ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਦੀ ਅਪੀਲ
ਗੁਰਦਾਸਪੁਰ, 20 ਅਕਤੂਬਰ 2024 (ਦੀ ਪੰਜਾਬ ਵਾਇਰ)। ਅੱਜ ਜਦੋਂ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ, ਕਾਹਨੂੰਵਾਨ ਅਤੇ ਕਾਦੀਆਂ ਦਾਣਾ ਮੰਡੀ ਦਾ ਦੌਰਾ ਕਰਕੇ ਵਾਪਸ ਗੁਰਦਾਸਪੁਰ ਨੂੰ ਆ ਰਹੇ ਸਨ ਤਾਂ ਉਨ੍ਹਾਂ ਪਿੰਡ ਬੁੱਟਰ ਕਲਾਂ ਨੇੜੇ ਖੇਤ ਵਿੱਚ ਲੱਗੀ ਅੱਗ ਨੂੰ ਦੇਖਿਆ। ਡਿਪਟੀ ਕਮਿਸ਼ਨਰ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਲੱਗੀ ਅੱਗ ਨੂੰ ਬੁਝਾ ਦਿੱਤਾ।
ਅੱਜ ਜਿਥੇ ਡਿਪਟੀ ਕਮਿਸ਼ਨਰ ਵਲੋਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਗਿਆ, ਉਥੇ ਉਨਾਂ ਵਲੋਂ ਪਿੰਡ ਡੇਅਰੀਵਾਲ, ਧਾਰੀਵਾਲ ਕਲਾਂ, ਛੀਨਾ ਰੇਤ ਵਾਲਾ, ਗਿੱਲ ਮੰਜ, ਮੱਲੀਆਂ, ਕਾਲਾ ਬਾਲਾ, ਕੋਟ ਯੋਗਰਾਜ, ਸਠਿਆਲੀ , ਬੁੱਟਰ ਕਲਾਂ ਅਤੇ ਠੱਕਰ ਸੰਧੂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਪਰਾਲੀ ਨਾ ਸਾੜਨ ਦੀ ਅਪੀਲ ਤੇ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿਸਾਨ ਵੀਰਾਂ ਤੋਂ ਵੀ ਸਹਿਯੋਗ ਵੀ ਮਿਲ ਰਿਹਾ ਹੈ ਅਤੇ ਜਦ ਕਿਤੇ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਨੂੰ ਸਮਝਾਉਣ ਲਈ ਵੀ ਯਤਨ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਕਿਸਾਨਾਂ ਨੂੰ ਆਸਾਨੀ ਨਾਲ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਾਬੰਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕਰੀਬ 400 ਸੁਪਰਸੀਡਰ ਅਤੇ 200 ਬੇਲਰ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਜਿ਼ਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕੀਤਾ ਜਾਵੇ ਅਤੇ ਪਰਾਲੀ/ਨਾੜ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।
ਇਸ ਮੌਕੇ ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਕਾਨੂੰਗੋ ਰਜਿੰਦਰ ਸਿੰਘ, ਐਸ ਐਚ ਓ ਪਰਮਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਮੋਜੂਦ ਸਨ।