ਕਿਸਾਨਾਂ ਨੂੰ 285 ਕਰੋੜ 85 ਲੱਖ ਰੁਪਏ ਦੀ ਕੀਤੀ ਅਦਾਇਗੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 44 ਫੀਸਦ ਫਸਲ ਦੀ ਹੋਈ ਚੁਕਾਈ-ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ
ਗੁਰਦਾਸਪੁਰ, 24 ਅਕਤੂਬਰ 2024 (ਦੀ ਪੰਜਾਬ ਵਾਇਰ )। ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਨੂੰ 285 ਕਰੋੜ 85 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪਰਬੰਧ ਕੀਤੇ ਗਏ ਹਨ। ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ।
ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 65087 ਮੀਟਰਕ ਟਨ, ਮਾਰਕਫੈੱਡ ਵਲੋਂ 40210 ਮੀਟਰਕ ਟਨ, ਪਨਸਪ ਵਲੋਂ 44966 ਮੀਟਰਕ ਟਨ , ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 18815 ਅਤੇ ਐੱਫ.ਸੀ.ਆਈ ਵੱਲੋਂ 159 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ।
ਜ਼ਿਲ੍ਹੇ ਭਰ ਦੀਆਂ ਮੰਡੀਆਂ ਵਿੱਚ ਬੀਤੀ ਦੇਰ ਸ਼ਾਮ ਤੱਕ 81355 ਮੀਟਰਕ ਟਨ ਦੀ ਆਮਦ ਹੋਈ ਸੀ। ਸਰਕਾਰੀ ਖਰੀਦ ਏਜੰਸੀਆਂ ਵਲੋਂ 169237 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 44 ਫੀਸਦ ਫਸਲ ਦੀ ਚੁਕਾਈ ਕੀਤੀ ਜਾ ਚੁੱਕੀ ਹੈ।