ਗੁਰਦਾਸਪੁਰ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ

ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਤਿੰਨ ਪ੍ਰਚਾਰ ਵੈਨਾਂ ਰਵਾਨਾ
  • PublishedOctober 4, 2024

ਜਾਗਰੂਕਤਾ ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਕੀਤਾ ਜਾਵੇਗਾ ਜਾਗਰੂਕ

 ਗੁਰਦਾਸਪੁਰ, 4 ਅਕਤੂਬਰ 2024 (ਦੀ ਪੰਜਾਬ ਵਾਇਰ)। ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ, ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਦੇ ਰੁਝਾਨ ਨੂੰ ਜ਼ਮੀਨੀ ਪੱਧਰ ’ਤੇ ਠੱਲ੍ਹ ਪਾਉਣ ਲਈ ਬਹੁ-ਪੱਖੀ ਰਣਨੀਤੀ ਅਪਣਾਉਂਦੇ ਹੋਏ ਡਿਪਟੀ ਕਮਿਸ਼ਨਰ  ਵੱਲੋਂ ਅੱਜ ਹਾਟ ਸਪਾਟ ਪਿੰਡਾਂ ਵਿੱਚ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਤਿੰਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਇਸ ਮੌਕੇ  ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) , ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ), ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ, ਇੰਜ. ਦੀਪਕ ਭਾਰਦਵਾਜ, ਮਨਜੀਤ ਸਿੰਘ ਏ.ਡੀ.ਓ. ਵੀ ਮੌਜੂਦ ਸਨ ।

ਵੈਨਾਂ ਨੂੰ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨਾਂ ਲੋਕਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੀਆਂ, ਜਿਨ੍ਹਾਂ ਵਿੱਚ ਆਡੀਓ ਸੰਦੇਸ਼ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਵੈਨਾਂ ਜ਼ਿਲ੍ਹੇ ਦੇ ਖੇਤੀਬਾੜੀ ਬਲਾਕਾਂ ਬਟਾਲਾ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਸਾੜਨ ਪੱਖੋਂ ਸੰਵੇਦਨਸ਼ੀਲ ਖੇਤਰਾਂ (ਹਾਟ ਸਪਾਟਸ) ਦਾ ਦੌਰਾ ਕਰਨਗੀਆਂ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ।

 ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾਵੇਗਾ । ਉਨ੍ਹਾਂ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ ਅੱਗ ਲਾਉਣ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ, ਕਿਉਂਕਿ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਅਤਿ-ਆਧੁਨਿਕ ਮਸ਼ੀਨਰੀ ਦੇ ਪੂਰੇ ਪੁਖ਼ਤਾ ਇੰਤਜਾਮ ਹਨ, ਇਸ ਦੇ ਬਾਵਜੂਦ ਵੀ ਜੇਕਰ ਕਿਸੇ ਕਿਸਾਨ ਨੇ ਖੇਤਾਂ ਵਿੱਚ ਅੱਗ ਲਗਾਈ ਤਾਂ ਉਸ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਆਪਣੇ ਜੀਵਨ, ਵਾਤਾਵਰਣ ਤੇ ਧਰਤੀ ਨੂੰ ਸੰਭਾਲਣ ਲਈ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਜਾਂ ਜ਼ਮੀਨ ਵਿੱਚ ਹੀ ਵਾਹੁਣ ‘ਤੇ ਜੋਰ ਦਿੰਦਿਆ ਕਿਹਾ ਕਿ ਦੋਵੇਂ ਤਕਨੀਕਾਂ ਨਾਲ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲੱਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ ।

Written By
The Punjab Wire