ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਰੀਵਿਊ ਵੀ ਕੀਤਾ
ਗੁਰਦਾਸਪੁਰ, 22 ਅਗਸਤ 2024 (ਦੀ ਪੰਜਾਬ ਵਾਇਰ )। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਬਿਨਾਂ ਕਿਸੇ ਭੇਦ-ਭਾਵ ਦੇ ਪਹੁੰਚਾਇਆ ਜਾਵੇ।
ਮੀਟਿੰਗ ਦੌਰਾਨ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਸਰਕਾਰੀ ਸਿਹਤ ਸੰਸਥਾਵਾਂ ਅਤੇ ਆਮ ਆਦਮੀ ਕਲੀਨਿਕਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆਂ ਕਿ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਇਸ ਸਮੇਂ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਦੇ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਵਿੱਚ ਅਗਸਤ 2022 ਤੋਂ ਜੁਲਾਈ 2024 ਤੱਕ 1241252 ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਤੋਂ ਮੁਫ਼ਤ ਇਲਾਜ ਕਰਵਾਇਆ ਹੈ ਅਤੇ ਇਸਦੇ ਨਾਲ 966833 ਮਰੀਜ਼ਾਂ ਦੇ ਕੀਤੇ ਗਏ ਮੁਫ਼ਤ ਟੈੱਸਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਅਹਿਮ ਸਹਾਈ ਹੋਏ ਹਨ।
ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਕੋਲੋਂ ਬੁਢਾਪਾ, ਆਸ਼ਰਿਤ, ਅੰਗਹੀਣ ਅਤੇ ਵਿਧਵਾ ਪੈਨਸ਼ਨਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸੇ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਫ਼ੀਲਡ ਵਿੱਚ ਆ ਰਹੀਆਂ ਸਮੱਸਿਆਵਾਂ ਨੂੰ ਵੀ ਸੁਣਿਆ ਤਾਂ ਜੋ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕਰਵਾਇਆ ਜਾ ਸਕੇ।