ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸੜਕਾਂ ਤੇ ਖੱਜਲ ਹੋ ਰਿਹਾ ਕਿਸਾਨ-ਪਾਹੜਾ
ਗੁਰਦਾਸਪੁਰ, 21 ਅਕਤੂਬਰ 2024 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਮੰਡੀਆਂ ਵਿੱਚੋਂ ਫ਼ਸਲ ਦੀ ਚੁਕਾਈ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਜਿਸ ਕਾਰਨ ਤਿਉਹਾਰੀ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਸੜਕਾਂ ‘ਤੇ ਉਤਰ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ |
ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਾਰ 24 ਘੰਟੇ ਅੰਦਰ ਫਸਲ ਚੁੱਕਣ ਦੇ ਦਾਅਵੇ ਕਰਦੀ ਆ ਰਹੀ ਹੈ ਪਰ ਕਿਸਾਨਾਂ ਨੂੰ ਹਮੇਸ਼ਾ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਝੋਨੇ ਦੇ ਸੀਜ਼ਨ ਦੇ ਨਾਲ-ਨਾਲ ਤਿਉਹਾਰਾਂ ਦਾ ਸੀਜ਼ਨ ਵੀ ਚੱਲ ਰਿਹਾ ਹੈ। ਪਰ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਨਹੀਂ ਚੁੱਕੀ ਜਾ ਰਹੀ। ਜਿਸ ਕਾਰਨ ਤਿਉਹਾਰਾਂ ਦੇ ਬਾਵਜੂਦ ਕਿਸਾਨਾਂ ਨੂੰ ਕਈ ਦਿਨਾਂ ਤੋਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਪਾਸੇ ਜਿੱਥੇ ਮੰਡੀਆਂ ਵਿੱਚ ਖਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ, ਉੱਥੇ ਹੀ ਦੂਜੇ ਪਾਸੇ ਮਜ਼ਦੂਰਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਜ਼ਦੂਰ ਵਰਗ ਲਈ ਆਪਣਾ ਗੁਜ਼ਾਰਾ ਚਲਾਉਣਾ ਵੀ ਔਖਾ ਹੋ ਗਿਆ ਹੈ।
ਪਾਹੜਾ ਨੇ ਕਿਹਾ ਕਿ ਪੰਜਾਬ ਵਿੱਚ ਵੱਡੇ-ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਆਪਣੇ ਹੱਕਾਂ ਲਈ ਲੜ ਰਹੇ ਕਿਸਾਨ ਨੈਸ਼ਨਲ ਹਾਈਵੇ ਜਾਮ ਕਰ ਰਹੇ ਹਨ। ਜਿੱਥੇ ਕਿਸਾਨਾਂ ਨੂੰ ਦਿਨ-ਰਾਤ ਸੜਕਾਂ ‘ਤੇ ਹੋਣ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਅਤੇ ਹੋਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ।