ਪਰਾਲੀ/ਨਾੜ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸਨ ਹੋਇਆ ਸਖ਼ਤ
ਨਾੜ ਨੂੰ ਅੱਗ ਲਗਾਉਣ ਵਾਲੇ, 10 ਕਿਸਾਨਾਂ ਤੋਂ 25000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲਿਆ ਤੇ ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ
ਗੁਰਦਾਸਪੁਰ, 5 ਅਕਤੂਬਰ 2024 (ਦੀ ਪੰਜਾਬ ਵਾਇਰ)। ਮਾਨਯੋਗ ਨੈਸ਼ਨਲ ਗ੍ਰੀਨ ਟ੍ਰਿਬਊਨਲ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ‘ਤੇ ਪਬੰਦੀ ਲਗਾਈ ਗਈ ਹੈ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਗਠਿਤ ਵੱਖ ਵੱਖ ਟੀਮਾਂ ਵਲੋਂ ਸਖ਼ਤ ਨਜ਼ਰ ਰੱਖੀ ਜਾ ਰਹੀ ਹੈ।
ਜ਼ਿਲ੍ਹੇ ਵਿੱਚ ਹੁਣ ਤੱਕ,10 ਕਿਸਾਨਾਂ ਵੱਲੋਂ ਪਰਾਲੀ/ਨਾੜ ਨੂੰ ਅੱਗ ਲਗਾਈ ਗਈ, ਜਿਸ ਕਾਰਨ ਉਨ੍ਹਾਂ ਨੂੰ 25,000 ਰੁਪਏ ਦਾ ਵਾਤਾਵਰਨ ਮੁਆਵਜ਼ਾ ਵਸੂਲ ਕੇ, ਰੈਵੀਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਅਲੀਵਾਲ ਜੱਟਾਂ,ਹਰਦੋਵਾਲ ਕਲਾ਼ ਤੇ ਮਾਨਸੈਂਡ ਵਾਲ ਅਤੇ ਬਟਾਲਾ ਬਲਾਕ ਦੇ ਪਿੰਡ ਵੈਰੋਨੰਗਲ, ਸੰਦਲ, ਤਲਵੰਡੀ ਬਖ਼ਤਾਂ, ਦੋਲਤਪੁਰ ਦੇ ਤਿੰਨ ਕਿਸਾਨਾਂ ਅਤੇ ਸਰਵਾਲੀ ਦੇ ਕਿਸਾਨ, ਕੁਲ 10 ਕਿਸਾਨਾਂ ਵੱਲੋਂ ਅੱਗ ਲਗਾਈ ਗਈ ਸੀ। ਜਿਸ ਲਈ 2500 ਰੁਪਏ ਦੇ ਹਿਸਾਬ ਨਾਲ 10 ਕਿਸਾਨਾਂ ਨੂੰ 25,000 ਰੁਪਏ ਵਾਤਾਵਰਨ ਮੁਆਵਜ਼ਾ ਵਸੂਲ ਕੇ, ਰੈਵਨਿਊ ਰਿਕਾਰਡ ਵਿੱਚ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਫਸਲ ਦੀ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਨਾ ਲਗਾਉਣ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਖੇਤੀ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਫ਼ਸਲ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਅਤੇ ਉਹ ਖੁਦ ਪਿੰਡਾਂ ਵਿੱਚ ਜਾ ਕੇ ਕਿਸਾਨਾ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ ਅਤੇ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।