ਪੰਜਾਬ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
  • PublishedNovember 6, 2024

ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

ਗ੍ਰਿਫਤਾਰ ਮੁਲਜ਼ਮ ਕਰਨਦੀਪ ਸਿੰਘ ਵਿਦੇਸ਼ੀ ਗੈਂਗਸਟਰ ਗੁਰਦੇਵ ਜੈਸਲ ਦੇ ਸਿੱਧੇ ਸੰਪਰਕ ਵਿੱਚ ਸੀ: ਡੀ.ਜੀ.ਪੀ. ਗੌਰਵ ਯਾਦਵ

ਪਾਕਿ-ਅਧਾਰਤ ਤਸਕਰਾਂ ਵੱਲੋਂ ਨਸ਼ੇ ਦੀ ਖੇਪ ਪਹੁੰਚਾਉਣ ਲਈ ਕੀਤੀ ਜਾਂਦੀ ਸੀ ਡਰੋਨਾਂ ਦੀ ਵਰਤੋਂ : ਡੀਜੀਪੀ ਪੰਜਾਬ

ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀ ਦੀ ਉਮੀਦ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 6 ਨਵੰਬਰ 2024 (ਦੀ ਪੰਜਾਬ ਵਾਇਰ)। ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ ਦੇ ਸ਼ਹਿਰ ਮਾਸਕੋ ਵਿੱਚ ਰਹਿ ਰਿਹਾ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਪਰਤਣ ਤੋਂ ਬਾਅਦ, ਮੁਲਜ਼ਮ ਕਰਨਦੀਪ ਨੇ ਵੱਖ-ਵੱਖ ਸੋਸ਼ਲ ਮੀਡੀਆ ਐਪਸ ਦੀ ਵਰਤੋਂ ਕਰਕੇ ਪਾਕਿ ਸਥਿਤ ਨਸ਼ਾ ਤਸਕਰਾਂ ਨਾਲ ਸੰਪਰਕ ਕਾਇਮ ਕੀਤੇ ਅਤੇ ਅੰਮ੍ਰਿਤਸਰ ਅਤੇ ਗੁਆਂਢੀ ਜ਼ਿਲਿ੍ਹਆਂ ਵਿੱਚ ਅੱਗੇ ਨਸ਼ਿਆਂ ਦੀ ਸਪਲਾਈ ਕਰਨ ਲਈ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਪਾਕਿ-ਅਧਾਰਤ ਸਮੱਗਲਰਾਂ ਵੱਲੋਂ ਸੂਬੇ ਦੇ ਵੱਖ-ਵੱਖ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ।

ਡੀਜੀਪੀ ਨੇ ਕਿਹਾ ਕਿ ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਮੁਲਜ਼ਮ ਕਰਨਦੀਪ ਵਿਦੇਸ਼ ਵਿੱਚ ਰਹਿੰਦੇ ਗੈਂਗਸਟਰ ਗੁਰਦੇਵ ਉਰਫ਼ ਜੈਸਲ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿੱਚ ਪੁਲਿਸ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਅੱਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਤਫ਼ਤੀਸ਼ ਜਾਰੀ ਹੈ।

ਜ਼ਿਕਰਯੋਗ ਹੈ ਕਿ ਗੁਰਦੇਵ ਜੈਸਲ ਕੈਨੇਡਾ ਸਥਿਤ ਅੱਤਵਾਦੀ ਲਖਬੀਰ ਉਰਫ ਲੰਡਾ ਅਤੇ ਸਤਬੀਰ ਸਿੰਘ ਉਰਫ ਸੱਤਾ ਦਾ ਮੁੱਖ ਸੰਚਾਲਕ ਹੈ, ਜੋ ਪੁਲਸ ਸਟੇਸ਼ਨ ਸਰਹਾਲੀ ’ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਅਤੇ ਪੰਜਾਬ ’ਚ ਮਿੱਥ ਕੇ ਕਤਲ ਕਰਨ ਦੀਆਂ ਕਈ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।

ਇਸ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫ਼ੀਆ ਇਤਲਾਹ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼-1 ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ’ਤੇ ਪੁਲੀ ਸੂਆ ਨੇੜੇ ਨਾਕਾ ਲਗਾਇਆ ਅਤੇ ਤਿੰਨੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਾਹਨ ’ਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕੀਤੀ।

ਸੀ.ਪੀ. ਨੇ ਕਿਹਾ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਦੀ ਆਸ ਹੈ।

ਇਸ ਸਬੰਧ ਵਿੱਚ ਐਫ.ਆਈ.ਆਰ. ਨੰਬਰ 44 ਮਿਤੀ 05.11.2024 ਅਧੀਨ ਥਾਣਾ ਏਅਰਪੋਰਟ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾ 21ਸੀ,22ਸੀ ਅਤੇ 23 ਤਹਿਤ ਕੇਸ ਦਰਜ ਕੀਤਾ ਗਿਆ ਹੈ।

Written By
The Punjab Wire