ਗੁਰਦਾਸਪੁਰ

ਅਰੁੰਧਤੀ ਰਾਏ ਅਤੇ ਪ੍ਰੋ ਸ਼ੇਖ ਸ਼ੌਕਤ ਹੂਸੈਨ ਦੀ ਗਿਰਫਤਾਰੀ ਅਤੇ ਤਿੰਨ ਲੋਕ ਵਿਰੋਧੀ ਫੌਜਦਾਰੀ ਕਾਨੂੰਨਾਂ ਵਿਰੁੱਧ ਕਨਵੈਨਸ਼ਨ 7 ਸਤੰਬਰ ਨੂੰ।

ਅਰੁੰਧਤੀ ਰਾਏ ਅਤੇ ਪ੍ਰੋ ਸ਼ੇਖ ਸ਼ੌਕਤ ਹੂਸੈਨ ਦੀ ਗਿਰਫਤਾਰੀ ਅਤੇ ਤਿੰਨ ਲੋਕ ਵਿਰੋਧੀ ਫੌਜਦਾਰੀ ਕਾਨੂੰਨਾਂ ਵਿਰੁੱਧ ਕਨਵੈਨਸ਼ਨ 7 ਸਤੰਬਰ ਨੂੰ।
  • PublishedSeptember 2, 2024

ਐਡਵੋਕੇਟ ਹਰਪ੍ਰੀਤ ਸਿੰਘ ਜੀਰਖ ਹੋਣਗੇ ਮੁੱਖ ਬੁਲਾਰੇ।

ਗੁਰਦਾਸਪੁਰ 2 ਸਤੰਬਰ 2024 (ਦੀ ਪੰਜਾਬ ਵਾਇਰ)। ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ ਅਤੇ ਜੰਮੂ ਕਸ਼ਮੀਰ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਨੂੰ ਯੂ ਏ ਪੀ ਏ ਤਹਿਤ ਝੂਠੇ ਮੁੱਕਦਮੇ ਵਿਚ ਫਸਾਉਣ ਅਤੇ ਧੱਕੇ ਨਾਲ ਪਾਸ ਕੀਤੇ ਤਿੰਨ ਫੌਜਦਾਰੀ ਲੋਕ ਵਿਰੋਧੀ ਕਾਨੂੰਨਾਂ ਖਿਲਾਫ਼ ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ ਅਤੇ ਤਰਕਸ਼ੀਲ ਸੁਸਾਇਟੀ ਨਾਲ ਸਮੂਹ ਜਨਤਕ ਤੇ ਜਮੂਹਰੀ ਜਥੇਬੰਦੀਆਂ ਵੱਲੋਂ ਸਥਾਨਕ ਰਾਮ ਸਿੰਘ ਦੱਤ ਹਾਲ ਵਿਖੇ ਜਨ ਚੇਤਨਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਜਿਸ ਨੂੰ ਕਾਨੂੰਨਾਂ ਦੇ ਮਾਹਿਰ ਐਡਵੋਕੇਟ ਹਰਪ੍ਰੀਤ ਸਿੰਘ ਜੀਰਖ ਸੰਬੋਧਨ ਕਰਨਗੇ। ਇਹ ਫੈਸਲਾ ਜਮਹੂਰੀ ਅਧਿਕਾਰ ਸਭਾ ਪੰਜਾਬ ਗੁਰਦਾਸਪੁਰ ਦੇ ਪ੍ਰਧਾਨ ਡਾਕਟਰ ਜਗਜੀਵਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਗੁਰਦਾਸਪੁਰ ਜ਼ਿਲ੍ਹੇ ਦੀਆਂ ਸਮੂਹ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਵਿੱਚ ਲਿਆ ਗਿਆ।

ਪ੍ਰੈਸ ਨੋਟ ਜਾਰੀ ਕਰਦੇ ਹੋਏ ਜਾਣਕਾਰੀ ਦਿੰਦਿਆਂ ਸੰਦੀਪ ਧਾਰੀਵਾਲ ਭੋਜਾ ਪ੍ਰਚਾਰ ਸਕੱਤਰ ਤਰਕਸ਼ੀਲ ਸੁਸਾਇਟੀ ਅਤੇ ਅਮਰਜੀਤ ਸ਼ਾਸਤਰੀ ਸੂਬਾ ਪ੍ਰੈੱਸ ਸਕੱਤਰ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਦੱਸਿਆ ਕਿ 21 ਜੁਲਾਈ ਨੂੰ ਜਲੰਧਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਅਤੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ ਤੇ ਪੰਜਾਬ ਦੀਆਂ ਸਮੂਹ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਫੈਸਲਾ ਕੀਤਾ ਗਿਆ ਸੀ ਕਿ ਇਹਨਾਂ ਕਾਲੇ ਕਾਨੂੰਨਾਂ ਖਿਲਾਫ਼ ਅਤੇ ਪ੍ਰਸਿੱਧ ਲੇਖਿਕਾ ਅਰੁੰਧਤੀ ਰਾਏ ਅਤੇ ਪ੍ਰੋਫੈਸਰ ਸ਼ੌਕਤ ਹੁਸੈਨ 12 ਸਾਲ ਪੁਰਾਣੇ ਝੂਠੇ ਮੁੱਕਦਮੇ ਵਿਚ ਫਸਾਉਣ ਖਿਲਾਫ ਲੋਕਾਂ ਵਿਚ ਚੇਤਨਾ ਫੈਲਾਉਣ ਲਈ ਜ਼ਿਲ੍ਹਾ ਪੱਧਰ ਤੇ ਚੇਤਨਾ ਕਨਵੈਂਸ਼ਨ ਕਰਨੀਆਂ ਚਾਹੀਦੀਆਂ ਹਨ।

ਮੀਟਿੰਗ ਵਿੱਚ ਵੱਖ ਵੱਖ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਅਤੇ ਬੁਧੀਜੀਵੀਆਂ ਦੇ ਆਗੂਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਸ਼ਹਿਰੀ ਨਕਸਲਵਾਦ ਨੂੰ ਕੁਚਲਣ ਦੇ ਨਾਮ ਹੇਠ ਕਈ ਤਰ੍ਹਾਂ ਦੇ ਹਥਕੰਡੇ ਅਪਣਾਉਣ ਦੀ ਨਿੰਦਾ ਕੀਤੀ। ਉਹਨਾਂ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਵੱਲੋਂ ਰਾਜਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਕੇ ਪੰਜਾਬ ਵਿਚ ਵਕੀਲਾਂ, ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪਿਆ ਦੀ ਜ਼ੋਰਦਾਰ ਨਿੰਦਾ ਕਰਦਿਆਂ ਇਸ ਲੋਕ ਵਿਰੋਧੀ ਵਰਤਾਰੇ ਵਿਰੁੱਧ ਇਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ। ਅੱਜ ਦੀ ਮੀਟਿੰਗ ਵਿੱਚ ਮੱਖਣ ਕੁਹਾੜ ਜਮਹੂਰੀ ਕਿਸਾਨ ਸਭਾ , ਬਿਮਲਾ ਦੇਵੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਅਮਰ ਕ੍ਰਾਂਤੀ ਪੰਜਾਬ ਸਟੂਡੈਂਟਸ ਯੂਨੀਅਨ, ਡਾਕਟਰ ਅਸ਼ੋਕ ਭਾਰਤੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਏਕਤਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਵਿੰਦਰ ਸਿੰਘ ਜਿਉਣ ਚੱਕ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਰਾਜ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਰਾਜ ਕੁਮਾਰ ਪੰਡੋਰੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਸੁਖਦੇਵ ਸਿੰਘ ਬਹਿਰਾਮ ਪੁਰ ਜੋਗਿੰਦਰ ਪਾਲ ਘੁਰਾਲਾ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ, ਦੀ ਬਲਵਿੰਦਰ ਕੌਰ, ਕਿਸਾਨ ਮਜ਼ਦੂਰ ਯੂਨੀਅਨ ਦੇ ਬਲਵੀਰ ਸਿੰਘ ਰੰਧਾਵਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੁਰਿੰਦਰ ਸਿੰਘ ਕੋਠੇ, ਰੈਡੀਕਲ ਸਟੂਡੈਂਟਸ ਯੂਨੀਅਨ ਦੇ ਗੁਰਵਿੰਦਰ ਸਿੰਘ ਤੋ ਇਲਾਵਾ ਪ੍ਰਿੰਸੀਪਲ ਅਮਰਜੀਤ ਸਿੰਘ ਮਨੀ, ਰੂਪ ਸਿੰਘ ਦੀਨਾਨਗਰ ਨੇ ਭਰੋਸਾ ਦਿਵਾਇਆ ਕਿ ਉਹ ਵੱਡੀ ਗਿਣਤੀ ਵਿਚ ਲੋਕਾਂ ਚੇਤਨਾ ਕਨਵੈਨਸ਼ਨ ਵਿੱਚ ਸ਼ਾਮਲ ਕਰਵਾਉਣਗੇ।

Written By
The Punjab Wire