ਚਾਇਲਡ ‘ਪੋਰਨੋਗ੍ਰਾਫ਼ੀ’ ਦੇਖਣਾ ਤੇ ਡਾਊਨਲੋਡ ਕਰਨਾ ਅਪਰਾਧ: ਸੁਪਰੀਮ ਕੋਰਟ
ਨਵੀਂ ਦਿੱਲੀ, 23 ਸਤੰਬਰ 2024 (ਦੀ ਪੰਜਾਬ ਵਾਇਰ)। ਸੁਪਰੀਮ ਕੋਰਟ ਨੇ ਮਦਰਾਸ ਹਾਈ ਕੋਰਟ ਦੇ ਉਸ ਆਦੇਸ਼ ਨੂੰ ਅੱਜ ਰੱਦ ਕਰ ਦਿੱਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਬਾਲ ਪੋਰਨੋਗ੍ਰਾਫੀ (ਅਸ਼ਲੀਲ ਸਮੱਗਰੀ) ਦੇਖਣਾ ਅਤੇ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਸੂਚਨਾ ਤਕਨਾਲੋਜੀ ਐਕਟ ਤਹਿਤ ਅਪਰਾਧ ਨਹੀਂ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਡਾਊਨਲੋਡ ਕਰਨਾ ਬਾਲ ਜਿਨਸੀ ਅਪਰਾਧ ਸੁਰੱਖਿਆ (ਪੋਕਸੋ) ਐਕਟ ਤੇ ਸੂਚਨਾ ਤਕਨਾਲੋਜੀ (ਆਈਟੀ) ਐਕਟ ਤਹਿਤ ਅਪਰਾਧ ਹਨ। ਬੈਂਚ ਨੇ ਬਾਲ ਪੋਰਨੋਗ੍ਰਾਫੀ ਅਤੇ ਇਸ ਦੇ ਕਾਨੂੰਨੀ ਨਤੀਜਿਆਂ ਬਾਰੇ ਕੁਝ ਹਦਾਇਤਾਂ ਵੀ ਜਾਰੀ ਕੀਤੀਆਂ ਹਨ।
ਸੁਪਰੀਮ ਕੋਰਟ ਨੇ ਉਸ ਪਟੀਸ਼ਨ ’ਤੇ ਆਪਣਾ ਫੈਸਲਾ ਸੁਣਾਇਆ ਹੈ, ਜਿਸ ਵਿੱਚ ਮਦਰਾਸ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਤੋਂ ਪਹਿਲਾਂ ਸਿਖਰਲੀ ਅਦਾਲਤ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਨ ਲਈ ਸਹਿਮਤ ਹੋ ਗਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਬਾਲ ਪੋਰਨੋਗ੍ਰਾਫੀ ਦੇਖਣਾ ਅਤੇ ਸਿਰਫ਼ ਡਾਊਨਲੋਡ ਕਰਨਾ ਪੋਕਸੋ ਐਕਟ ਅਤੇ ਆਈਟੀ ਐਕਟ ਤਹਿਤ ਅਪਰਾਧ ਨਹੀਂ ਹੈ।