ਪੰਜਾਬ ਮੁੱਖ ਖ਼ਬਰ

ਡੇਰਾਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਚ ਵਾਧਾ: ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ, 4 ਦਿਨ ਪਹਿਲਾਂ SC ਨੇ ਹਟਾਈ ਸੀ ਸਟੇਅ

ਡੇਰਾਮੁਖੀ ਰਾਮ ਰਹੀਮ ਦੀਆਂ ਮੁਸੀਬਤਾਂ ਚ ਵਾਧਾ: ਬੇਅਦਬੀ ਮਾਮਲਿਆਂ ‘ਚ ਕੇਸ ਚਲਾਉਣ ਦੀ ਸਰਕਾਰ ਨੇ ਦਿੱਤੀ ਮਨਜ਼ੂਰੀ, 4 ਦਿਨ ਪਹਿਲਾਂ SC ਨੇ ਹਟਾਈ ਸੀ ਸਟੇਅ
  • PublishedOctober 22, 2024

ਚੰਡੀਗੜ੍ਹ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਡੇਰਾਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀਆਂ ਮੁਸ਼ਕਿਲਾਂ ਚ ਵਾਧਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਵਿੱਚ ਉਸ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਉਸ ਦੀ ਸੁਣਵਾਈ ਫਰੀਦਕੋਟ ਦੀ ਅਦਾਲਤ ਵਿੱਚ ਹੋਵੇਗੀ। ਜੇਕਰ ਭਵਿੱਖ ਵਿੱਚ ਲੋੜ ਪਈ ਤਾਂ ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਸੁਪਰੀਮ ਕੋਰਟ ਨੇ ਕਰੀਬ ਚਾਰ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਦੇ ਮਾਮਲਿਆਂ ਦੀ ਸੁਣਵਾਈ ਤੋਂ ਲਗਾਈ ਰੋਕ ਹਟਾ ਦਿੱਤੀ ਸੀ। ਨਾਲ ਹੀ ਇਸ ਮਾਮਲੇ ਵਿੱਚ ਡੇਰਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਗਿਆ ਹੈ।

ਬੇਅਦਬੀ ਦਾ ਮੁੱਦਾ ਪੰਜਾਬ ਵਿਧਾਨ ਸਭਾ ਵਿੱਚ ਵੀ ਉਠਾਇਆ ਗਿਆ। ਕਾਂਗਰਸੀ ਵਿਧਾਇਕਾਂ ਨੇ ਇਹ ਮੁੱਦਾ ਚੁੱਕਿਆ ਸੀ। ਉਨ੍ਹਾਂ ਕਿਹਾ ਕਿ ਡੇਰਾਮੁਖੀ ਦੀ ਫਾਈਲ ਕਰੀਬ ਢਾਈ ਸਾਲਾਂ ਤੋਂ ਮੁੱਖ ਮੰਤਰੀ ਦਫ਼ਤਰ ਵਿੱਚ ਪਈ ਹੈ। ਮੁੱਖ ਮੰਤਰੀ ਕੋਲ ਸਿਰਫ ਗ੍ਰਹਿ ਵਿਭਾਗ ਹੈ। ਪਰ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਵਿਧਾਨ ਸਭਾ ਵਿੱਚ ਇਹ ਮੁੱਦਾ ਉਠਾਇਆ। ਹਾਲਾਂਕਿ ਸੀਐਮ ਭਗਵੰਤ ਨੇ ਸਾਫ਼ ਕਿਹਾ ਸੀ ਕਿ ਇਸ ਮਾਮਲੇ ਵਿੱਚ ਨਵੇਂ ਤੱਥ ਸਾਹਮਣੇ ਆਏ ਹਨ। ਨਾਲ ਹੀ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇਗੀ।

Written By
The Punjab Wire