ਵਿਆਹ ਪੁਰਬ ਸਮਾਗਮ : ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਨਾਜਾਇਜ਼ ਕਬਜ਼ੇ ਹਟਾਏ
ਨਗਰ ਨਿਗਮ ਅਤੇ ਟਰੈਫਿਕ ਪੁਲਿਸ ਦੀਆਂ ਟੀਮਾਂ ਨੇ ਵਿੱਢੀ ਮੁਹਿੰਮ
ਬਟਾਲਾ,6 ਸਤੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਵਲੋਂ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿੱਚੋਂ ਨਾਜਾਇਜ਼ ਕਬਜਿਆਂ ਨੂੰ ਹਟਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ- ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਨਗਰ ਨਿਗਮ ਤੇ ਟਰੈਫਿਕ ਪੁਲਸ ਦੀ ਸਾਂਝੀ ਟੀਮ ਵਲੋਂ ਸ਼ਹਿਰ ਦੀਆ ਸੜਕਾਂ ਤੇ ਬਜਾਰਾਂ ਵਿੱਚ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ, ਤਾਂ ਜੋ ਸੰਗਤਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਸਮੂਹ ਦੁਕਾਨਦਾਰਾਂ ਅਤੇ ਵੱਖ ਵੱਖ ਵਪਾਰਿਕ ਅਦਾਰਿਆਂ/ਸੰਸਥਾਵਾਂ ਨੂੰ ਅਪੀਲ ਕੀਤੀ ਕਿ ਵਿਆਹ ਪੁਰਬ ਸਮਾਗਮ ਸਬੰਧੀ ਲੱਖਾਂ ਦੀ ਤਦਾਦ ਵਿੱਚ ਸੰਗਤਾਂ ਬਟਾਲਾ ਨਤਮਸਤਕ ਹੋਣ ਲਈ ਆਉਂਦੀਆਂ ਹਨ, ਇਸ ਲਈ ਪਰਸ਼ਾਸਨ ਨਾਲ ਸਹਿਯੋਗ ਕਰਦਿਆਂ ਸੜਕਾਂ/ਬਜਾਰਾਂ ਦੇ ਕਿਨਾਰਿਆਂ ਤੇ ਨਾਜਾਇਜ਼ ਕਬਜ਼ੇ ਨਾ ਕੀਤੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਤੇ ਵਿਆਹ ਪੁਰਬ ਸਮਾਗਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਜਾਣਗੇ।