ਗੁਰਦਾਸਪੁਰ ਪੰਜਾਬ

ਪੰਜਾਬ ਦੀਆਂ ਮੰਡੀਆਂ ਵਿੱਚੋਂ 26 ਲੱਖ ਮੀਟਰਕ ਟਨ ਦੀ ਝੋਨੇ ਦੀ ਹੋਈ ਨਿਰਵਿਘਨ ਖ਼ਰੀਦ : ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ

ਪੰਜਾਬ ਦੀਆਂ ਮੰਡੀਆਂ ਵਿੱਚੋਂ 26 ਲੱਖ ਮੀਟਰਕ ਟਨ ਦੀ ਝੋਨੇ ਦੀ ਹੋਈ ਨਿਰਵਿਘਨ ਖ਼ਰੀਦ : ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ
  • PublishedOctober 22, 2024

ਕਿਸਾਨਾਂ ਦੇ ਖਾਤਿਆਂ ’ਚ 4000 ਕਰੋੜ ਰੁਪਏ ਦੀ ਅਦਾਇਗੀ ਹੋਈ

ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਵਲੋਂ ਗੁਰਦਾਸਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਗਿਆ ਜਾਇਜ਼ਾ

ਗੁਰਦਾਸਪੁਰ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਝੋਨੇ ਦੀ ਫਸਲ ਦਾ ਦਾਣਾ-ਦਾਣਾ ਖਰੀਦ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦਾਣਾ ਮੰਡੀ ਗੁਰਦਾਸਪੁਰ ਵਿਖੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਵਲੋਂ ਸੂਬੇ ਵਿੱਚ ਝੋਨੇ ਦੀ ਫਸਲ ਦੀ ਸਮੁੱਚੀ ਖਰੀਦ, ਚੁਕਾਈ ਤੇ ਅਦਾਇਗੀ ਪ੍ਰਕਿਰਿਆ ‘ਤੇ ਲਗਾਤਾਰ ਉੱਚ ਅਧਿਕਾਰੀਆਂ ਕੋਲੋ ਜਾਣਕਾਰੀ ਲਈ ਜਾ ਰਹੀ ਹੈ ਅਤੇ ਸਰਕਾਰ ਵਚਨਬੱਧ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਸੂਬੇ ਦੀਆਂ ਦਾਣਾ ਮੰਡੀਆਂ ਵਿੱਚ 29 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 26 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ ਲਗਭਗ 4000 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਹਨ।

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਖੜੀ ਹੈ ਅਤੇ ਮਿਥੇ ਗਏ ਭਾਅ ਅਤੇ ਖਰੀਦ ਕੀਤੀ ਫਸਲ ਦੀ 24 ਘੰਟੇ ਅੰਦਰ ਅਦਾਇਗੀ ਯਕੀਨੀ ਬਣਾਈ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ ਇਕ ਦਾਣਾ ਖਰੀਦਿਆਂ ਜਾਵੇਗਾ ਪਰ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਨਾ ਲੱਗਣ ਇਸ ਲਈ ਜਰੂਰੀ ਹੈ ਕਿ ਕਿਸਾਨ, ਮੰਡੀ ਵਿੱਚ ਸੁੱਕੀ ਫਸਲ ਲੈ ਕੇ ਹੀ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਇਸ ਉਪਰੰਤ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਵਲੋਂ ਮਾਰਕੀਟ ਕਮੇਟੀ ਦਫ਼ਤਰ,ਗੁਰਦਾਸਪੁਰ ਵਿਖੇ ਝੋਨੇ ਦੀ ਖਰੀਦ ਸਬੰਧੀ ਆੜਤੀਆਂ, ਇੰਸਪੈਕਟਰਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਵਿਚਾਰ ਵਟਾਂਦਰੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਨਿਰਵਿਘਨ ਖਰੀਦ ਤੇ ਚੁਕਾਈ ਕੀਤੀ ਜਾਵੇਗੀ ਤੇ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਅੱਗੇ ਵਦੱਸਿਆ ਕਿ ਗੁਰਦਾਸਪੁਰ ਦਾਣਾ ਮੰਡੀ ਵਿੱਚ 32000 ਮੀਟਰਕ ਟਨ ਦੀ ਖਰੀਦ ਕੀਤੀ ਜਾਣੀ ਹੈ, ਜਿਸ ਵਿਚੋਂ ਕਰੀਬ 5500 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ

ਦਾਣਾ ਮੰਡੀ ਗੁਰਦਾਸਪੁਰ ਵਿਚ ਲਿਫਟਿੰਗ ਨੇ ਫੜੀ ਤੇਜ਼ੀ :

ਇਸ ਮੌਕੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਚੱਕ ਵਲੋਂ ਦਾਣਾ ਮੰਡੀ ਵਿੱਚ ਝੋਨੇ ਦੀ ਕੀਤੀ ਜਾ ਲਿਫਟਿੰਗ ਦੀ ਜਾਣਕਾਰੀ ਵੀ ਲਈ ਗਈ।

ਉਨ੍ਹਾਂ ਦੱਸਿਆ ਕਿ ਅਗਲੇ ਇੱਕ ਦੋ ਦਿਨਾਂ ਵਿੱਚ ਮੰਡੀਆਂ ਵਿਚ ਫਸਲ ਦੀ ਚੁਕਾਈ ਵਿੱਚ ਹੋਰ ਤੇਜ਼ੀ ਆਵੇਗੀ, ਜਿਸ ਨਾਲ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ।

ਉਨ੍ਹਾਂ ਕਿਹਾ ਕਿ ਸਮੂਹ ਧਿਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰਾਤ ਸਮੇਂ ਫਸਲ ਦੀ ਕਟਾਈ ਨਾ ਕਰਨ। ਮੰਡੀਆਂ ਵਿੱਚ ਸੁੱਕੀ ਫਸਲ ਲਿਆਂਦੀ ਜਾਵੇ। ਝੋਨੇ ਦੀ ਕਟਾਈ ਕਰਨ ਤੋਂ ਬਾਅਦ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਈ ਜਾਵੇ। ਪਰਾਲੀ/ਨਾੜ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕੀਤੀ ਜਾਵੇ।

ਇਸ ਮੌਕੇ ਭਾਰਤ ਭੂਸ਼ਣ ਸ਼ਰਮਾ, ਚੇਅਰਮੈਨ, ਮਾਰਕਿਟ ਕਮੇਟੀ ਗੁਰਦਾਸਪੁਰ, ਅਜੇ ਬਾਵਾ ਬਹਿਲ, ਹਨੀ ਬਹਿਲ, ਚੇਅਰਮੈਨ ਸੁੱਚਾ ਸਿੰਘ ਮੁਲਤਾਨੀ ਅਤੇ ਅਧਿਕਾਰੀ ਮੋਜੂਦ ਸਨ।

Written By
The Punjab Wire