ਗੁਰਦਾਸਪੁਰ

ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਬਟਾਲਾ ਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਵਲੋਂ ਬਟਾਲਾ ਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
  • PublishedOctober 19, 2024

ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕੀਤੀ ਅਪੀਲ

ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਮਿਲੇ-ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਕੀਤੀ ਜਾਵੇਗੀ

ਬਟਾਲਾ/ਫਤਿਹਗੜ੍ਹ ਚੂੜੀਆ, 19 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਲਈ ਕਿਸਾਨਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਸ੍ਰੀ ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਮਿਲਣ ਲਈ ਬਲਾਕ ਬਟਾਲਾ ਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਨਾਇਬ ਤਹਿਸੀਲਦਾਰ ਅਭਿਸ਼ੇਕ ਵਰਮਾ, ਵੱਖ ਵੱਖ ਵਿਭਾਗਾਂ ਦੇ ਅਤੇ ਪੁਲਿਸ ਅਧਿਕਾਰੀ ਮੋਜੂਦ ਸਨ।

ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ ਵਲੋ ਪਿੰਡ ਬੱਜੂਮਾਨ, ਸ਼ੇਖੂਪੁਰ, ਚਿੱਟ, ਸਰੂਪਵਾਲੀ, ਹਰਦੋਝੰਡੇ ਤੇ ਢਡਿਆਲਾ ਨੱਤ ਦਾ ਦੌਰਾ ਕਰਦਿਆਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਪੂਰੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਆਸਾਨੀ ਨਾਲ ਖੇਤੀ ਮਸ਼ੀਨਰੀ ਲਈ ਪਾਬੰਦ ਕੀਤੇ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ। ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ। ਉਨ੍ਹਾਂ ਕਿਹਾ ਕਿ ਜਦ ਸਾਡੇ ਕੋਲ ਪਰਾਲੀ ਪ੍ਰਬੰਧਨ ਲਈ ਤਕਨੀਕਾਂ ਮੌਜੂਦ ਹਨ ਤਾਂ ਸਾਨੂੰ ਇਨ੍ਹਾਂ ਤਕਨੀਕਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਇਸ ਨਾਲ ਜਿਥੇ ਵਾਤਾਵਰਣ ਪਲੀਤ ਹੋਣ ਤੋਂ ਬਚਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ ਤੇ ਖਾਦਾਂ ਦੀ ਵਰਤੋਂ ‘ਚ ਵੀ ਕਮੀ ਆਉਂਦੀ ਹੈ।

ਇਸ ਮੌਕੇ ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਵੀ ਮਿਲੇ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੰਡੀਆਂ ਵਿੱਚ ਕਿਸਾਨਾਂ ਦੀ ਝੋਨੇ ਦੀ ਫਸਲ ਦੀ ਖਰੀਦ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਪੂਰਾ ਮੁੱਲ ਅਤੇ ਫਸਲ ਸਮੇਂ ਸਿਰ ਚੁੱਕਣ ਲਈ ਪ੍ਰਸ਼ਾਸਨ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

Written By
The Punjab Wire