ਪੰਜਾਬ ਮੁੱਖ ਖ਼ਬਰ

ਸਖ਼ਤੀ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਲਈ ਚੱਲ ਰਹੀ ਮੁਹਿੰਮ ਦੌਰਾਨ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ

ਸਖ਼ਤੀ- ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਰਾਲੀ ਨਾ ਸਾੜਨ ਲਈ ਚੱਲ ਰਹੀ ਮੁਹਿੰਮ ਦੌਰਾਨ ਡਿਊਟੀ ਵਿੱਚ ਕੁਤਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਜਾਰੀ
  • PublishedOctober 30, 2024

ਐੱਸ. ਐੱਚ. ਓ, ਘਣੀਏ ਕੇ ਬਾਂਗਰ, ਐੱਸ ਐੱਚ ਓ, ਰੰਗੜ ਨੰਗਲ ਅਤੇ ਨੋਡਲ ਅਫਸਰ, ਪੰਚਾਇਤ ਸਕੱਤਰਾਂ ਅਤੇ ਕਲੱਸਟਰ ਅਫਸਰ,ਜੇ.ਈ, ਪੀ.ਐੱਸ.ਪੀ.ਸੀ.ਐੱਲ ਖਿਲਾਫ਼ ਕਾਰਵਾਈ ਕਰਨ ਦੇ ਦਿੱਤੇ ਆਦੇਸ਼

ਤਿੰਨ ਨੰਬਰਦਾਰ ਤੁਰੰਤ ਪ੍ਰਭਾਵ ਤੋਂ ਕੀਤੇ ਮੁਅੱਤਲ

ਡਿਊਟੀ ਵਿੱਚ ਲਾਪਰਵਾਹੀ ਜਾਂ ਕੁੁਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਕਤੂਬਰ 2024 (ਦੀ ਪੰਜਾਬ ਵਾਇਰ)। ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਪਰਾਲੀ ਨਾ ਸਾੜਨ ਲਈ ਚੱਲ ਰਹੀ ਮੁਹਿੰਮ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਹੁਕਮ ਕੀਤੇ ਹਨ।

ਡਿਪਟੀ ਕਮਿਸ਼ਨਰ ਵਲੋ ਐੱਸ. ਐੱਚ. ਓ, ਘਣੀਏ ਕੇ ਬਾਂਗਰ ਅਤੇ ਐੱਸ ਐੱਚ ਓ, ਰੰਗੜ ਨੰਗਲ ਦੇ ਖਿਲਾਫ ਕਾਰਵਾਈ ਕਰਨ ਲਈ ਸੀਨੀਅਰ ਪੁਲਿਸ ਕਪਤਾਨ, ਬਟਾਲਾ ਨੂੰ ਕਿਹਾ ਗਿਆ ਹੈ।

ਨੋਡਲ ਅਫਸਰ, ਦਲਜੀਤ ਸਿੰਘ ਪੰਚਾਇਤ ਸਕੱਤਰ ਦੇ ਖਿਲਾਫ ਕਾਰਵਾਈ ਕਰਨ ਲਈ ਇਲਾਕਾ ਮੈਜਿਸਟਰੇਟ ਨੂੰ ਧਾਰਾ ਸੈਕਸ਼ਨ 14(2) ਤਹਿਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਇਸੇ ਤਰ੍ਹਾਂ ਨੋਡਲ ਅਫਸਰ ਜਸਪਾਲ ਸਿੰਘ, ਪੰਚਾਇਤ ਸਕੱਤਰ ਦੇ ਖਿਲਾਫ ਕਾਰਵਾਈ ਕਰਨ ਲਈ ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਚੰਡੀਗੜ੍ਹ ਨੂੰ ਕਿਹਾ ਗਿਆ ਹੈ।

ਕਲੱਸਟਰ ਅਫਸਰ, ਸੁਨੀਲ ਕੁਮਾਰ, ਜੇ.ਈ, ਪੀ.ਐੱਸ.ਪੀ.ਸੀ.ਐੱਲ ਦੇ ਖਿਲਾਫ ਕਾਰਵਾਈ ਕਰਨ ਲਈ ਪ੍ਰਬੰਧਕੀ ਸਕੱਤਰ ਬਿਜਲੀ ਵਿਭਾਗ,ਪੰਜਾਬ, ਚੰਡੀਗੜ੍ਹ ਨੂੰ ਕਿਹਾ ਗਿਆ ਹੈ।

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਵਲੋਂ ਤਿੰਨ ਨੰਬਰਦਾਰ, ਮੁਖਤਿਆਰ ਸਿੰਘ, ਭਜਨ ਸਿੰਘ ਅਤੇ ਬਲਰਾਜ ਸਿੰਘ ਨੂੰ ਵੀ ਤੁਰੰਤ ਪ੍ਰਭਾਵ ਤੋਂ ਮੁਅੱਤਲ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸਖ਼ਤ ਸਬਦਾਂ ਵਿੱਚ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਦਿਨ ਰਾਤ ਪਰਾਲੀ ਨਾ ਸਾੜਨ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਡਿਊਟੀ ਵਿੱਚ ਲਾਪਰਵਾਹੀ ਜਾਂ ਕੁਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਡਿਊਟੀ ਕਰ ਰਹੇ ਵੱਖ-ਵੱਖ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਸੁਚਾਰੂ ਢੰਗ ਨਾਲ ਨਿਭਾਉਣ ਅਤੇ ਜਿਲ੍ਹੇ ਵਿੱਚ ਚੱਲ ਰਹੀ ਮੁਹਿੰਮ ਨੂੰ ਸਫਲ ਕਰਨ ਲਈ ਸਹਿਯੋਗ ਕਰਨ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਾਨਯੋਗ ਸੁਪਰੀਮ ਕੋਰਟ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ/ਨਾੜ ਨੂੰ ਅੱਗ ਨਾ ਲਗਾਈ ਜਾਵੇ।

ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸੁਰਿੰਦਰ ਸਿੰਘ

ਪਰਾਲੀ ਨਾ ਸਾੜਨ ਲਈ ਵਿੱਢੀ ਮੁਹਿੰਮ ਵਿੱਚ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਹੋਵੇਗੀ-ਵਧੀਕ ਡਿਪਟੀ ਕਮਿਸ਼ਨਰ, ਸੁਰਿੰਦਰ ਸਿੰਘ :

ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ, ਸੁਰਿੰਦਰ ਸਿੰਘ, ਜੋ ਜਿਲ੍ਹੇ ਵਿੱਚ ਪਰਾਲੀ ਨਾ ਸਾੜਨ ਵਿਰੁੱਧ ਚਲਾਈ ਗਈ ਮੁਹਿੰਮ ਦੇ ਨੋਡਲ ਅਫਸਰ ਵੀ ਹਨ, ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕਿਸੇ ਤਰ੍ਹਾਂ ਦੀ ਕੋਈ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰੋਜ਼ਾਨਾ ਫੀਲਡ ਵਿੱਚ ਕੰਮ ਰਹੇ ਸਿਵਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਅਣਗਹਿਲੀ ਵਰਤਨ ਵਾਲਿਆਂ ਖਿਲਾਫ਼ ਨੋਟਿਸ ਕੱਢਣ ਤੋਂ ਇਲਾਵਾ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਪਰਾਲੀ ਨਾ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇਗਾ। ਇਸ ਲਈ ਸਮੂਹ ਅਧਿਕਾਰੀ ਆਪਣੀ ਡਿਊਟੀ ਤਨਦੇਹੀ, ਇਮਾਨਦਾਰੀ ਅਤੇ ਮਿਹਨਤ ਨਾਲ ਕਰਨ ਤਾਂ ਜੋ ਗੁਰਦਾਸਪੁਰ ਜਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ ਕੀਤਾ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਨਿਵੇਕਲੀ ਪਹਿਲ ਕਦਮੀ ਕਰਦਿਆਂ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪਿੰਡ ਪੱਧਰ ਤੱਕ ਨੋਡਲ ਅਫਸਰ ਤਾਇਨਾਤ ਕੀਤੇ ਗਏ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਡਿਪਟੀ ਕਮਿਸ਼ਨਰ ਦੀ ਸੁਚੱਜੀ ਅਗਵਾਈ ਹੇਠ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ । ਇਸ ਲਈ ਕਿਸਾਨ ਪਰਾਲੀ ਨਾ ਸਾੜਨ ਅਤੇ ਪਰਾਲੀ ਪ੍ਰਬੰਧਨ ਲਈ ਸਹਿਯੋਗ ਕਰਨ।

ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਖੇਤੀ ਮਸ਼ੀਨਰੀ ਮੌਜੂਦ-ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ:

ਸੁਰਿੰਦਰਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਜ਼ਿਲੇ ਵਿੱਚ ਲਗਭਗ 6337 ਖੇਤੀ ਮਸ਼ੀਨਾਂ ਮੁੱਹਈਆ ਕਰਵਾਈਆਂ ਗਈਆਂ ਹਨ, ਜਿਨਾਂ ਵਿੱਚ ਬੇਲਰ, ਹੈਪੀ ਸੀਡਰ, ਸੁਪਰ ਸੀਡਰ, ਚੌਪਰ ਸਟਰਾਅ ਰਿਪਰ ਤੇ ਹੀਰੋ ਡਰਿੱਲ ਆਦਿ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀ, ਪਿੰਡਾਂ ਵਿੱਚ ਸਹਿਕਾਰੀ ਸਭਾਵਾਂ ਕੋਲ ਉਪਲਬਧ ਮਸ਼ੀਨਰੀ ਬਾਰੇ ਸੂਚਨਾ, ਪਿੰਡਾਂ ਵਿੱਚ ਜਾ ਕੇ ਖੁਦ ਦੱਸ ਰਹੇ ਹਨ, ਤਾਂ ਜੋ ਕਿਸਾਨ ਆਪਣੀ ਲੋੜ ਮੁਤਾਬਕ ਖੇਤੀ ਮਸ਼ੀਨਰੀ ਹਾਸਲ ਕਰਕੇ, ਉਸ ਦੀ ਵਰਤੋਂ ਨੂੰ ਯਕੀਨੀ ਬਣਾ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਆਪਣੇ ਬਲਾਕ ਅਫਸਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਹੈਲਪ ਲਾਈਨ ਨੰ 1800-180-1852 ਤੇ ਸੰਪਰਕ ਕਰਨ।

Written By
The Punjab Wire