ਪੰਚਾਇਤੀ ਚੋਣਾਂ ਸਬੰਧੀ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਸਰਪੰਚਾਂ-ਪੰਚਾਂ ਅਤੇ ਪਤਵੰਤਿਆਂ ਦੀ ਹੋਈ ਮੀਟਿੰਗ
ਪੰਚਾਇਤੀ ਚੋਣਾਂ ਵਿੱਚ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਐਡਵੋਕੇਟ ਪਾਹੜਾ
ਗੁਰਦਾਸਪੁਰ, 28 ਸਤੰਬਰ 2024 (ਦੀ ਪੰਜਾਬ ਵਾਇਰ)। ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਸਰਪੰਚਾਂ, ਪੰਚਾਂ ਅਤੇ ਪਤਵੰਤਿਆਂ ਦੀ ਮੀਟਿੰਗ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਵਿੱਚ ਪੰਚਾਇਤੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਐਡਵੋਕੇਟ ਪਾਹੜਾ ਨੇ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਬਿਗਲ ਵੱਜ ਚੁੱਕਾ ਹੈ। ਸਰਪੰਚ ਅਤੇ ਪੰਚ ਆਪਣੇ ਸਰਟੀਫਿਕੇਟਾਂ ਦੀ ਸਹੀ ਤਰ੍ਹਾਂ ਜਾਂਚ ਕਰਕੇ ਭਰਨ ਤਾਂ ਜੋ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰਨ ਤੌਰ ‘ਤੇ ਪਾਲਣਾ ਕੀਤੀ ਜਾਵੇ ਜੇਕਰ ਕਿਸੇ ਵੀ ਸਰਪੰਚ-ਪੰਚ ਉਮੀਦਵਾਰ ਨੂੰ ਨਾਮਜ਼ਦਗੀ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਉਹ ਆਪਣੇ ਵਰਕਰਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਸ਼ਹਿਰੀ ਖੇਤਰ ਦੇ ਨਾਲ-ਨਾਲ ਪੇਂਡੂ ਖੇਤਰਾਂ ਵਿੱਚ ਵੀ ਵਿਕਾਸ ਕਾਰਜ ਕਰਵਾਏ ਗਏ ਸਨ ਪਰ ਸੱਤਾ ਪਰਿਵਰਤਨ ਤੋਂ ਬਾਅਦ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਬੰਧੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕੋਈ ਇਸ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣਾਂ ਨੂੰ ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕਰੇ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਐਨਓਸੀ ਜਾਰੀ ਕਰਨ ਦੀ ਅਪੀਲ ਕੀਤੀ।