ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਰੋਕਣ ਕਾਰਨ 7 ਪਿੰਡਾਂ ਦੇ ਨੰਬਰਦਾਰਾਂ ਨੂੰ ਨੋਟਿਸ ਜਾਰੀ
ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ
ਗੁਰਦਾਸਪੁਰ, 9 ਅਕਤੂਬਰ 2024 (ਦੀ ਪੰਜਾਬ ਵਾਇਰ )। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਵਿੱਚ ਢਿੱਲਮੱਠ ਵਰਤਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਨਾ ਰੋਕਣ ਕਾਰਨ 7 ਪਿੰਡਾਂ ਦੇ ਨੰਬਰਦਾਰਾ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਹਰਦਰਵਾਲ ਕਲਾਂ, ਤਹਿਸੀਲ ਡੇਰਾ ਬਾਬਾ ਨਾਨਕ, ਪਿੰਡ ਤਲਵੰਡੀ ਬਖਤਾ, ਤਹਿਸੀਲ ਬਟਾਲਾ, ਪਿੰਡ ਸਾਰਚੂਰ, ਤਹਿਸੀਲ ਬਟਾਲਾ, ਪਿੰਡ ਮਾਨਸੈੱਡਵਾਲ, ਤਹਿਸੀਲ ਫਤਿਹਗੜ ਚੂੜੀਆਂ, ਪਿੰਡ ਮਨੋਹਰਪੁਰ ਪੱਤੀ, ਤਹਿਸੀਲ ਬਟਾਲਾ, ਪਿੰਡ ਦੋਲਤਪੁਰ, ਤਹਿਸੀਲ ਬਟਾਲਾ, ਪਿੰਡ ਸਰਵਾਲੀ, ਤਹਿਸੀਲ ਬਟਾਲਾ ਦੇ ਨੰਬਰਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਜਿਲ੍ਹਾ ਪ੍ਰਸ਼ਾਸਨ ਦੀਆਂ ਸਿਵਲ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਵਲੋਂ ਇਕੱਲੇ-ਇਕੱਲੇ ਪਿੰਡ ਵਿੱਚ ਜਾ ਕੇ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਦੇ ਨਾਲ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਵੱਖ ਵੱਖ ਵਿਭਾਗਾਂ ਤੋਂ ਇਲਾਵਾ ਨੰਬਰਦਾਰਾਂ ਆਦਿ ਦੀ ਜ਼ਿੰਮੇਵਾਰੀ ਨਿਰਧਾਰਿਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਇੰਨਬਿੰਨ ਲਾਗੂ ਕੀਤਾ ਜਾਵੇਗਾ ਤੇ ਡਿਊਟੀ ਵਿੱਚ ਕੁਤਾਹੀ ਜਾਂ ਢਿੱਲਮੱਠ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਪਰਾਲੀ/ਨਾੜ ਨੂੰ ਅੱਗ ਨਾ ਲਾਉਣ। ਪਰਾਲੀ ਪ੍ਰਬੰਧਨ ਲਈ ਉਪਲੱਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ। ਰਾਤ ਸਮੇਂ ਝੋਨੇ ਦੀ ਫਸਲ ਦੀ ਕਟਾਈ ਨਾ ਕੀਤੀ ਜਾਵੇ ਤੇ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।