Close

Recent Posts

ਗੁਰਦਾਸਪੁਰ

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ-9 ਐਫ.ਆਈ.ਆਰ ਦਰਜ

ਪਰਾਲੀ ਨੂੰ ਅੱਗ ਲਾਉਣ ਵਾਲਿਆਂ ਵਿਰੁੱਧ ਪ੍ਰਸ਼ਾਸ਼ਨ ਹੋਇਆ ਸਖ਼ਤ-9 ਐਫ.ਆਈ.ਆਰ ਦਰਜ
  • PublishedOctober 17, 2024

ਪਰਾਲੀ ਨਾ ਸਾੜਨ ਲਈ ਜਾਗਰੂਕਤਾ ਮੁਹਿੰਮ ਤਹਿਤ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਤੱਕ ਕੀਤੀ ਗਈ ਹੈ ਸਿੱਧੀ ਪਹੁੰਚ

ਗੁਰਦਾਸਪੁਰ,17 ਅਕਤੂਬਰ 2024 (ਦੀ ਪੰਜਾਬ ਵਾਇਰ )। ਜਿਲ੍ਹਾ ਪ੍ਰਸ਼ਾਸ਼ਨ ਗੁਰਦਾਸਪੁਰ ਵਲੋਂ ਪਰਾਲੀ ਨੂੰ ਅੱਗ ਲਾਏ ਜਾਣ ਤੋਂ ਰੋਕਣ ਲਈ ਜਿੱਥੇ ਵੱਡੀ ਪੱਧਰ ’ਤੇ ਪਿੰਡ-ਪਿੰਡ ਜਾ ਕੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਉੱਥੇ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਚਲਾਨ ਕਰਨ ਦੇ ਨਾਲ-ਨਾਲ ਐਫ.ਆਈ.ਆਰ ਵੀ ਦਰਜ ਕੀਤੀਆਂ ਜਾ ਰਹੀਆਂ ਹਨ।

ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨਾ ਸਾੜਨ ਲਈ ਜਿਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਹਾਈਕੋਰਟ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਵੀ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਪਰਾਲੀ ਨੂੰ ਅੱਗ ਲੱਗਣ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਕਰਦੇ ਹੋਏ ਪਿੰਡ ਵੀਲਾ ਤੇਜਾ ਦੇ 1 ਕਿਸਾਨ ਵਿਰੁੱਧ ਪੁਲਿਸ ਥਾਣਾ ਫਤਿਹਗੜ੍ਹ ਚੂੜੀਆਂ ਵਿੱਚ, ਪਿੰਡ ਰੰਗੜ ਨੰਗਲ ਦੇ 1 ਕਿਸਾਨ ਵਿਰੁੱਧ ਪੁਲਿਸ ਥਾਣਾ ਰੰਗੜ ਨੰਗਲ ਵਿੱਚ, ਪਿੰਡ ਧੀਰ ਤੇ ਮਰੜ ਦੇ 1-1 ਕਿਸਾਨਾਂ ਵਿਰੁੱਧ ਪੁਲਿਸ ਥਾਣਾ ਸਦਰ ਵਿੱਚ, ਪਿੰਡ ਸਾਰਚੂਰ ਦੇ 1 ਕਿਸਾਨ, ਪਿੰਡ ਮਾਨਸੈਂਡਵਾਲ ਦੇ 2 ਕਿਸਾਨਾਂ, ਪਿੰਡ ਖਹਿਰਾਂ ਕਲਾਂ ਦੇ 1 ਕਿਸਾਨ ਅਤੇ ਪਿੰਡ ਜਾਂਗਲਾ ਦੇ 1 ਕਿਸਾਨ ਵਿਰੁੱਧ ਪੁਲਿਸ ਥਾਣਾ ਘਣੀਏ-ਕੇ-ਬਾਂਗਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ ਹੈ ਅਤੇ ਪਰਾਲੀ ਪ੍ਰਬੰਧਨ ਲਈ ਜਿਲ੍ਹੇ ਵਿੱਚ ਲੋਂੜੀਦੀ ਖੇਤੀ ਮਸ਼ੀਨਰੀ ਉਪਲੱਬਧ ਹੈ ਅਤੇ ਉਸ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ ਅਤੇ ਲਗਾਤਾਰ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਦੇ ਉੱਚ ਅਧਿਕਾਰੀਆਂ ਵਲੋਂ ਰੋਜ਼ਾਨਾ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਸਬਸਿਡੀ ਉੱਪਰ ਮਿਲੀ ਮਸ਼ੀਨਰੀ ਦੀ ਸਹੀ ਵਰਤੋਂ ਕਰਕੇ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪਿੰਡਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ ਉਪਲਬਧ ਕਰਵਾਏ ਗਏ ਹਨ ਤਾਂ ਜੋ ਪਰਾਲੀ ਨੂੰ ਗੱਠਾਂ ਬਣਾਕੇ ਬਾਇਲਰ ਯੂਨਿਟਾਂ ਵਿਚ ਬਾਲਣ ਦੇ ਤੌਰ ’ਤੇ ਵਰਤਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸਬਸਿਡੀ ਉੱਪਰ ਦਿੱਤੀ ਮਸ਼ੀਨਰੀ ਦਾ ਸਹੀ ਇਸਤੇਮਾਲ ਕਰਦੇ ਹੋਏ ਪਰਾਲੀ ਨੂੰ ਸਾੜਨ ਦੀ ਥਾਂ ਖੇਤਾਂ ਵਿਚ ਨਿਪਟਾਰਾ ਕਰਨ ਜਿਸ ਨਾਲ ਨਾ ਸਿਰਫ ਜ਼ਮੀਨ ਦੀ ਸਿਹਤ ਵਿਚ ਸੁਧਾਰ ਹੋਵੇਗਾ ਸਗੋਂ ਵਾਤਾਵਰਣ ਸੰਭਾਲ ਵਿਚ ਵੀ ਮਦਦ ਮਿਲੇਗੀ।

Written By
The Punjab Wire