ਕੌਂਸਲ ਮੁਲਾਜ਼ਮਾਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ
ਵਿਧਾਇਕ ਬਰਿੰਦਰਮੀਤ ਪਾਹੜਾ ਨੇ ਲਗਾਏ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਦਬਾਅ ਥਲੇ ਕੰਮ ਕਰਨ ਦੇ ਦੋਸ਼, ਕਿਹਾ ਲੜਾਈ ਹੁਣ ਆਪ ਲੜ੍ਹਨਗੇ, ਸਵੇਰੇ 9 ਵਜ਼ੇ ਇੱਕਠ ਦਾ ਐਲਾਨ
ਗੁਰਦਾਸਪੁਰ, 10 ਸਤੰਬਰ 2024 (ਦੀ ਪੰਜਾਬ ਵਾਇਰ)। ਨਗਰ ਕੌਂਸਲ ਗੁਰਦਾਸਪੁਰ ਦੇ ਕੂੜ੍ਹਾ ਪ੍ਰਬੰਧਨ ਨੂੰ ਲੈ ਕੇ ਪੈਦਾ ਹੋਇਆ ਵਿਵਾਦ ਭੱਖਦਾ ਜਾ ਰਿਹਾ ਹੈ। ਉਧਰ ਨਗਰ ਕੌਂਸਲ ਮੁਲਾਜ਼ਮਾਂ ਦੀ ਕਥਿਤ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ਦਾ ਮਾਮਲਾ ਵੀ ਗਰਮ ਹੁੰਦਾ ਜਾ ਰਿਹਾ ਹੈ। ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਨਾਰਾਜ਼ ਕੌਂਸਲ ਮੁਲਾਜ਼ਮਾਂ ਨੇ ਸੋਮਵਾਰ ਤੋਂ ਆਪਣਾ ਕੰਮਕਾਜ ਠੱਪ ਕਰ ਦਿੱਤਾ। ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿੱਚ ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ। ਇਸ ਤੋਂ ਇਲਾਵਾ ਸਟਰੀਟ ਲਾਈਟਾਂ ਅਤੇ ਪਾਣੀ ਦੀ ਸਪਲਾਈ ਬੰਦ ਹੈ।
ਮੰਗਲਵਾਰ ਨੂੰ ਕੌਂਸਲ ਕਰਮਚਾਰੀ ਮਾਮਲੇ ਨੂੰ ਲੈ ਕੇ ਦਫਤਰ ਦੇ ਬਾਹਰ ਕਾਂਗਰਸ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਹੜਤਾਲ ’ਤੇ ਬੈਠ ਗਏ।ਬਾਅਦ ਦੁਪਹਿਰ 3 ਵਜੇ ਦੇ ਕਰੀਬ ਨਗਰ ਕੌਂਸਲ ਚੌਕ ਵਿੱਚ ਧਰਨੇ ’ਤੇ ਬੈਠ ਗਏ ਅਤੇ ਆਵਾਜਾਈ ਠੱਪ ਕਰ ਦਿੱਤੀ ਗਈ। ਇਹ ਧਰਨਾ ਸ਼ਾਮ ਪੰਜ ਵਜੇ ਤੱਕ ਜਾਰੀ ਰਿਹਾ ਅਤੇ ਵਿਧਾਇਕ ਬਰਿੰਦਰਮੀਤ ਪਾਹੜਾ ਵੱਲੋਂ ਸ਼ਾਮ ਨੂੰ ਇਸ ਵਿੱਚ ਸ਼ਿਰਕਤ ਕੀਤੀ ਗਈ।
ਵਿਧਾਇਕ ਬਰਿੰਦਰਮੀਤ ਪਾਹੜਾ ਨੇ ਦੱਸਿਆ ਕਿ ਕੇਂਦਰ ਸਰਕਾਰ ਤੋਂ ਮਿਲੀ ਗ੍ਰਾਂਟ ਤਹਿਤ ਪਿੰਡ ਬੱਬਰੀ ਦੀ ਦੋ ਏਕੜ ਜ਼ਮੀਨ ਠੇਕੇ ‘ਤੇ ਲਈ ਜਾ ਰਹੀ ਹੈ ਅਤੇ ਉੱਥੇ ਕਰੀਬ 1.25 ਕਰੋੜ ਰੁਪਏ ਦੀ ਲਾਗਤ ਨਾਲ ਪ੍ਰੋਸੈਸਿੰਗ ਪਲਾਂਟ ਲਗਾਇਆ ਜਾ ਰਿਹਾ ਹੈ। ਸੱਤਾਧਾਰੀ ਪਾਰਟੀ ਦੇ ਆਗੂ ਇਸ ਨੂੰ ਕੂੜਾ ਡੰਪ ਕਹਿ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਕਤ ਪ੍ਰੋਸੈਸਿੰਗ ਪਲਾਂਟ ਦਾ ਕੰਮ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਿਮਤੀ ਨਾਲ ਹੀ ਸ਼ੁਰੂ ਕੀਤਾ ਗਿਆ ਸੀ ਪਰ ਸੱਤਾਧਾਰੀ ਧਿਰ ਦੇ ਆਗੂ ਵਾਰ-ਵਾਰ ਅੜਿੱਕੇ ਖੜ੍ਹੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਬੀਤੀ ਰਾਤ ਜਦੋਂ ਕੌਂਸਲ ਮੁਲਾਜ਼ਮ ਉਕਤ ਜ਼ਮੀਨ ਵਿੱਚੋਂ ਪਾਣੀ ਦੀ ਨਿਕਾਸੀ ਦਾ ਕੰਮ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਥਾਣਾ ਸਦਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਕੌਂਸਲ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਤੋਂ ਬਾਅਦ ਉਨ੍ਹਾਂ ਮੁਲਾਜ਼ਮਾਂ ਦੇ ਨਾਲ ਦੇਰ ਰਾਤ ਤੱਕ ਥਾਣਾ ਸਦਰ ਦਾ ਘਿਰਾਓ ਕੀਤਾ। ਧਰਨੇ ਤੋਂ ਬਾਅਦ ਮੁਲਾਜ਼ਮਾਂ ਨੂੰ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੌਂਸਲ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਤੇ ਵੀ ਦਬਾਅ ਦਾ ਦੋਸ਼ ਲਗਾਇਆ। ਵਿਧਾਇਕ ਨੇ ਕਿਹਾ ਕਿ ਉਨ੍ਹਾਂ ਵੱਲੋਂ ਹੁਣ ਮੁਲਾਜਮਾਂ ਦੀ ਲੜਾਈ ਆਪ ਲੜੀ ਜਾਵੇਗੀ ਅਤੇ ਇਸ ਸਬੰਧੀ ਸਵੇਰੇ 9 ਵਜੇ ਨਗਰ ਕੌਂਸਲ ਇੱਕਠੇ ਹੋਣ ਦਾ ਐਲਾਨ ਕੀਤਾ।