ਜਿਲ੍ਹਾ ਪ੍ਰਸ਼ਾਸਨ ਵਲੋਂ ਹਸਪਤਾਲਾਂ ਦੀ ਸੁਰੱਖਿਆ ਦੇ ਕੀਤੇ ਜਾਣਗੇ ਪੁਖਤਾ ਪ੍ਰਬੰਧ
ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੂੰ ਮਰੀਜ਼ਾਂ ਦੀ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਓਪੀਡੀ ਸੇਵਾਵਾਂ ਬਹਾਲ ਕਰਨ ਦੀ ਅਪੀਲ
ਗੁਰਦਾਸਪੁਰ, 13 ਸਤੰਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਸਪਤਾਲਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤੇ ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਅੱਜ ਰਚਨਾ ਬਾਵਾ ਪ੍ਰੈਸ ਸੈਕਟਰੀ ਪੀਸੀਐਮਐਸ, ਡਾ: ਜਨਾਰਦਨ ਜਨਰਲ ਸੈਕਟਰੀ ਪੀਸੀਐਮਐਸ , ਡਾ: ਲਵਪ੍ਰੀਤ ਜੁਆਇੰਟ ਸੈਕਟਰੀ ਪੀਸੀਐਮਐਸ ਸਿਵਲ ਹਪਸਤਾਲ ਗੁਰਦਾਸਪੁਰ ਨਾਲ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਹਸਪਤਾਲਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਸਬੰਧੀ ਵਿਸਥਾਰ ਵਿੱਚ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ਸਿੰਘ ਐਸਡੀਐਮ ਗੁਰਦਾਸਪੁਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਸਿਹਤ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਿਉਂਤਬੰਦੀ ਕਰਦਿਆਂ ਜਿਲਾ ਸਿਹਤ ਬੋਰਡ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਮੁਤਾਬਕ ਸਮੂਹ ਸਿਹਤ ਸੰਸਥਾਵਾਂ ਵਿਖੇ ਸੁਰੱਖਿਆ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਸਿਹਤ ਕਾਮਿਆਂ ਦੀ ਸੁਰੱਖਿਆ ਐਕਟ ਸਬੰਧੀ ਬੋਰਡ ਡਿਸਪਲੇਅ ਕੀਤੇ ਜਾਣਗੇ।
ਇਸ ਮੌਕੇ ਉਨ੍ਹਾਂ ਪੀ.ਸੀ.ਐੱਮ.ਐੱਸ. ਐਸੋਸੀਏਸ਼ਨ ਨੂੰ ਅਪੀਲ ਕਰਦਿਆਂ ਕਿਹਾ ਕਿ ਮਰੀਜਾਂ ਦੀ ਸਹੂਲਤ ਲਈ ਬੇਸ਼ੱਕ ਐਮਰਜੈਂਸੀ ਸੇਵਾਵਾਂ ਚੱਲ ਰਹੀਆਂ ਹਨ, ਪਰ ਓਪੀਡੀ ਸੇਵਾਵਾਂ ਵੀ ਬਹਾਲ ਕੀਤੀਆਂ ਜਾਣ, ਤਾਂ ਜੋ ਮਰੀਜ਼ਾਂ ਨੂੰ ਸਿਹਤ ਸਬੰਧੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।