Close

Recent Posts

ਪੰਜਾਬ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ: ਅਕਾਲੀ ਦਲ

ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਾਜਪਾ ਦੇ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ: ਅਕਾਲੀ ਦਲ
  • PublishedOctober 25, 2024

ਭਾਜਪਾ ਪ੍ਰਧਾਨ ਤੁਰੰਤ ਆਰ ਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰਨ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 25 ਅਕਤੂਬਰ 2024 (ਦੀ ਪੰਜਾਬ ਵਾਇਰ)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ਼੍ਰੋਮਣੀ ਕ੍ਰਿਸਚੀਅਨ ਕਮੇਟੀ ਦੱਸ ਕੇ ਸਿਵਲ ਸਮਾਜ ਵਿਚ ਨਫਰਤ ਫੈਲਾਉਣ ਲਈ ਭਾਜਪਾ ਦੇ ਕੌਮੀ ਬੁਲਾਰੇ ਆਰ ਪੀ ਸਿੰਘ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ ਨੂੰ ਵੀ ਆਖਿਆ ਕਿ ਉਹ ਸ੍ਰੀ ਆਰ ਪੀ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕਰ ਅਤੇ ਸਿੱਖ ਕੌਮ ਤੋਂ ਤੁਰੰਤ ਮੁਆਫੀ ਮੰਗਣ।
ਡਾ. ਚੀਮਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਦੇ ਕੌਮੀ ਬੁਲਾਰੇ ਨੇ ਜਾਣ ਬੁੱਝ ਕੇ ਭੜਕਾਊ ਬਿਆਨ ਦਿੱਤਾ ਹੈ ਜਿਸਦਾ ਇਕਲੌਤਾ ਮਕਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨਾ ਹੈ ਜੋ ਕਿ ਬਹੁਤ ਵੱਡੀ ਘਾਲਣਾ ਤੋਂ ਬਾਅਦ ਹੋਂਦ ਵਿਚ ਆਈ ਹੈ ਤੇ ਇਸ ਵਾਸਤੇ ਅੰਗਰੇਜ਼ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵੀ ਕਰਨਾ ਪਿਆ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਭਾਜਪਾ ਆਗੂ ਜਾਣ ਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਸਤੇ ਅਜਿਹੇ ਬਿਆਨ ਉਸ ਵੇਲੇ ਦੇ ਰਹੇ ਹਨ ਜਦੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਿਰ ’ਤੇ ਹਨ ਤੇ 28 ਅਕਤੂਬਰ ਨੂੰ ਪ੍ਰਧਾਨ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਬਿਆਨ ਧਾਰਮਿਕ ਘੱਟ ਗਿਣਤੀਆਂ ਨੂੰ ਗਲਤ ਸੰਦੇਸ਼ ਦੇਣ ਲਈ ਜਾਰੀ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੇ ਸ਼ਾਂਤੀਪੂਰਨ ਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਨੂੰ ਖਰਾਬ ਕਰਨ ਦੀ ਇਜਾਜ਼ਤ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਕਾਨੂੰਨ ਮੁਤਾਬਕ ਭਾਜਪਾ ਆਗੂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਸਪਸ਼ਟ ਸੰਦੇਸ਼ ਜਾਵੇ ਕਿ ਸਿੱਖਾਂ ਦੀਆਂ ਧਾਰਮਿਕ ਸੰਸਥਾਵਾਂ ’ਤੇ ਹਮਲੇ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ।

Written By
The Punjab Wire