ ਨਹੀਂ ਕਰ ਸਕੀ ਹੈ। ਜਿਸ ਕਾਰਨ ਲੋਕਾਂ ਵਿੱਚ ਬਿਮਾਰੀ ਫੈਲਣ ਨੂੰ ਲੈ ਕੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਦੂਜੇ ਪਾਸੇ ਇਸ ਸਬੰਧੀ ਏਡੀਸੀ ਜਨਰਲ ਦਾ ਕਹਿਣਾ ਹੈ ਕਿ ਨਗਰ ਕੌਂਸਲ ਨੂੰ ਕੂੜੇ ਦੇ ਢੇਰਾਂ ਨੂੰ ਪੱਕੇ ਤੌਰ ’ਤੇ ਨਿਪਟਾਉਣ ਲਈ ਥਾਂ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਹਾਲਾਂਕਿ ਕੂੜਾ ਆਰਜ਼ੀ ਤੌਰ ‘ਤੇ ਸ਼ਹਿਰ ਤੋਂ ਬਾਹਰ ਸ਼ਿਫਟ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਡੇਂਗੂ ਇਕ ਵਾਇਰਲ ਇਨਫੈਕਸ਼ਨ ਹੈ ਜੋ ਕਿ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਬਿਮਾਰੀ ਹਰ ਸਾਲ ਦੇਸ਼ ਦੇ ਲੱਖਾਂ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਇਕੱਲੇ ਗੁਰਦਾਸਪੁਰ ਜ਼ਿਲ੍ਹੇ ਦੀ ਗੱਲ ਕਰੀਏ ਤਾਂ ਪਿਛਲੇ ਸਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ 425 ਤੋਂ ਵੱਧ ਮਰੀਜ਼ ਇਨਫੈਕਟਿਡ ਪਾਏ ਗਏ ਸਨ। ਇਸ ਦੇ ਨਾਲ ਹੀ ਕਰੀਬ 80 ਚਿਕਨਗੁਨੀਆ ਦੇ ਮਰੀਜ਼ ਸਾਹਮਣੇ ਆਏ। ਹਾਲਾਂਕਿ ਇਸ ਵਾਰ ਸਿਹਤ ਵਿਭਾਗ ਦਾ ਦਾਅਵਾ ਹੈ ਕਿ ਡੇਂਗੂ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਇੱਕ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਜਿਸ ਕਾਰਨ ਜ਼ਿਲ੍ਹੇ ਵਿੱਚ ਮੱਛਰਾਂ ਦੀ ਬ੍ਰਿਡਿਗ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਰੀਜ਼ਾਂ ਦੀ ਪੁਸ਼ਟੀ ਕਰਦਿਆਂ ਨੋਡਲ ਅਫ਼ਸਰ ਡਾ. ਮਮਤਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੁਣ ਤੱਕ ਤਿੰਨ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਸ ਵਿੱਚ ਦੋ ਮਰੀਜ਼ ਬਟਾਲਾ ਦੇ ਅਤੇ ਇੱਕ ਮਰੀਜ਼ ਨੌਸ਼ਿਹਰਾ ਦੇ ਪਿੰਡ ਦੋਦੀਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਫੌਗਿੰਗ ਕਰਵਾਉਣ ਦੀ ਜ਼ਿੰਮੇਵਾਰੀ ਨਗਰ ਕੌਂਸਲ ਦੀ ਹੈ। ਪਰ ਇਸ ਵਾਰ ਸਿਹਤ ਵਿਭਾਗ ਵੱਲੋਂ ਕਮੇਟੀਆਂ ਦਾ ਸਾਂਝਾ ਗਰੁੱਪ ਬਣਾਇਆ ਗਿਆ ਹੈ। ਜਿਸ ਵਿੱਚ ਹਰ ਗਤੀਵਿਧੀ ਰਿਕਾਰਡ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਮਮਤਾ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੇ ਲੈਬ ਮਾਲਕਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਪਰ ਹੁਣ ਤੱਕ ਨਾ ਤਾਂ ਪ੍ਰਾਈਵੇਟ ਹਸਪਤਾਲ ਅਤੇ ਨਾ ਹੀ ਲੈਬ ਸੰਚਾਲਕ ਉਨ੍ਹਾਂ ਨਾਲ ਕੋਈ ਜਾਣਕਾਰੀ ਸਾਂਝੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੂੰ ਪੱਤਰ ਵੀ ਭੇਜਿਆ ਗਿਆ ਹੈ।
ਦੂਜੇ ਪਾਸੇ ਗੁਰਦਾਸਪੁਰ ਨਗਰ ਕੌਂਸਲ ਅਜੇ ਤੱਕ ਕੂੜਾ ਸੁੱਟਣ ਲਈ ਪੱਕੀ ਜਗ੍ਹਾ ਨਹੀਂ ਲੱਭ ਸਕੀ। ਜਿਸ ਕਾਰਨ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਅਤੇ ਸ਼ਹਿਰ ਦੇ ਮੁੱਖ ਰਸਤਿਆਂ ’ਤੇ ਕੂੜਾ ਸੁੱਟਿਆ ਜਾ ਰਿਹਾ ਹੈ। ਜਿਸ ਕਾਰਨ ਆਮ ਲੋਕਾਂ ਵਿੱਚ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਵਪਾਰ ਮੰਡਲ ਗੁਰਦਾਸਪੁਰ ਅਤੇ ਵਿਸ਼ੇਸ਼ ਤੌਰ ‘ਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਡਾ. ਰੋਮੇਸ਼ ਮਹਾਜਨ ਪਹਿਲਾਂ ਹੀ ਡਰ ਦਾ ਪ੍ਰਗਟਾਵਾ ਕਰ ਚੁੱਕੇ ਹਨ।
ਦੂਜੇ ਪਾਸੇ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ ਸਬੰਧੀ ਗੁਰਦਾਸਪੁਰ ਦੇ ਨਵ-ਨਿਯੁਕਤ ਏਡੀਸੀ ਸੁਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਨਵਾਂ ਚਾਰਜ ਸੰਭਾਲ ਲਿਆ ਹੈ ਪਰ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਸ਼ਹਿਰ ਵਿੱਚੋਂ ਕੂੜਾ ਆਰਜ਼ੀ ਤੌਰ ’ਤੇ ਹਟਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਨਗਰ ਕੌਂਸਲ ਹਾਲੇ ਤੱਕ ਪੱਕੇ ਟਿਕਾਣਿਆਂ ਦਾ ਪ੍ਰਬੰਧ ਨਹੀਂ ਕਰ ਸਕੀ ਪਰ ਤਿੰਨ-ਚਾਰ ਥਾਵਾਂ ਦੀ ਚੋਣ ਕਰ ਲਈ ਗਈ ਹੈ ਅਤੇ ਕੌਂਸਲ ਵੱਲੋਂ ਪੁਰਾਣੇ ਡੰਪਿੰਗ ਜ਼ੋਨ ਦੀਆਂ ਥਾਵਾਂ ਦੀ ਵੀ ਗੱਲ ਕੀਤੀ ਜਾ ਰਹੀ ਹੈ।