ਗੁਰਦਾਸਪੁਰ

2 ਤੋਂ 10 ਸਤੰਬਰ ਤੱਕ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ

2 ਤੋਂ 10 ਸਤੰਬਰ ਤੱਕ ਹੋਣਗੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ
  • PublishedAugust 28, 2024

ਖੇਡਾਂ ਵਤਨ ਪੰਜਾਬ ਦੇ ਬਲਾਕ ਪੱਧਰੀ ਮੁਕਾਬਲਿਆਂ ਲਈ ਜ਼ਿਲ੍ਹਾ ਗੁਰਦਾਸਪੁਰ ਪੂਰੀ ਤਰਾਂ ਤਿਆਰ

ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਪੂਰੇ ਉਤਸ਼ਾਹ ਨਾਲ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ

ਗੁਰਦਾਸਪੁਰ, 28 ਅਗਸਤ 2024 (ਦੀ ਪੰਜਾਬ ਵਾਇਰ )। ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-3 ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਨੂੰ ਸ਼ੁਰੂ ਹੋ ਰਹੇ ਹਨ। ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿੱਚ ਫੁੱਟਬਾਲ, ਕਬੱਡੀ (ਨੈਸ਼ਨਲ ਸਟਾਈਲ), ਕਬੱਡੀ (ਸਰਕਲ ਸਟਾਈਲ), ਖੋ-ਖੋ, ਅਥਲੈਟਿਕਸ, ਵਾਲੀਬਾਲ (ਸਮੈਸਿੰਗ) ਵਾਲੀਬਾਲ (ਸ਼ੂਟਿੰਗ) ਦੇ ਵੱਖ-ਵੱਖ ਉਮਰ ਵਰਗ (ਲੜਕੇ-ਲੜਕੀਆਂ) ਵਿੱਚ ਮੁਕਾਬਲੇ ਹੋਣਗੇ। ਇਹ ਮੁਕਾਬਲੇ 2 ਸਤੰਬਰ ਤੋਂ ਸ਼ੁਰੂ ਹੋ ਕੇ 10 ਸਤੰਬਰ ਤੱਕ ਚੱਲਣਗੇ।

ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਣ ਵਾਲੇ ਮੁਕਾਬਲਿਆਂ ਨੂੰ ਪੂਰੀ ਤਰ੍ਹਾਂ ਸਫਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੀ ਤਿਆਰੀ ਕਰਨ ਦੇ ਨਾਲ ਖਿਡਾਰੀਆਂ ਦੀ ਰਿਫਰੈੱਸ਼ਮੈਂਟ ਅਤੇ ਹੋਰ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਖੇਡ ਮੁਕਾਬਲਿਆਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਕਰਵਾਈ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੇ ਬਲਾਕ ਪੱਧਰੀ ਮੁਕਾਬਲੇ 2 ਸਤੰਬਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ `ਤੇ ਸ਼ੁਰੂ ਹੋਣਗੇ ਜੋ 10 ਸਤੰਬਰ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ 2 ਤੋਂ 4 ਸਤੰਬਰ ਤੱਕ ਬਟਾਲਾ ਅਰਬਨ ਬਲਾਕ ਦੇ ਮੁਕਾਬਲੇ ਆਈ.ਟੀ.ਆਈ. ਬਟਾਲਾ ਵਿਖੇ ਹੋਣਗੇ। ਇਸੇ ਤਰ੍ਹਾਂ 2 ਤੋਂ 4 ਸਤੰਬਰ ਤੱਕ ਕਾਦੀਆਂ ਬਲਾਕ ਦੇ ਮੁਕਾਬਲੇ ਬਾਬਾ ਰਾਮ ਥੰਮਣ ਯਾਦਗਾਰੀ ਸਟੇਡੀਅਮ ਖੁਜਾਲਾ ਵਿਖੇ, ਬਟਾਲਾ ਰੂਰਲ ਦੇ ਬਲਾਕ ਪੱਧਰੀ ਮੁਕਾਬਲੇ ਉਲੰਪੀਅਨ ਕੰਵਲਜੀਤ ਸਿੰਘ ਸਟੇਡੀਅਮ ਕੋਟਲਾ ਸ਼ਾਹੀਆਂ ਵਿਖੇ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਮੁਕਾਬਲੇ ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਹੋਣਗੇ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 5 ਸਤੰਬਰ ਤੋਂ 7 ਸਤੰਬਰ ਤੱਕ ਬਲਾਕ ਕਲਾਨੌਰ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ, ਡੇਰਾ ਬਾਬਾ ਨਾਨਕ ਬਲਾਕ ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਡੇਰਾ ਬਾਬਾ ਨਾਨਕ, ਫ਼ਤਹਿਗੜ੍ਹ ਚੂੜੀਆਂ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾ ਅਫ਼ਗਾਨਾ (ਆਜ਼ਮਪੁਰ) ਵਿਖੇ ਅਤੇ ਕਾਹਨੂੰਵਾਨ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾ ਬਾਲਾ ਵਿਖੇ ਹੋਣਗੇ।

ਮਿਤੀ 8 ਸਤੰਬਰ ਤੋਂ 10 ਸਤੰਬਰ ਤੱਕ ਧਾਰੀਵਾਲ ਬਲਾਕ ਦੇ ਮੁਕਾਬਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਘੁੰਮਣ ਕਲਾਂ ਵਿਖੇ, ਗੁਰਦਾਸਪੁਰ ਬਲਾਕ ਦੇ ਮੁਕਾਬਲੇ ਸ਼ਹੀਦ ਨਵਦੀਪ ਸਿੰਘ ਸਟੇਡੀਅਮ ਸਰਕਾਰੀ ਕਾਲਜ ਗੁਰਦਾਸਪੁਰ ਵਿਖੇ, ਦੀਨਾਨਗਰ ਬਲਾਕ ਦੇ ਮੁਕਾਬਲੇ ਐੱਸ.ਐੱਸ.ਐੱਮ. ਕਾਲਜ ਦੀਨਾਨਗਰ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਦੀਨਾਨਗਰ ਅਤੇ ਦੋਰਾਂਗਲਾ ਬਲਾਕ ਦੇ ਮੁਕਾਬਲੇ ਨਵੋਦਿਆ ਸਕੂਲ ਪਿੰਡ ਦਬੂੜੀ ਅਤੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਝਬਕਰਾ ਵਿਖੇ ਹੋਣਗੇ।

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਪੂਰੀ ਸ਼ਾਨੋ-ਸ਼ੌਕਤ ਨਾਲ ਕਰਵਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਖਿਡਾਰੀਆਂ ਨੂੰ ਵੱਧ-ਚੜ੍ਹ ਕੇ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਦਰਸ਼ਕਾਂ ਨੂੰ ਵੀ ਕਿਹਾ ਹੈ ਕਿ ਉਹ ਖੇਡ ਮੈਦਾਨਾਂ ਵਿੱਚ ਜਾ ਨੌਜਵਾਨ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਵੀ ਜ਼ਰੂਰ ਕਰਨ

Written By
The Punjab Wire