ਗੁਰਦਾਸਪੁਰ

ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕੀਤੀ ਜਾਵੇ-ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ

ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕੀਤੀ ਜਾਵੇ-ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ
  • PublishedSeptember 23, 2024

ਡਿਪਟੀ ਕਮਿਸ਼ਨਰ ਵਲੋਂ ਐਸ.ਡੀ.ਐਮਜ਼ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਗੁਰਦਾਸਪੁਰ, 23 ਸਤੰਬਰ 2024 (ਦੀ ਪੰਜਾਬ ਵਾਇਰ )। ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਸਾੜਨ ਵਾਲੇ ਕਿਸਾਨਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਐਸ.ਡੀ.ਐਮਜ਼ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਤੇ ਕਿਹਾ ਕਿ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।

ਅੱਜ ਇੱਥੇ ਜਿਲ੍ਹਾ ਪ੍ਰਸ਼ਾਸ਼ਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ, ਸਮੂਹ ਐਸ.ਡੀ.ਐਮਜ਼, ਖੇਤੀਬਾੜੀ ਤੇ ਮਾਲ ਵਿਭਾਗ ਆਦਿ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਵਾਤਾਵਰਣ ਦੀ ਸਾਂਭ ਸੰਭਾਲ ਸਾਡੀ ਸਭ ਦੀ ਜਿੰਮੇਵਾਰੀ ਹੈ, ਜਿਸ ਲਈ ਕਿਸਾਨ ਵੀਰ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿਚ ਨਿਪਟਾਰਾ ਕਰਕੇ ਮਹੱਤਵਪੂਰਨ ਭੂਮਿਕਾ ਨਿਭਾਉਣ।

ਪਿਛਲੇ ਸੀਜ਼ਨ 2023 ਦੌਰਾਨ ਪਛਾਣ ਕੀਤੇ ਗਏ ਹਾਟ ਸਪਾਟ ਖੇਤਰਾਂ ਵਿਖੇ ਵਿਸ਼ੇਸ਼ ਤੌਰ ’ਤੇ ਨਿਗਰਾਨੀ ਰੱਖਣ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਕਿਹਾ ਕਿ ਅਜਿਹੇ ਪਿੰਡਾਂ ਵਿਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਨੂੰ ਸਾੜਨ ਕਰਕੇ ਧਰਤੀ ਦੀ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਜਾਵੇ ਤੇ ਕਿਸਾਨਾਂ ਨੂੰ ਪਰਾਲੀ ਦਾ ਨਿਪਟਾਰਾ ਖੇਤਾਂ ਵਿਚ ਹੀ ਕਰਨ ਲਈ ਪ੍ਰੋਤਸਾਹਿਤ ਕੀਤਾ ਜਾਵੇ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਨਿਗਰਾਨ ਤੇ ਤਾਲਮੇਲ ਕਮੇਟੀ ਤੋਂ ਇਲਾਵਾ ਉਪ ਮੰਡਲ ਪੱਧਰ ’ਤੇ ਵੀ ਨਿਗਰਾਨ ਕਮੇਟੀਆਂ ਐਸ.ਡੀ.ਐਮਜ਼ ਦੀ ਅਗਵਾਈ ਵਿਚ ਪੂਰੀ ਮੁਸਤੈਦੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਨੰਬਰਦਾਰਾਂ ਨਾਲ ਮਿਲਕੇ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਪਟਵਾਰੀਆਂ ਤੇ ਪੰਚਾਇਤ ਸਕੱਤਰਾਂ ਆਦਿ ਦੇ ਸਹਿਯੋਗ ਨਾਲ ਪਿੰਡਾਂ ਵਿੱਚ ਕਿਸਾਨਾਂ ਨਾਲ ਵੱਧ ਤੋਂ ਵੱਧ ਰਾਬਤਾ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਪਰਾਲੀ/ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ ਸਿੰਘ, ਐਸ.ਡੀ.ਐਮਜ਼ ਡਾ ਸ਼ਾਇਰੀ ਭੰਡਾਰੀ, ਜਯੋਤਸਨਾ ਸਿੰਘ, ਜਿਲਾ ਮਾਲ ਅਫਸਰ ਜਸਕਰਨ ਸਿੰਘ, ਤਹਿਸੀਲਦਾਰ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਡਾ ਸੁਰਿੰਦਰ ਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਸਮੇਤ ਵੱਖ ਵੱਖ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Written By
The Punjab Wire