ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜੵਤੀਆਂ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜੵਤੀਆਂ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਨਾਲ ਮੀਟਿੰਗ
  • PublishedSeptember 30, 2024

ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ

ਗੁਰਦਾਸਪੁਰ,30 ਸਤੰਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵਲੋਂ ਝੋਨੇ ਦੀ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਆੜਤੀਆਂ ਐਸੋਸੀਏਸ਼ਨ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਦੇ ਨੁੰਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਹਰੀਸ਼ ਦਾਯਮਾ, ਐਸਐਸਪੀ ਗੁਰਦਾਸਪੁਰ, ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ), ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਸੁਖਜਿੰਦਰ ਸਿੰਘ ਡੀਐਫਐਸਸੀ, ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ, ਕੁਲਜੀਤ ਸਿੰਘ ਜਿਲ੍ਹਾ ਮੰਡੀ ਅਫਸਰ ਸਮੇਤ ਅਧਿਕਾਰੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਆੜਤੀਆਂ, ਰਾਈਸ ਮਿੱਲਰ, ਕੰਬਾਇਨ ਮਾਲਕਾਂ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਮਿਲਿੰਗ ਸਹੀ ਤਰੀਕੇ ਨਾਲ ਹੋਵੇ ਅਤੇ ਮੰਡੀਆਂ ਵਿਚੋਂ ਸਰਕਾਰ ਵੱਲੋਂ ਖਰੀਦ ਕੀਤੇ ਝੋਨੇ ਦੀ ਨਾਲੋ- ਨਾਲ ਲਿਫਟਿੰਗ ਹੁੰਦੀ ਰਹੇ। ਇਸ ਲਈ ਆਗਾਮੀ ਸੀਜਨ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਵਿਚਾਰ ਚਰਚਾ ਕਰਨ ਅਤੇ ਮੁਸ਼ਕਿਲਾਂ ਦੇ ਹੱਲ ਕਰਨ ਦੇ ਮੰਤਵ ਨਾਲ ਮੀਟਿੰਗ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੇ ਮੰਡੀਕਰਨ ਅਤੇ ਇਸਦੀ ਮਿਲਿੰਗ ਵਿਚ ਸੈਲਰ ਇਕ ਪ੍ਰਮੁੱਖ ਧਿਰ ਹਨ ਅਤੇ ਸਰਕਾਰ ਵੱਲੋਂ ਸਮੂਹ ਧਿਰਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਣੀ ਯਕੀਨੀ ਬਣਾਉਣ ਦੇ ਨਾਲ ਸੈਲਰ ਮਾਲਕਾਂ ਵੱਲੋਂ ਦੱਸੀਆਂ ਮੁਸ਼ਕਿਲਾਂ ਦੇ ਹੱਲ ਕੀਤੇ ਜਾਣੇ ਯਕੀਨੀ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਖਰੀਦ ਦੌਰਾਨ ਕਿਸੇ ਵੀ ਧਿਰ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕੰਬਾਈਨ ਮਾਲਕਾਂ ਨੂੰ ਕਿਹਾ ਕਿ ਉਹ ਝੋਨੇ ਦੀ ਫਸਲ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੰਬਾਇਨ ਮਸ਼ੀਨਾਂ ਮਗਰ ਸੁਪਰ ਐਸ. ਐਮ. ਐਸ ਲਾ ਕੇ ਹੀ ਝੋਨੇ ਦੀ ਫਸਲ ਵੱਢੀ ਜਾਵੇ।

ਮੀਟਿੰਗ ਦੌਰਨ ਆੜਤੀਆਂ, ਸੈਲਰ ਰਾਈਸ ਮਿੱਲਰ, ਕੰਬਾਇਨ ਮਾਲਕ ਅਤੇ ਕਿਸਾਨਾਂ ਨੇ ਭਰੋਸਾ ਦਿੱਤਾ ਕਿ ਉਹ ਪਰਸ਼ਾਸਨ ਨਾਲ ਪੂਰਾ ਸਹਿਯੋਗ ਕਰਨਗੇ।

ਡਿਪਟੀ ਕਮਿਸ਼ਨਰ ਨੇ ਮੰਡੀਕਰਨ ਬੋਰਡ ਦੇ ਅਧਿਕਾਰੀਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਮੰਡੀਆਂ ਵਿੱਚ ਸਫਾਈ, ਛਾਂ, ਪੀਣ ਦਾ ਪਾਣੀ ਅਤੇ ਰੌਸ਼ਨੀ ਆਦਿ ਦੇ ਕੰਮ ਸੁਚਾਰੂ ਢੰਗ ਨਾਲ ਕੀਤੇ ਜਾਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਝੋਨੇ ਦੀ ਕਟਾਈ ਨਾ ਕੀਤੀ ਜਾਵੇ ਅਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।

Written By
The Punjab Wire