ਮਾਨਵਤਾ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਾਈ ਜਾਵੇ- ਡਿਪਟੀ ਕਮਿਸ਼ਨਰ ਗੁਰਦਾਸਪੁਰ
ਡਿਪਟੀ ਕਮਿਸ਼ਨਰ ਵੱਲੋਂ ਕਾਹਨੂੰਵਾਨ ਅਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਕੇ ਪਰਾਲੀ ਨਾ ਸਾੜਨ ਦੀ ਅਪੀਲ
ਗੁਰਦਾਸਪੁਰ, 25 ਸਤੰਬਰ 2024 ( ਦੀ ਪੰਜਾਬ ਵਾਇਰ )। ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਲਈ ਵਿੱਢੀ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਪਿੰਡ ਕਾਹਨੂੰਵਾਨ ਤੇ ਜੋਗੀ ਚੀਮਾਂ ਦੇ ਕਿਸਾਨਾਂ ਨੂੰ ਮਿਲਣ ਲਈ ਕਾਹਨੂੰਵਾਨ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਇਸ ਮੌਕੇ ਐਸ.ਐਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ,ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਐਸ.ਡੀ.ਐਮ.ਦੀਨਾਨਗਰ ਜਸਪਿੰਦਰ ਸਿੰਘ, ਸੁਰਿੰਦਰਪਾਲ ਮੁੱਖ ਖੇਤੀਬਾੜੀ ਅਫਸਰ, ਡਾ. ਬਲਜਿੰਦਰ ਸਿੰਘ ਭੁੱਲਰ ਖੇਤੀਬਾੜੀ ਅਫਸਰ (ਟ੍ਰੇਨਿੰਗ) ਡਾ. ਭਵਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ (ਟ੍ਰੇਨਿੰਗ) ਅਤੇ ਕਿਸਾਨ ਆਦਿ ਹਾਜ਼ਰ ਸਨ।
ਇਸ ਮੌਕੇ ਕਿਸਾਨਾਂ ਨਾਲ ਗੱਲ਼ਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੇਸ਼ੱਕ ਪਿਛਲੇ ਸਮੇਂ ਵਿੱਚ ਫਸਲ ਦੀ ਰਹਿੰਦ- ਖੂੰਹਦ,ਪਰਾਲੀ, ਨਾੜ ਨੂੰ ਸੰਭਾਲਣ ਦੇ ਸਾਧਨ ਸੀਮਤ ਸਨ ਪਰ ਅੱਜ ਸਰਕਾਰ ਵੱਲ਼ੋ ਇਸ ਸਮੱਸਿਆਵਾ ਦਾ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਜਾਗਰੂਕ ਹੈ ਅਤੇ ਸਰਕਾਰ ਵਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਖੇਤੀ ਮਸ਼ੀਨਰੀ ਉਪਲੱਬਧ ਮੁਹੱਈਆ ਗਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਫਿਰ ਵੀ ਕੁਝ ਕੁ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਅਤੇ ਅੱਜ ਉਨ੍ਹਾਂ ਦਾ ਇੱਥੇ ਆਉਣ ਦਾ ਇਹੀ ਮਕਸਦ ਹੈ ਕਿ ਇਨ੍ਹਾ ਕਿਸਾਨਾਂ ਨੂੰ ਮਿਲ ਕੇ, ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣ ਤੇ ਉਨ੍ਹਾਂ ਦਾ ਹੱਲ ਕੀਤਾ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿੱਚ ਅਗਾਂਹਵਧੂ ਕਿਸਾਨ ਵੀ ਹਨ, ਜੋ ਪਿਛਲੇ ਕਈ ਸਾਲਾ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਤੇ ਅਗਲੀ ਫਸਲ ਦੀ ਬਿਜਾਈ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਕਿਸਾਨ ਸਮਾਜ ਲਈ ਰਾਹ ਦਿਸੇਰਾ ਹਨ ਅਤੇ ਪ੍ਰਸ਼ਾਸਨ ਹਮੇਸ਼ਾਂ ਅਜਿਹੇ ਕਿਸਾਨਾਂ ਨਾਲ ਸਹਿਯੋਗ ਕਰਨ ਲਈ ਅੱਗੇ ਰਹਿੰਦਾ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਕਈ ਹਾਨੀਕਾਰਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ਖਤਮ ਹੁੰਦੀ ਹੈ। ਮਿੱਤਰ ਕੀੜੇ ਮਰਦੇ ਹਨ। ਸੜਕੀ ਹਾਦਸੇ ਵਾਪਰਨ ਨਾਲ ਜਾਨੀ ਨੁਕਸਾਨ ਹੁੰਦੇ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮਾਨਵਤਾ ਦੀ ਭਲਾਈ ਲਈ ਪਰਾਲੀ/ਨਾੜ ਨੂੰ ਅੱਗ ਨਾ ਲਾਈ ਜਾਵੇ।
ਉਨ੍ਹਾਂ ਕਿਸਾਨਾ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੁਹਾਡੇ ਨਾਲ ਹੈ, ਇਸ ਲਈ ਪਰਾਲੀ ਨਾ ਸਾੜੀ ਜਾਵੇ। ਉਨ੍ਹਾ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਜ਼ਿਲ੍ਹੇ ਵਿੱਚ ਲੋੜੀਂਦੀ ਮਸ਼ੀਨਰੀ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਸੁਸਾਇਟੀਆਂ ਤੇ ਪੰਚਾਇਤਾਂ ਕੋਲੋ ਉਪਲੱਬਧ ਮਸ਼ੀਨਰੀ ਦਾ ਰੋਸਟਰ ਬਣਾਉਣ ਅਤੇ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਪਹਿਲ ਦੇ ਅਧਾਰ ਤੇ ਮੁਹੱਈਆ ਕਰਵਾਈ ਜਾਵੇ।
ਇਸ ਮੌਕੇ ਐਸ.ਐਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਨੇ ਕਿਹਾ ਕਿ ਪਰਾਲੀ ਨਾ ਸਾੜਨ ਦੇਣ ਲਈ ਪੁਲਿਸ ਤੇ ਸਿਵਲ ਵਿਭਾਗ ਦੀਆਂ ਟੀਮਾਂ ਫੀਲਡ ਵਿੱਚ ਪੂਰੀ ਮੂਸ਼ਤੈਦੀ ਰੱਖ ਰਹੀਆ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਆਦ, ਅਗਲੀ ਫਸਲ ਬੀਜਣ ਲਈ ਜਲਦਬਾਜੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਖੁਦ ਪਰਾਲੀ ਸਾੜਨ ਵਾਲੇ ਅਤੇ ਦੂਸਰੇ ਲੋਕਾਂ ਦੀ ਸਿਹਤ ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਸ ਲਈ ਇੱਕ ਜ਼ਿੰਮੇਵਾਰ ਨਾਗਰਿਕ ਦਾ ਰੋਲ ਅਦਾ ਕਰਦੇ ਹੋਏ, ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ।
ਇਸ ਮੌਕੇ ਏ.ਡੀ.ਸੀ ( ਜ) ਸੁਰਿੰਦਰ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਲੋੜੀਦੀਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਕਿਸਾਨ ਵੀਰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਾਉਣ।
ਇਸ ਮੌਕੇ ਸਮੂਹ ਹਾਜਰੀਨ ਵੱਲੋਂ ਪ੍ਰਣ ਲਿਆ ਗਿਆ ਕਿ ਉਹ ਪਰਾਲੀ ਨੂੰ ਅੱਗ ਨਹੀਂ ਲਗਾਉਣ ਗਏ ਅਤੇ ਪ੍ਰਸ਼ਾਸਨ ਨਾਲ ਪੁਰਾ ਸਹਿਯੋਗ ਕਰਨਗੇ।