ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਪ੍ਰਗਟਾਈ ਤਸੱਲੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 56 ਫੀਸਦ ਝੋਨੇ ਦੀ ਕਰਵਾਈ ਲਿਫਟਿੰਗ-ਡਿਪਟੀ ਕਮਿਸ਼ਨਰ
ਗੁਰਦਾਸਪੁਰ, 28 ਅਕਤੂਬਰ 2024 (ਦੀ ਪੰਜਾਬ ਵਾਇਰ )। ਪੰਜਾਬ ਦੇ ਪ੍ਰਮੁੱਖ ਸਕੱਤਰ ਵਿੱਤ,ਪੰਜਾਬ, ਸ੍ਰੀ ਏ. ਕੇ. ਸਿਨਹਾ, ਜੋ ਗੁਰਦਾਸਪੁਰ ਜਿਲ੍ਹੇ ਦੀ ਪ੍ਰਭਾਰੀ ਸਕੱਤਰ ਵੀ ਹਨ, ਉਨ੍ਹਾਂ ਵਲੋਂ ਅੱਜ ਦਾਣਾ ਮੰਡੀ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਅਤੇ ਵਡਾਲਾ ਗ੍ਰੰਥੀਆਂ ਵਿਖੇ ਝੋਨੇ ਦੀ ਖਰੀਦ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੇ ਝੋਨੇ ਦੀ ਕਰਵਾਈ ਜਾ ਰਹੀ ਲਿਫਟਿੰਗ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਵੀ ਮੌਜੂਦ ਸਨ।
ਪ੍ਰਮੁੱਖ ਸਕੱਤਰ, ਵਿੱਤ, ਸ੍ਰੀ ਏ. ਕੇ. ਸਿਨਹਾ ਨੇ ਮੌਕੇ ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਉਨਾਂ ਦੀ ਜਿਣਸ ਦੀ ਬਣਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਅਨੁਸਾਰ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਨੇ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
ਪ੍ਰਮੁੱਖ ਸਕੱਤਰ, ਵਿੱਤ, ਸ੍ਰੀ ਏ. ਕੇ. ਸਿਨਹਾ ਨੇ ਕਿਸਾਨਾਂ ਨਾਲ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਖੜੀ ਹੈ ਅਤੇ ਸਾਰੀਆਂ ਧਿਰਾਂ ਦੇ ਸਹਿਯੋਗ ਨਾਲ ਝੋਨੇ ਦੀ ਸਮੁੱਚੀ ਪ੍ਰਕਿਰਿਆ ਨਿਰਵਿਘਨ ਮੁਕੰਮਲ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਸ਼ੈਲਰ ਮਾਲਕ, ਪੰਜਾਬ ਸਰਕਾਰ ਨੂੰ ਸਹਿਯੋਗ ਦੇ ਰਹੇ ਹਨ ਅਤੇ ਲਿਫਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਹਨਾਂ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨਾ ਲਿਆਉਣ ਵਾਲੇ ਕਿਸਾਨਾਂ ਦੀ ਫਸਲ ਖਰੀਦ ਕੇ ਉਹਨਾਂ ਨੂੰ ਤਰਜੀਹੀ ਅਧਾਰ ‘ਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਕਿ ਕਿਸਾਨ ਵੀਰ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਪਰਿਵਾਰਾਂ ਵਿੱਚ ਮਨਾ ਸਕਣ। ਉਨਾਂ ਦੁਹਰਾਇਆ ਕਿ ਅਨਾਜ ਮੰਡੀਆਂ ਵਿੱਚ ਝੋਨੇ ਦਾ ਦਾਣਾ- ਦਾਣਾ ਖਰੀਦਿਆ ਜਾਵੇਗਾ।
ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਪੁਖਤਾ ਪ੍ਰਬੰਧ ਕੀਤੇ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ 56 ਫੀਸਦ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਉਹਨਾਂ ਵੱਲੋਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਨਾਲੋਂ ਨਾਲ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਉਨਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ‘ਤੇ ਉਹ ਨਿੱਜੀ ਤੌਰ ‘ਤੇ ਨਜ਼ਰ ਰੱਖ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲ ਲਿਆਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ 331990 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 303746 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 550.81 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।
ਇਸ ਮੌਕੇ ਸੁਖਜਿੰਦਰ ਸਿੰਘ, ਡੀਐਫਐਸਸੀ, ਡੀਐਮਓ ਕੁਲਜੀਤ ਸਿੰਘ, ਖਰੀਦ ਏਜੰਸੀਆਂ ਦੇ ਨੁਮਾਇੰਦੇ, ਆੜਤੀ ਤੇ ਕਿਸਾਨ ਆਦਿ ਹਾਜਰ ਸਨ।