ਗੁਰਦਾਸਪੁਰ

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ

ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ
  • PublishedAugust 27, 2024

ਗੁਰਦਾਸਪੁਰ, 27 ਅਗਸਤ 2024 (ਦੀ ਪੰਜਾਬ ਵਾਇਰ )। ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟੈਫ੍ਰਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਚ.ਆਰ.ਏ. ਇੰਟਰਨੈਸ਼ਨਲ ਸਕੂਲ, ਗੁਰਦਾਸਪੁਰ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਵਿੱਚ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ.ਐੱਸ.ਆਈ. ਜਸਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਕੇ ਇੱਕ ਜ਼ਿੰਮੇਵਾਰ ਸ਼ਹਿਰੀ ਬਣਨ।

ਉਨ੍ਹਾਂ ਕਿਹਾ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨਾ ਜਿੱਥੇ ਕਾਨੂੰਨੀ ਅਪਰਾਧ ਹੈ ਓਥੇ ਇਸ ਨਾਲ ਕਈ ਜਾਨਲੇਵਾ ਹਾਦਸੇ ਵੀ ਵਾਪਰ ਜਾਂਦੇ ਹਨ। ਇਸ ਮੌਕੇ ਉਨ੍ਹਾਂ ਨਾਬਾਲਗ ਬੱਚਿਆਂ ਦੇ ਡਰਾਈਵਿੰਗ ਕਰਨ ਤੇ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਦੱਸਿਆ ਅਤੇ 16 ਸਾਲ ਤੋਂ 18 ਸਾਲ ਤੱਕ ਦੇ ਬੱਚਿਆਂ ਦੇ ਬਣਨ ਵਾਲੇ ਡਰਾਈਵਿੰਗ ਲਾਇਸੰਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਸੀਟ ਬੈਲਟ, ਹੈਲਮਟ ਪਹਿਨਣ ਦੀ ਤਾਕੀਦ ਕੀਤੀ ਅਤੇ ਨਾਲ ਸ਼ੋਰ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ।

ਸੈਮੀਨਾਰ ਦੌਰਾਨ ਏ.ਐੱਸ.ਆਈ. ਅਮਨਦੀਪ ਸਿੰਘ ਅਤੇ ਸੁਭਾਸ਼ ਚੰਦਰ ਨੇ ਸਕੂਲ ਵੈਨਾਂ ਦੇ ਡਰਾਈਵਰਾਂ ਤੇ ਹੈਲਪਰਾਂ ਨੂੰ ਉਨ੍ਹਾਂ ਦੀ ਬਣਦੀ ਡਿਊਟੀ ਬਾਰੇ ਜਾਗਰੂਕ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਐਕਸੀਡੈਂਟ ਪੀੜਤਾਂ ਦੀ ਮਦਦ ਲਈ ਪ੍ਰੇਰਿਤ ਕੀਤਾ ਅਤੇ ਹੈਲਪ ਲਾਈਨ ਨੰਬਰ 112 ਅਤੇ 1033 ਬਾਰੇ ਜਾਣਕਾਰੀ ਦਿੱਤੀ।

ਸੈਮੀਨਾਰ ਵਿੱਚ ਪ੍ਰਿੰਸੀਪਲ ਸ੍ਰੀ ਜਤਿੰਦਰ ਭਾਰਦਵਾਜ ਨੇ ਟਰੈਫ਼ਿਕ ਐਜੂਕੇਸ਼ਨ ਸੈੱਲ ਦਾ ਇਸ ਬੇਸ਼ਕੀਮਤੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ।

Written By
The Punjab Wire