ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ

ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ
  • PublishedAugust 24, 2024

ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ

ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ

ਗੁਰਦਾਸਪੁਰ, 24 ਅਗਸਤ 2024 (ਦੀ ਪੰਜਾਬ ਵਾਇਰ ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ‌ਉਨ੍ਹਾਂ ਸਭ ਤੋਂ ਪਹਿਲਾਂ ਸ਼ਿਵ ਮੰਦਰ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਦੌਰਾ ਕੀਤਾ ਗਿਆ ਅਤੇ ਓਥੇ ਲੈਂਡ ਪੋਰਟ ਅਥਾਰਿਟੀ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਐੱਸ.ਡੀ.ਐੱਸ. ਦਫ਼ਤਰ ਡੇਰਾ ਬਾਬਾ ਨਾਨਕ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਹਿਸੀਲ ਡੇਰਾ ਬਾਬਾ ਨਾਨਕ ਵਿੱਚ ਰਹੇ ਵਿਕਾਸ ਕਾਰਜਾਂ ਦਾ ਰੀਵਿਊ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਅਤੇ ਸਾਰੇ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਆਉਣ ਵਾਲੇ ਹਰ ਵਿਅਕਤੀ ਨੂੰ ਪੂਰਾ ਸਤਿਕਾਰ ਦਿੱਤਾ ਜਾਵੇ ਅਤੇ ਮੈਰਿਟ ਦੇ ਅਧਾਰ ‘ਤੇ ਉਨ੍ਹਾਂ ਦੇ ਕੰਮ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੀ ਖ਼ੱਜਲ-ਖ਼ੁਆਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਐੱਸ.ਡੀ.ਐੱਸ. ਦਫ਼ਤਰ ਕਲਾਨੌਰ ਵਿਖੇ ਵੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਹਿਸੀਲ ਕਲਾਨੌਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਸ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ੍ਰੀ ਵਿਪਨ ਭੰਡਾਰੀ, ਡੀ.ਡੀ.ਪੀ.ਓ. ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਤਹਿਸੀਲਦਾਰ ਕਲਾਨੌਰ ਸ੍ਰੀਮਤੀ ਅਰਚਨਾ ਸ਼ਰਮਾਂ, ਤਹਿਸੀਲਦਾਰ ਸ. ਲਖਵਿੰਦਰ ਸਿੰਘ, ਬੀ.ਡੀ.ਪੀ.ਓ. ਡੇਰਾ ਬਾਬਾ ਨਾਨਕ ਸ੍ਰੀਮਤੀ ਜਸਬੀਰ ਕੌਰ, ਨਾਇਬ ਤਹਿਸੀਲਦਾਰ ਸ੍ਰੀ ਕਰਨਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Written By
The Punjab Wire