‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਹੋਈਆਂ – ਚੇਅਰਮੈਨ ਜਗਰੂਪ ਸਿੰਘ ਸੇਖਵਾਂ
ਗੁਰਦਾਸਪੁਰ, 30 ਅਗਸਤ 2024 (ਦੀ ਪੰਜਾਬ ਵਾਇਰ )। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਹੋਈਆਂ ਹਨ। ਖੇਡਾਂ ਵਤਨ ਪੰਜਾਬ ਦੀਆਂ ਦਾ ਸੀਜ਼ਨ-3 ਭਲਕੇ 1 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ ਜਿਸ ਨੂੰ ਲੈ ਕੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਹੈ।
ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੈਰਾ ਵਰਗ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰਲਿਫਟਿੰਗ ਵਰਗੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ।
ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇੰਨੇ ਵੱਡੇ ਪੱਧਰ `ਤੇ ਇਸ ਖੇਡ ਮੇਲੇ ਨੂੰ ਕਰਵਾਉਣ ਦਾ ਉਦੇਸ਼ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਸੂਬਾ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਦਾ ਦੂਜਾ ਸੀਜ਼ਨ 2023 ਵਿੱਚ ਕਰਵਾਇਆ ਗਿਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ ਗਏ ਸਨ।
ਉਨ੍ਹਾਂ ਖਿਡਾਰੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਆਪਣੇ ਮਾਪਿਆਂ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।