ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ
ਗੁਰਦਾਸਪੁਰ, 22 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਡਿਪਟੀ ਰਜਿਸਟਰਾਰ ਕੋਆਪਰੇਟਿਵ ਸੋਸਾਇਟੀ ਡਾ.ਜਸਪਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ, ਡੇਰਾ ਬਾਬਾ ਨਾਨਕ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਅਤੇ ਸਟਾਫ ਮੈਂਬਰ ਹਾਜਰ ਸਨ।
ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਧਿਆਨ ਵਿੱਚ ਡੀ.ਏ.ਪੀ ਖਾਦ ਦੀ ਪੂਰਤੀ, ਮੰਡੀਆਂ ਦੇ ਵਿੱਚ ਝੋਨੇ ਦੀ ਖਰੀਦ ਅਤੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਬੇਲਰ ਆਪਰੇਟਰਾਂ ਦੇ ਸਬੰਧ ਵਿੱਚ ਮੁਸ਼ਕਿਲਾਂ ਦੱਸੀਆਂ ਗਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਥੇਬੰਦੀਆਂ ਨੂੰ ਭਰੋਸਾ ਦਵਾਇਆ ਗਿਆ ਕਿ ਉਨਾਂ ਦੀ ਹਰ ਮੁਸ਼ਕਿਲ ਦਾ ਹੱਲ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇਗਾ। ਜਿਲ੍ਹੇ ਵਿੱਚ ਡੀ ਏ ਪੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।
ਉਨਾਂ ਨੇ ਇਹ ਵੀ ਕਿਹਾ ਕਿ ਝੋਨੇ ਦੀ ਕਟਾਈ ਅਤੇ ਕਣਕ ਦੀ ਬਿਜਾਈ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ।