ਡਿਪਟੀ ਕਮਿਸ਼ਨਰ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ
ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
ਬਟਾਲਾ, 12 ਅਕਤੂਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵਲੋਂ ਬਟਾਲਾ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਐਸ ਡੀ ਐਮ ਬਟਾਲਾ, ਵਿਕਰਮਜੀਤ ਸਿੰਘ, ਸੁਖਜਿੰਦਰ ਸਿੰਘ,ਡੀ.ਐਫ.ਐਸ.ਸੀ, ਕੁਲਜੀਤ ਸਿੰਘ ਜਿਲ੍ਹਾ ਮੰਡੀ ਅਫਸਰ, ਸਾਹਿਬ ਸਿੰਘ,ਸਕੱਤਰ ਮਾਰਕਿਟ ਕਮੇਟੀ ਬਟਾਲਾ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਅਤੇ ਕਿਸਾਨ ਵੀ ਮੌਜੂਦ ਸਨ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ‘ਚ ਖ਼ਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਮੰਡੀ ਵਿੱਚ ਆਏ ਝੋਨੇ ਦੀ ਨਾਲੋਂ ਨਾਲ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇ ਤੇ ਮੰਡੀ ‘ਚ ਆਏ ਝੋਨੇ ਦੀ ਪੱਖਾ ਲਗਾਉਣ ਉਪਰੰਤ ਤੁਰੰਤ ਖ਼ਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਆਮਦ ਮੰਡੀਆਂ ਵਿੱਚ ਤੇਜ਼ੀ ਨਾਲ ਹੋਵੇਗੀ ਇਸ ਲਈ ਹੁਣ ਖ਼ਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਵੀ ਨਾਲੋਂ ਨਾਲ ਕੀਤੀ ਜਾਵੇ ਤਾਂ ਜੋ ਮੰਡੀਆਂ ‘ਚ ਕਿਸਾਨਾਂ ਨੂੰ ਜਗ੍ਹਾ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਸ ਦੀ ਖ਼ਰੀਦ ਤੁਰੰਤ ਕੀਤੀ ਜਾ ਸਕੇ ਤੇ ਕਿਸਾਨਾਂ ਨੂੰ ਵੀ ਮੰਡੀ ਵਿੱਚ ਬੈਠਣਾ ਨਾ ਪਵੇ।
ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ/ਨਾੜ ਨੂੰ ਅੱਗ ਨਾ ਲਾਉਣ।ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ, ਨਵੀਨਤਮ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਆਸਾਨੀ ਨਾਲ ਖੇਤਾਂ ਵਿੱਚ ਹੀ ਮਿਲਾ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ‘ਉੱਨਤ ਕਿਸਾਨ’ ਮੋਬਾਇਲ ਐਪ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਰਾਹੀਂ ਕਿਸਾਨ ਆਪਣੇ ਨੇੜੇ ਮੌਜੂਦ ਪਰਾਲੀ ਪ੍ਰਬੰਧਨ ਵਾਲੀ ਮਸ਼ੀਨਰੀ ਦੀ ਆਸਾਨੀ ਨਾਲ ਬੁਕਿੰਗ ਕਰਵਾ ਸਕਦੇ ਹਨ।
ਇਸ ਮੌਕੇ ਗੱਲ ਕਰਦਿਆਂ ਸੁਖਜਿੰਦਰ ਸਿੰਘ,ਡੀਐਫਐਸਸੀ ਨੇ ਦੱਸਿਆ ਕਿ ਪਨਗਰੇਨ ਵਲੋਂ 1427 ਮੀਟਰਕ ਟਨ, ਮਾਰਕਫੈੱਡ ਵਲੋਂ 943, ਪਨਸਪ ਵਲੋਂ 539 ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 357 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 3266 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ ਅਤੇ ਖਰੀਦ ਕੀਤੀ ਫਸਲ ਦੀ ਚੁਕਾਈ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ।