ਨਗਰ ਕੌਂਸਲ ਵੱਲੋਂ ਸ਼ਹਿਰ ਦੇ ਮੁੱਖ ਫਿਸ਼ ਪਾਰਕ ਵਿੱਚ ਸਫ਼ਾਈ ਦਾ ਕੰਮ ਕਰਵਾਇਆ ਗਿਆ
ਗੁਰਦਾਸਪੁਰ, 28 ਅਗਸਤ 2024 (ਦੀ ਪੰਜਾਬ ਵਾਇਰ)। ਨਗਰ ਕੌਂਸਲ ਗੁਰਦਾਸਪੁਰ ਦੀ ਵੱਲੋ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਸ਼ਹਿਰ ਦੇ ਮੁੱਖ ਫਿਸ਼ ਪਾਰਕ ਦੀ ਸਫਾਈ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਜਿਸ ਕਾਰਨ ਹੁਣ ਪਾਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਜਾਣਕਾਰੀ ਦਿੰਦਿਆਂ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਪਾਰਕ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਰਕ ਵਿੱਚ ਸਫਾਈ, ਮੁਰੰਮਤ ਅਤੇ ਸੁੰਦਰੀਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪਾਰਕ ਵਿੱਚ ਆਪਣੇ ਪਰਿਵਾਰਾਂ ਸਮੇਤ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪਾਰਕ ਵਿੱਚ ਪਹਿਲਾਂ ਹੀ ਕਈ ਸੁਧਾਰ ਕੀਤੇ ਜਾ ਚੁੱਕੇ ਹਨ। ਜਿਸ ਕਾਰਨ ਪਾਰਕ ਵਿੱਚ ਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਗਈ ਹੈ। ਬਰਸਾਤਾਂ ਦੇ ਮੌਸਮ ਕਾਰਨ ਸਫ਼ਾਈ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ ਸੀ ਪਰ ਹੁਣ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਾਰਕ ਦਾ ਫਿਰ ਤੋਂ ਸੁੰਦਰੀਕਰਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਲੋਕ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਖਾਣ-ਪੀਣ ਦੀਆਂ ਵਸਤੂਆਂ ਨੂੰ ਕੂੜੇ ਵਿੱਚ ਸੁੱਟਣ ਦੀ ਬਜਾਏ ਇੱਧਰ-ਉੱਧਰ ਸੁੱਟ ਦਿੰਦੇ ਹਨ। ਜਿਸ ਕਾਰਨ ਹੋਰ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਪਾਰਕਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਲਈ ਨਗਰ ਕੌਂਸਲ ਦੇ ਕਰਮਚਾਰੀ ਘਰ-ਘਰ ਜਾ ਕੇ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿੱਚ ਨਗਰ ਕੌਂਸਲ ਨੂੰ ਪੂਰਾ ਸਹਿਯੋਗ ਦੇਣ।