Close

Recent Posts

ਪੰਜਾਬ

ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ

ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ: ਅਕਾਲੀ ਦਲ
  • PublishedOctober 22, 2024

ਕੋਰ ਕਮੇਟੀ ਵੱਲੋਂ ਹਾਲਾਤਾਂ ਬਾਰੇ ਰਾਜਪਾਲ ਨੂੰ ਜਾਣੂ ਕਰਵਾਉਣ ਦਾ ਫੈਸਲਾ,

ਕੋਰ ਕਮੇਟੀ ਨੇ ਪੰਥ ਵਿਰੋਧੀ ਆਪ-ਭਾਜਪਾ ਗਠਜੋੜ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਦਾ ਗੰਭੀਰ ਨੋਟਿਸ ਲਿਆ: ਬਿਕਰਮ ਸਿੰਘ ਮਜੀਠੀਆ

ਚੰਡੀਗੜ੍ਹ, 22 ਅਕਤੂਬਰ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮੰਡੀਆਂ ਵਿਚ ਕਿਸਾਨਾਂ ਦੀ ਦੁਰਦਸ਼ਾ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ ਅਤੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਇਸ ਲਈ ਖੱਜਲ ਖੁਆਰ ਹੋਣਾ ਪੈ ਰਿਹੈ ਕਿਉਂਕਿ ਉਹਨਾਂ ਨੇ ਮੁੱਖ ਮੰਤਰੀ ਦੀ ਅਪੀਲ ਸਵੀਕਾਰ ਕਰਦਿਆਂ ਪੀ ਆਰ 126 ਵਰਗੀ ਕਿਸਮ ਦੇ ਝੋਨੇ ਦੀ ਬਿਜਾਈ ਕੀਤੀ ਜਿਸਦੀ ਹੁਣ ਖਰੀਦ ਨਹੀਂ ਕੀਤੀ ਜਾ ਰਹੀ।

ਇਥੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਝੋਨੇ ਦੀ ਖਰੀਦ ਵਿਚ ਨਾਕਾਮੀ ਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਲਈ ਉਹਨਾਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਪਾਰਟੀ ਦਾ ਵਫਦ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਛੇਤੀ ਹੀ ਮਿਲ ਕੇ ਉਹਨਾਂ ਨੂੰ ਹਾਲਾਤ ਤੋਂ ਜਾਣੂ ਕਰਵਾਏਗਾ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਜਿਸ ਤਰੀਕੇ ਕਿਸਾਨਾਂ ਨੂੰ ਆਪਣੀ ਜਿਣਸ ਐਮ ਐਸ ਪੀ ਨਾਲੋਂ ਘੱਟ ਰੇਟ ’ਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਤੇ ਇਸ ਵਿਚ ਆਪ ਦੇ ਅਹੁਦੇਦਾਰਾਂ ਤੇ ਪ੍ਰਾਈਵੇਟ ਵਪਾਰੀਆਂ ਦੀ ਜੋ ਭੂਮਿਕਾ ਹੈ, ਉਸਦੀ ਸੀ ਬੀ ਆਈ ਜਾਂਚ ਕਰਵਾਈ ਜਾਵੇ।

ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਉਹ ਪਾਣੀ ਦੀ ਬੱਚਤ ਕਰਨ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਪਰ ਹੁਣ ਮਾਰਕਫੈਡ, ਪਨਗ੍ਰੇਨ ਤੇ ਪਨਸਪ ਸਮੇਤ ਸਰਕਾਰੀ ਏਜੰਸੀਆਂ ਝੋਨੇ ਦੀਆਂ ਇਹਨਾਂ ਕਿਸਮਾਂ ਦੀ ਖਰੀਦ ਨਹੀਂ ਕਰ ਰਹੀਆਂ ਜਿਸ ਕਾਰਣ ਕਿਸਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਅਨੇਕਾਂ ਕਿਸਾਨਾਂ ਨਾਲ ਆਪ ਦੇ ਅਹੁਦੇਦਾਰਾਂ ਤੇ ਪ੍ਰਾਈਵੇਟ ਵਪਾਰੀਆਂ ਨੇ ਠੱਗੀ ਮਾਰੀ ਹੈ ਤੇ ਉਹਨਾਂ ਨੇ ਕਿਸਾਨਾਂ ਨੂੰ ਐਮ ਐਸ ਪੀ ਨਾਲੋਂ 300 ਤੋਂ 400 ਰੁਪਏ ਪ੍ਰਤੀ ਕੁਇੰਟਲ ਘੱਟ ਰੇਟ ’ਤੇ ਆਪਣੀ ਜਿਣਸ ਵੇਚਣ ਲਈ ਮਜਬੂਰ ਕੀਤਾ ਹੈ।

ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਬਾਸਮਤੀ ਬੀਜਣ ਵਾਲੇ ਕਿਸਾਨਾਂ ਨੂੰ ਤਾਂ ਹੋਰ ਵੀ ਵੱਡੀ ਮਾਰ ਪੈ ਰਹੀ ਹੈ। ਉਹਨਾਂ ਕਿਹਾ ਕਿ ਮੰਡੀਆਂ ਵਿਚ ਬਾਸਮਤੀ 2700 ਰੁਪਏ ਪ੍ਰਤੀ ਕੁਇੰਟਲ ਵਿਕ ਰਹੀ ਹੈ ਜਦੋਂ ਕਿ ਪਿਛਲੇ ਸਾਲ ਇਹ 4 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਵਿਕ ਰਹੀ ਸੀ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਏਕੜ 20 ਤੋਂ 30 ਹਜ਼ਾਰ ਰੁਪਏ ਦਾ ਘਾਟਾ ਝੱਲਣਾ ਪੈ ਰਿਹਾ ਹੈ ਪਰ ਸਰਕਾਰ ਕਿਸਾਨਾਂ ਦੇ ਬਚਾਅ ਵਾਸਤੇ ਦਖਲ ਨਹੀਂ ਦੇ ਰਹੀ।

ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਦਾ ਕੋਈ ਵੀ ਮੰਤਰੀ ਮੰਡੀਆਂ ਵਿਚ ਨਹੀਂ ਆਇਆ ਤੇ ਉਹਨਾਂ ਨੇ ਬਾਰਦਾਨੇ ਦੀ ਘਾਟ, ਖਰੀਦ ਦੀ ਸੁਸਤ ਰਫਤਾਰ ਤੇ ਅਗਲੀ ਫਸਲ ਬੀਜਣ ਵਾਸਤੇ ਡੀ ਏ ਪੀ ਦੀ ਘਾਟ ਵਰਗੇ ਮਾਮਲਿਆਂ ਦਾ ਹੱਲ ਨਹੀਂ ਕੱਢਿਆ।

ਸਰਦਾਰ ਮਜੀਠੀਆ ਨੇ ਇਹ ਵੀ ਦੱਸਿਆ ਕਿ ਕੋਰ ਕਮੇਟੀ ਨੇ ਨਵੇਂ ਪੰਥ ਵਿਰੋਧੀ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੇ ਗਠਜੋੜ ਦਾ ਵੀ ਗੰਭੀਰ ਨੋਟਿਸ ਲਿਆ ਜਿਸਦਾ ਇਕਲੌਤਾ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ। ਉਹਨਾਂ ਕਿਹਾ ਕਿ ਕੋਰ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਅਹੁਦੇਦਾਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਅਫਸਰ ਆਪ ਸਰਕਾਰ ਦੇ ਹੁਕਮਾਂ ’ਤੇ ਉਹਨਾਂ ਕੋਲ ਪਹੁੰਚ ਕਰ ਕੇ ਉਹਨਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਵਾਸਤੇ ਆਖ ਰਹੇ ਹਨ।

ਸਰਦਾਰ ਮਜੀਠੀਆ ਨੇ ਕਿਹਾ ਕਿ ਸੁਧਾਰ ਲਹਿਰ ਧੜੇ ਨੂੰ ਅਨੇਕਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਹਨਾਂ ਕਿਹਾ ਕਿ ਸੁਧਾਰ ਲਹਿਰ ਨੇ ਹਰਿਆਣਾ ਚੋਣਾਂ ਵਿਚ ਆਪ ਤੇ ਭਾਜਪਾ ਦਾ ਸਾਥ ਦਿੱਤਾ ਤੇ ਜੰਮੂ-ਕਸ਼ਮੀਰ ‌ਵਿਚ ਵੀ ਭਾਜਪਾ ਲਈ ਪ੍ਰਚਾਰ ਕੀਤਾ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਤਾਂ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਹਰਿਆਣਾ ਵਿਚ ਭਾਜਪਾ ਦੀ ਹਮਾਇਤ ਕਰਨ ਲਈ ਉਸਦਾ ਧੰਨਵਾਦ ਵੀ ਕੀਤਾ ਹੈ। ਉਹਨਾਂ ਕਿਹਾ ਕਿ ਸੁਧਾਰ ਲਹਿਰ ਤੇ ਬੀਬੀ ਜਗੀਰ ਕੌਰ ਸਪਸ਼ਟ ਕਰਨ ਕਿ ਕੀ ਉਹ ਵੀ ਇਸ ਦੇ ਹਮਾਇਤੀ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀਬੀ ਜਗੀਰ ਕੌਰ ਇਹ ਵੀ ਦੱਸਣ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਖਿਲਾਫ ਗੰਭੀਰ ਦੋਸ਼ਾਂ ਦੀ ਜਾਂਚ ਵਿਚਾਰ ਅਧੀਨ ਹੈ ਤਾਂ ਉਹ ਚੋਣ ਲੜ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ?

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਆਉਂਦੀਆਂ ਜ਼ਿਮਨੀ ਚੋਣਾਂ ਲੜੇਗਾ ਜਾਂ ਨਹੀਂ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਅਫਵਾਹਾਂ ’ਤੇ ਵਿਸਾਹ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਇਸ ਮਾਮਲੇ ’ਤੇ ਸਥਿਤੀ ਸਪਸ਼ਟ ਕਰ ਦੇਵੇਗਾ। ਉਹਨਾਂ ਕਿਹਾ ਕਿ ਸੁਧਾਰ ਲਹਿਰ ਭਾਜਪਾ ਨਾਲ ਸਮਝੌਤੇ ਤਹਿਤ ਜ਼ਿਮਨੀ ਚੋਣਾਂ ਨਹੀਂ ਲੜ ਰਿਹਾ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਸਦੀ ਮਦਦ ਦਾ ਭਰੋਸਾ ਦੁਆਇਆ ਹੈ ਜਿਸਦੇ ਬਦਲੇ ਵਿਚ ਜ਼ਿਮਨੀ ਚੋਣਾਂ ਵਿਚ ਇਹਨਾਂ ਦੀ ਮਦਦ ਮੰਗੀ ਹੈ।

ਕੋਰ ਕਮੇਟੀ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ,ਹੀਰਾ ਸਿੰਘ ਗਾਬੜੀਆ, ਇਕਬਾਲ ਸਿੰਘ ਝੂੰਦਾ, ਗੁਰਬਚਨ ਸਿੰਘ ਬੱਬੇਹਾਲੀ, ਲਖੀਬੀਰ ਸਿੰਘ ਲੋਧੀਨੰਗਲ, ਐਨ ਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਸੋਹਣ ਸਿੰਘ ਠੰਢਲ, ਹਰਮੀਤ ਸਿੰਘ ਸੰਧੂ, ਸਰਬਜੀਤ ਸਿੰਘ ਝਿੰਜਰ,ਬੀਬੀ ਹਰਗੋਬਿੰਦ ਕੌਰ ਤੇ ਅਰਸ਼ਦੀਪ ਸਿੰਘ ਕਲੇਰ ਵੀ ਹਾਜ਼ਰ ਸਨ।

Written By
The Punjab Wire