Close

Recent Posts

ਗੁਰਦਾਸਪੁਰ

ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ

ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ-ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ
  • PublishedOctober 7, 2024

ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ ਕੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ

ਮੰਡੀਆਂ ਵਿੱਚ ਕਿਸਾਨਾਂ ਨੂੰ ਸੁੱਕੀ ਫਸਲ ਹੀ ਲੈ ਕੇ ਆਉਣ ਦੀ ਅਪੀਲ

ਗੁਰਦਾਸਪੁਰ, 7 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਡਿਪਟੀ ਕਮਿਸ਼ਨਰ, ਦਾਣਾ ਮੰਡੀ ਗੁਰਦਾਸਪੁਰ ਵਿਖੇ ਪਹੁੰਚੇ ਅਤੇ ਕਿਸਾਨ ਸੁਖਦੇਵ ਸਿੰਘ, ਵਾਸੀ ਰਾਮਨਗਰ ਦੀ ਪਨਗਰੇਨ ਦੀ ਫੜ੍ਹ’ਤੇ ਢੇਰੀ ਦੀ ਬੋਲੀ ਕਰਵਾ ਕੇ ਖਰੀਦ ਸ਼ੁਰੂ ਕਰਵਾਈ ਗਈ। ਇਸ ਤੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀ ਕਾਹਨੂੰਵਾਨ ਅਤੇ ਜੋੜਾਂ ਛੱਤਰਾਂ ਵਿਖੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਜਾ ਚੁੱਕੀ ਹੈ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਧਿਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਆੜਤੀਆ ਤੇ ਸੈਲਰ ਮਾਲਿਕਾਂ ਨੇ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਝੋਨੇ ਦੀ ਨਿਰਵਿਘਨ ਖਰੀਦ ਕਰਵਾਉਣਗੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਲਈ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪ੍ਰਬੰਧ ਮੁਕੰਮਲ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ, ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ ਦੀ ਅਪੀਲ ਵੀ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।

ਇਸ ਮੌਕੇ ਜ਼ਿਲਾ ਫੂਡ ਸਪਲਾਈ ਕੰਟਰੋਲਰ, ਸੁਖਜਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ, ਕੁਲਜੀਤ ਸਿੰਘ ਸੈਣੀ, ਸੈਕਟਰੀ ਵਿਜੈ ਕੁਮਾਰ, ਆੜਤੀ ਤੇ ਕਿਸਾਨ ਹਾਜ਼ਰ ਸਨ।

Written By
The Punjab Wire