ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੀ ਹਦਾਇਤ
  • PublishedSeptember 11, 2024

ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਵਿੱਚ ਸਰਗਰਮ ਯੋਗਦਾਨ ਪਾਉਣ ਸਿਵਲ ਤੇ ਪੁਲਿਸ ਅਧਿਕਾਰੀ

ਗੁਰਦਾਸਪੁਰ,11 ਸਤੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਰੁਝਾਨ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ੀ ਨਾਲ ਕਰਵਾਈਆਂ ਜਾਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕਰਨ ਵਿੱਚ ਅਧਿਕਾਰੀ ਪੂਰੀ ਮਿਹਨਤ ਨਾਲ ਸਰਗਰਮ ਯੋਗਦਾਨ ਪਾਉਣਾ ਯਕੀਨੀ ਬਣਾਉਣ। ਇਸ ਮੌਕੇ ਐਸਐਸਪੀ ਗੁਰਦਾਸਪੁਰ ਹਰੀਸ਼ ਦਾਯਮਾ ਅਤੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਵੀ ਮੋਜੂਦ ਸਨ।

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਾਗਰੂਕਤਾ ਗਤੀਵਿਧੀਆਂ ਨੂੰ ਜੋਸ਼ ਖਰੋਸ਼ ਨਾਲ ਜਾਰੀ ਰੱਖਦੇ ਹੋਏ ਜਿਥੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕੀਤਾ ਜਾਵੇ ਉਥੇ ਹੀ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਸਾੜਨ ਦੀ ਥਾਂ ’ਤੇ ਯੋਗ ਪ੍ਰਬੰਧਨ ਰਾਹੀਂ ਮਿਸਾਲ ਕਾਇਮ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਤੇ ਹੱਲਾਸ਼ੇਰੀ ਦੇਣ ਵਿੱਚ ਵੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਪਿੰਡਾਂ ਅੰਦਰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੀ ਸੂਚੀਆਂ ਤਿਆਰ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਕ ਸਬਸਿਡੀ ’ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਸਮੂਹ ਖੇਤੀਬਾੜੀ ਵਿਕਾਸ ਅਧਿਕਾਰੀ, ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਨਿਗਰਾਨੀ ਹੇਠ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਦੀ ਲੋੜ ਅਨੁਸਾਰ ਖੇਤੀ ਮਸ਼ੀਨਰੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਪੁੱਟੇ ਜਾਣ ਨੂੰ ਯਕੀਨੀ ਬਣਾਉਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਜਿਹੜੇ ਪਿੰਡਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਜਿਆਦਾ ਗਿਣਤੀ ਵਿੱਚ ਵਾਪਰੀਆਂ ਸਨ, ਉਥੇ ਵਿਸ਼ੇਸ਼ ਚੌਕਸੀ ਰੱਖਦੇ ਹੋਏ ਯੋਜਨਾਬੱਧ ਢੰਗ ਨਾਲ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ ਤੇ ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਵਜੋਂ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ’ਤੇ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਸਕਰਕੇ ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲ ਅੱਗ ਲਗਾਉਣ ਦੀਆਂ ਘਟਨਾਵਾਂ ਵਾਪਰੀਆਂ ਸਨ, ਓਥੋਂ ਦੇ ਕਿਸਾਨਾਂ ਨੂੰ ਮਿਲਿਆ ਜਾਵੇ। ਉਨ੍ਹਾਂ ਦੀਆਂ ਮੁਸ਼ਕਲ ਸੁਣ ਕੇ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ।

ਉਨ੍ਹਾਂ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਟੱਬਲ ਬਰਨਿੰਗ ਬਹੁਤ ਮਹੱਤਵਪੂਰਣ ਮੁੱਦਾ ਹੈ। ਪਰਾਲੀ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਸਿਹਤ ਤੇ ਮਾੜਾ ਪਰਭਾਵ ਪੈਂਦਾ ਹੈ ਅਤੇ ਵਾਤਾਵਰਣ ਨੂੰ ਪਰਦੂਸ਼ਿਤ ਹੁੰਦਾ ਹੈ। ਇਸ ਲਈ ਸਮੂਹਿਕ ਸਹਿਯੋਗ ਨਾਲ ਕੰਮ ਕਰਨ ਦੀ ਅਹਿਮ ਜਰੂਰਤ ਹੈ।

ਮੀਟਿੰਗ ਵਿੱਚ ਡਾ. ਸ਼ਾਇਰੀ ਭੰਡਾਰੀ, ਐਸ ਡੀ ਐਮ,ਬਟਾਲਾ, ਜਯੋਤਸਨਾ ਸਿੰਘ,ਐਸ ਡੀ ਐਮ ਕਲਾਨੌਰ, ਕਰਮਜੀਤ ਸਿੰਘ ਐਸਡੀਐਮ ਗੁਰਦਾਸਪੁਰ, ਗੁਰਦੇਵ ਸਿੰਘ ਐਸ ਡੀ ਐਮ ਦੀਨਾਨਗਰ, ਸੁਖਰਾਜ ਸਿੰਘ ਢਿੱਲੋ ਐਸ ਡੀ ਐਮ ਫਤਿਹਗੜ੍ਹ ਚੂੜੀਆਂ, ਵਿਪਨ ਭੰਡਾਰੀ ਐਸ ਡੀ ਐਮ, ਡੇਰਾ ਬਾਬਾ ਨਾਨਕ, ਗੁਰਪ੍ਰੀਤ ਸਿੰਘ, ਡੀ ਡੀ ਪੀ ੳ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Written By
The Punjab Wire