ਗੁਰਦਾਸਪੁਰ

ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਬਟਾਲਾ ਪੁਲਿਸ ਤਾਇਨਾਤ ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਬਟਾਲਾ ਪੁਲਿਸ ਤਾਇਨਾਤ  ਸਿਪਾਹੀ ਨੂੰ 2000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਰੰਗੇ ਹੱਥੀਂ ਕਾਬੂ
  • PublishedOctober 22, 2024

ਬਟਾਲਾ, 22 ਅਕਤੂਬਰ, 2024 (ਦੀ ਪੰਜਾਬ ਵਾਇਰ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਦਿਆਲਗੜ੍ਹ, ਥਾਣਾ ਸਦਰ ਬਟਾਲਾ ਵਿਖੇ ਤਾਇਨਾਤ ਇੱਕ ਪੁਲਿਸ ਸਿਪਾਹੀ ਗੁਰਪ੍ਰੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਲਜੀਤ ਸਿੰਘ ਵਾਸੀ ਪਿੰਡ ਕੋਟ ਕਰਮ ਚੰਦ, ਡੇਰਾ ਰੋਡ, ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸ ਦੇ ਖ਼ਿਲਾਫ਼ ਆਬਕਾਰੀ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਨੇ ਉਸ ਕੋਲੋਂ ਨਿੱਜੀ ਤਲਾਸ਼ੀ ਦੌਰਾਨ ਬਰਾਮਦ ਹੋਇਆ ਇੱਕ ਮੋਬਾਈਲ ਫੋਨ ਛੁਡਾਉਣ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Written By
The Punjab Wire